#CANADA

ਕੈਨੇਡਾ ‘ਚ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖਤਰਾ!

-ਭਾਰਤੀ ਵਿਦਿਆਰਥੀਆਂ ‘ਤੇ ਪਵੇਗਾ ਸਭ ਤੋਂ ਵੱਧ ਅਸਰ
ਟੋਰਾਂਟੋ, 28 ਅਗਸਤ (ਪੰਜਾਬ ਮੇਲ)- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੇ ਨਵੀਂ ਫੈਡਰਲ ਨੀਤੀ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਦਰਅਸਲ ਇਸ ਨੀਤੀ ਕਾਰਨ ਕੈਨੇਡਾ ਵਿਚ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦਾ ਖਤਰਾ ਹੈ ਅਤੇ ਇਸ ਦਾ ਸਭ ਤੋਂ ਵੱਧ ਅਸਰ ਭਾਰਤੀ ਵਿਦਿਆਰਥੀਆਂ ‘ਤੇ ਪਵੇਗਾ। ਦਰਅਸਲ ਕੈਨੇਡੀਅਨ ਸਰਕਾਰ ਨੇ ਹਾਲ ਹੀ ਵਿਚ ਆਪਣੀ ਇਮੀਗ੍ਰੇਸ਼ਨ ਨੀਤੀ ਵਿਚ ਕੁਝ ਬਦਲਾਅ ਕੀਤੇ ਹਨ। ਇਨ੍ਹਾਂ ਤਬਦੀਲੀਆਂ ਕਾਰਨ 70 ਹਜ਼ਾਰ ਤੋਂ ਵੱਧ ਗ੍ਰੈਜੂਏਟ ਵਿਦਿਆਰਥੀਆਂ ਦਾ ਭਵਿੱਖ ਅਨਿਸ਼ਚਿਤਤਾ ਵਿਚ ਹੈ।
ਕੈਨੇਡਾ ਦੇ ਪ੍ਰਿੰਸ ਐਡਵਰਡ ਆਈਲੈਂਡ ਦੀ ਵਿਧਾਨ ਸਭਾ ਦੇ ਬਾਹਰ ਭਾਰਤੀ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਦੇ ਪ੍ਰਦਰਸ਼ਨ ਓਨਟਾਰੀਓ, ਮੈਨੀਟੋਬਾ ਅਤੇ ਬ੍ਰਿਟਿਸ਼ ਕੋਲੰਬੀਆ ਸੂਬਿਆਂ ਵਿਚ ਵੀ ਹੋਏ ਹਨ। ਇਮੀਗ੍ਰੇਸ਼ਨ ਨੀਤੀ ਵਿਚ ਬਦਲਾਅ ਦੇ ਹਿੱਸੇ ਵਜੋਂ ਕੈਨੇਡਾ ਸਰਕਾਰ ਸਥਾਈ ਨਿਵਾਸ ਲਈ ਨਾਮਜ਼ਦਗੀਆਂ ਦੀ ਗਿਣਤੀ ਨੂੰ 25 ਪ੍ਰਤੀਸ਼ਤ ਤੱਕ ਘਟਾਉਣ ਦੀ ਤਿਆਰੀ ਕਰ ਰਹੀ ਹੈ ਅਤੇ ਕੈਨੇਡਾ ਵਿਚ ਪੜ੍ਹਨ ਲਈ ਪਰਮਿਟਾਂ ਦੀ ਗਿਣਤੀ ਵੀ ਘਟਾਈ ਜਾਵੇਗੀ। ਵਰਣਨਯੋਗ ਹੈ ਕਿ ਕੈਨੇਡਾ ਵਿਚ ਪਿਛਲੇ ਕੁਝ ਸਾਲਾਂ ਵਿਚ ਆਬਾਦੀ ਤੇਜ਼ੀ ਨਾਲ ਵਧੀ ਹੈ ਅਤੇ ਇਸ ਆਬਾਦੀ ਵਿਚ ਲਗਭਗ 97 ਫੀਸਦੀ ਵਾਧੇ ਵਿਚ ਪ੍ਰਵਾਸੀ ਸ਼ਾਮਲ ਹਨ। ਇਸ ਲਈ ਕੈਨੇਡੀਅਨ ਸਰਕਾਰ ਦੇਸ਼ ਵਿਚ ਆਉਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਨੂੰ ਸੀਮਤ ਕਰਨਾ ਚਾਹੁੰਦੀ ਹੈ।