#PUNJAB

ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ,  5 ਸਤੰਬਰ (ਪੰਜਾਬ ਮੇਲ)-  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਿੱਖ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਪੰਜ ਪਿਆਰੇ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਪੁੱਜੀਆਂ ਹੋਈਆਂ ਸਨ।

ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਵੱਲੋਂ ਗਤਕਾ ਪ੍ਰਦਰਸ਼ਨ ਦੇ ਨਾਲ-ਨਾਲ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਰਸਤੇ ਵਿਚ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਖਿੱਚ ਦਾ ਕੇਂਦਰ ਰਹੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਦੀਪਮਾਲਾ ਨਾਲ ਸਜਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗੁਰਮਤਿ ਸਮਾਗਮ ਅੰਦਰ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ।