#PUNJAB

ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲਈ ਤਿਆਰੀ ਖਿੱਚੀ

ਚੰਡੀਗੜ੍ਹ, 5 ਸਤੰਬਰ (ਪੰਜਾਬ ਮੇਲ)- ਪੰਜਾਬ ਦੀ ਸਿਆਸਤ ਵਿੱਚ ਲੰਬਾ ਸਮਾਂ ਰਾਜ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਮੌਜੂਦਾ ਸਮੇਂ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਦੌਰਾਨ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀ ਜ਼ਿਮਨੀ ਚੋਣ ਵਿਚ ਜ਼ੋਰ-ਸ਼ੋਰ ਨਾਲ ਚੋਣ ਮੈਦਾਨ ਵਿਚ ਨਿਤਰਣ ਦੀਆਂ ਤਿਆਰੀਆਂ ਖਿੱਚ ਲਈਆਂ ਹਨ। ਇਨ੍ਹਾਂ ਚੋਣਾਂ ਲਈ ਪਾਰਟੀ ਵੱਲੋਂ ਰਣਨੀਤੀ ਤਿਆਰੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੇ ਬਰਨਾਲਾ ਜ਼ਿਮਨੀ ਚੋਣ ‘ਚ ਚੋਣ ਪ੍ਰਚਾਰ ਲਈ ਪ੍ਰਚਾਰ ਮੁਹਿੰਮ ਦੇ ਇੰਚਾਰਜ ਨਿਯੁਕਤ ਕੀਤੇ ਗਏ ਹਨ। ਹਾਲਾਂਕਿ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੇ ਚੱਬੇਵਾਲ ਲਈ ਪ੍ਰਚਾਰ ਮੁਹਿੰਮ ਦਾ ਇੰਚਾਰਜ ਕਿਸੇ ਨੂੰ ਨਹੀਂ ਲਗਾਇਆ ਗਿਆ।
ਸ਼੍ਰੀ ਭੂੰਦੜ ਨੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਦੀ ਜ਼ਿਮਨੀ ਚੋਣ ਲਈ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ ਲਗਾਇਆ ਗਿਆ ਹੈ। ਇਸੇ ਤਰ੍ਹਾਂ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਲਈ ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰ ਅਤੇ ਇਕਬਾਲ ਸਿੰਘ ਝੂੰਦਾ ਨੂੰ ਬਰਨਾਲਾ ਦਿਹਾਤੀ ਵਿਚ ਪ੍ਰਚਾਰ ਮੁਹਿੰਮ ਦਾ ਇੰਚਾਰਜ ਲਗਾਇਆ ਗਿਆ ਹੈ।
ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰਚਾਰ ਮੁਹਿੰਮ ਦੇ ਨਵੇਂ ਇੰਚਾਰਜਾਂ ਨੂੰ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਖਾਕਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਇੰਚਾਰਜ ਹਲਕਿਆਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਨਗੇ ਅਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦੀ ਅਗਵਾਈ ਕਰਨਗੇ ਅਤੇ ਕੇਡਰ ਨੂੰ ਬੂਥ ਵਾਈਜ਼ ਡਿਊਟੀਆਂ ਸੌਂਪਣਗੇ।