#PUNJAB

ਚੰਡੀਗੜ੍ਹ ਗ੍ਰਨੇਡ ਧਮਾਕਾ ਮਾਮਲਾ: ਮੁੱਖ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਅਦਾਲਤ ਨੇ ਮੁਲਜ਼ਮ ਨੂੰ ਹਥਿਆਰਾਂ ਦੀ ਤਸਕਰੀ ਦੇ ਮਾਮਲੇ ‘ਚ ਸੱਤ ਰੋਜ਼ਾ ਪੁਲਿਸ ਰਿਮਾਂਡ ‘ਤੇ ਭੇਜਿਆ
ਚੰਡੀਗੜ੍ਹ/ਅੰਮ੍ਰਿਤਸਰ, 13 ਸਤੰਬਰ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਚੰਡੀਗੜ੍ਹ ਗ੍ਰਨੇਡ ਹਮਲੇ ਮਾਮਲੇ ‘ਚ ਅੱਜ ਇੱਕ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਨਾਲ ਹੀ ਦਾਅਵਾ ਕੀਤਾ ਕਿ ਇਸ ਹਮਲੇ ਪਿੱਛੇ ਪਾਕਿਸਤਾਨ ਆਧਾਰਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਅਮਰੀਕਾ ਆਧਾਰਿਤ ਗੈਂਗਸਟਰ ਹਰਪ੍ਰੀਤ ਸਿੰਘ ਹੈਪੀ ‘ਪਸ਼ੀਆ’ ਮੁੱਖ ਸਾਜ਼ਿਸ਼ਘਾੜੇ ਸਨ। ਚੰਡੀਗੜ੍ਹ ਦੇ ਸੈਕਟਰ-10 ਇਹ ਧਮਾਕਾ ਬੁੱਧਵਾਰ ਨੂੰ ਹੋਇਆ ਸੀ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰੋਹਨ ਮਸੀਹ ਵਾਸੀ ਪਿੰਡ ਪਸ਼ੀਆ, ਅੰਮ੍ਰਿਤਸਰ ਵਜੋਂ ਹੋਈ ਹੈ, ਜਿਸ ਕੋਲੋਂ ਗੋਲੀ-ਸਿੱਕੇ ਤੋਂ ਇਲਾਵਾ ਇੱਕ 9 ਐੱਮ.ਐੱਮ. ਗਲੌਕ ਪਿਸਤੌਲ ਵੀ ਬਰਾਮਦ ਹੋਇਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਇਸ ਕੇਸ ‘ਚ ਹੋਰ ਮੁਲਜ਼ਮਾਂ ਨੂੰ ਫੜਨ ਲਈ ਛਾਪੇ ਮਾਰੇ ਜਾ ਰਹੇ ਹਨ। ਇਸ ਦੌਰਾਨ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਅੰਮ੍ਰਿਤਸਰ ਦੀ ਪੁਲਿਸ ਨੇ ਚੰਡੀਗੜ੍ਹ ਗ੍ਰਨੇਡ ਧਮਾਕੇ ਦੇ ਮਾਮਲੇ ਵਿਚ ਗ੍ਰਿਫ਼ਤਾਰ ਰੋਹਨ ਮਸੀਹ ਨੂੰ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਮਲੇ ‘ਚ ਅਦਾਲਤ ‘ਚ ਪੇਸ਼ ਕੀਤਾ, ਜਿਥੋਂ ਅਦਾਲਤ ਨੇ ਉਸ ਨੂੰ ਸੱਤ ਰੋਜ਼ਾ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।