ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਮੇਲ)-ਜਥੇਬੰਦੀ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਵਾਸਤੇ ਗੁਰਦਾਸਪੁਰ ਅਤੇ ਪਠਾਨਕੋਟ ਦੇ ਰੇਲਵੇ ਸਟੇਸ਼ਨਾਂ ਉੱਤੇ ਪੋਸਟਰ ਲਾਉਣ ਮਗਰੋਂ ਅੱਜ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ’ਤੇ ਵੀ ਉਸ ਦੀ ਗ੍ਰਿਫ਼ਤਾਰੀ ਦੀ ਸੂਚਨਾ ਦੇਣ ਸਬੰਧੀ ਪੋਸਟਰ ਲਾਏ ਗਏ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਰੂਪੋਸ਼ ਹੈ ਅਤੇ ਪੁਲੀਸ ਉਸ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਯਤਨ ਕਰ ਰਹੀ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਲਈ ਅੱਜ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਦੇ ਮੁੱਖ ਗੇਟ ਸਮੇਤ ਹੋਰਨਾਂ ਥਾਵਾਂ ਪੋਸਟਰ ਲਾਏ ਗਏ ਹਨ। ਪੋਸਟਰਾਂ ਰਾਹੀਂ ਪੁਲੀਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਦੇ ਟਿਕਾਣੇ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਹੇਠਾਂ ਦਿੱਤੇ ਗਏ ਨੰਬਰਾਂ ਉਪਰ ਪੁਲੀਸ ਨੂੰ ਸੂਚਿਤ ਕਰਨ। ਇਸ ਸਬੰਧੀ ਜਾਣਕਾਰੀ ਦੇਣ ਵਾਲੇ ਦਾ ਪਤਾ ਪੁਲੀਸ ਵੱਲੋਂ ਗੁਪਤ ਰੱਖਿਆ ਜਾਵੇਗਾ। ਪੁਲੀਸ ਦੇ ਉੱਚ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਅਤੇ ਅਟਾਰੀ ਸਰਹੱਦ ’ਤੇ ਵੀ ਅਜਿਹੇ ਪੋਸਟਰ ਲਾਏ ਗਏ ਹਨ।