-ਕੈਨੇਡਾ ਤੋਂ ਭਾਰਤ ਤੱਕ ਹਿੰਸਾ ਦੀ ਚਰਚਾ
ਓਟਾਵਾ, 6 ਨਵੰਬਰ (ਪੰਜਾਬ ਮੇਲ)- ਕੈਨੇਡਾ ਦੇ ਬਰੈਂਪਟਨ ‘ਚ ਹਿੰਦੂ ਮੰਦਰ ‘ਚ ਹਾਲ ਵਿਚ ਹੋਈ ਹਿੰਸਾ ‘ਤੇ ਮੰਗਲਵਾਰ ਨੂੰ ਦੇਸ਼ ਦੀ ਸੰਸਦ ‘ਚ ਨੇਤਾਵਾਂ ਦੇ ਬਿਆਨ ਸਾਹਮਣੇ ਆਏ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਵਿਰੋਧੀ ਧਿਰ ਕੰਜ਼ਰਵੇਟਿਵ ਆਗੂ ਪਿਏਰੇ ਪੋਲੀਵਰੇ ਨੇ ਹਿੰਸਾ ਦੀ ਨਿੰਦਾ ਕੀਤੀ। ਹਾਲਾਂਕਿ ਜਸਟਿਨ ਟਰੂਡੋ ਨੇ ਆਪਣੇ ਭਾਸ਼ਣ ਦੌਰਾਨ ਬਰੈਂਪਟਨ ਦੇ ਹਿੰਦੂ ਸਭਾ ਟੈਂਪਲ ਜਾਂ ਖਾਲਿਸਤਾਨ ਸ਼ਬਦ ਦਾ ਜ਼ਿਕਰ ਨਹੀਂ ਕੀਤਾ। ਸਿੱਖਾਂ ਅਤੇ ਹਿੰਦੂਆਂ ਨੂੰ ਦੱਖਣੀ ਏਸ਼ੀਆਈ ਭਾਈਚਾਰਿਆਂ ਦੱਸਦਿਆਂ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਹਿੰਸਾ ਕਰਨ ਵਾਲਿਆਂ ਨੂੰ ਕਿਸੇ ਵੀ ਧਰਮ ਦੇ ਪ੍ਰਤੀਨਿਧ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੰਗਲਵਾਰ ਨੂੰ ਹਾਊਸ ਆਫ ਕਾਮਨਜ਼ (ਕੈਨੇਡੀਅਨ ਪਾਰਲੀਮੈਂਟ) ‘ਚ ਕਿਹਾ, ‘ਪਿਛਲੇ ਕੁਝ ਦਿਨਾਂ ‘ਚ ਅਸੀਂ ਦੇਸ਼ ‘ਚ ਦੱਖਣੀ ਏਸ਼ੀਆਈ ਭਾਈਚਾਰਿਆਂ ‘ਚ ਹਿੰਸਾ ਦੇਖੀ ਹੈ, ਜਿਸ ਦੀ ਅਸੀਂ ਨਿੰਦਾ ਕਰਦੇ ਹਾਂ। ਮੈਂ ਇਹ ਬਿਲਕੁਲ ਸਪੱਸ਼ਟ ਕਰ ਦੇਵਾਂ ਕਿ ਜਿਹੜੇ ਲੋਕ ਹਿੰਸਾ ਅਤੇ ਨਫ਼ਰਤ ਨੂੰ ਭੜਕਾਉਂਦੇ ਹਨ, ਉਹ ਕਿਸੇ ਵੀ ਤਰ੍ਹਾਂ ਕੈਨੇਡਾ ਵਿਚ ਸਿੱਖ ਜਾਂ ਹਿੰਦੂ ਭਾਈਚਾਰੇ ਦੀ ਪ੍ਰਤੀਨਿਧਤਾ ਨਹੀਂ ਕਰਦੇ। ਅਸਲ ਵਿਚ ਟਰੂਡੋ ਨੇ ਹਿੰਦੂਆਂ ਅਤੇ ਸਿੱਖਾਂ ਨੂੰ ਦੱਖਣੀ ਏਸ਼ੀਆਈ ਭਾਈਚਾਰਿਆਂ ਵਜੋਂ ਸੰਬੋਧਨ ਕੀਤਾ।
ਵਿਰੋਧੀ ਧਿਰ ਦੇ ਨੇਤਾ ਪਿਏਰੇ ਪੋਲੀਵਰੇ ਨੇ ਹਾਊਸ ਆਫ ਕਾਮਨਜ਼ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਬੁਰੀ ਤਰ੍ਹਾਂ ਘੇਰਿਆ। ਉਨ੍ਹਾਂ ਨੇ ਬਰੈਂਪਟਨ ਮੰਦਰ ਵਿਚ ਹੋਈ ਹਿੰਸਾ ਦੀ ਨਿਖੇਧੀ ਕਰਦਿਆਂ ਪੁੱਛਿਆ ਕਿ ਅਜਿਹੀ ਸਥਿਤੀ ਕਿਉਂ ਪੈਦਾ ਹੋਈ। ਪੋਲੀਵਰੇ ਨੇ ਟਰੂਡੋ ‘ਤੇ ਘਰੇਲੂ ਆਰਥਿਕ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਦੱਖਣੀ ਏਸ਼ੀਆਈ ਭਾਈਚਾਰਿਆਂ ‘ਚ ਹਿੰਸਾ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ। ਪੋਲੀਵਰੇ ਨੇ ਕਿਹਾ, ”ਅੱਜ ਅਸੀਂ ਬਰੈਂਪਟਨ ਦੀਆਂ ਸੜਕਾਂ ‘ਤੇ ਫਿਰਕੂ ਝੜਪਾਂ ਦੇਖ ਰਹੇ ਹਾਂ।” ਪ੍ਰਧਾਨ ਮੰਤਰੀ ਟਰੂਡੋ ਦੇ ਸੱਤਾ ਵਿਚ ਆਉਣ ਤੋਂ ਪਹਿਲਾਂ ਦੇਸ਼ ਵਿਚ ਅਜਿਹਾ ਕਦੇ ਨਹੀਂ ਹੋਇਆ ਸੀ। ਅਜਿਹਾ ਲੱਗਦਾ ਹੈ ਕਿ ਉਨ੍ਹਾਂ ਨੇ ਲੋਕਾਂ ਨੂੰ ਵੰਡਣ ਦਾ ਕੰਮ ਕੀਤਾ ਅਤੇ ਉਸ ਵੰਡ ਦਾ ਨਤੀਜਾ ਇਹ ਹਿੰਸਾ ਹੈ। ਕੀ ਪ੍ਰਧਾਨ ਮੰਤਰੀ ਟਰੂਡੋ ਆਪਣੀ ਵੰਡ ਅਤੇ ਨਤੀਜੇ ਵਜੋਂ ਹੋਈ ਹਿੰਸਾ ਦੀ ਜ਼ਿੰਮੇਵਾਰੀ ਲੈਣਗੇ।
ਕੈਨੇਡਾ ਦੇ ਬਰੈਂਪਟਨ ਵਿਚ ਵਾਪਰੀ ਹਿੰਸਾ ਦੀ ਚਰਚਾ ਕੈਨੇਡਾ ਵਿਚ ਹੀ ਨਹੀਂ, ਸਗੋਂ ਭਾਰਤ ਵਿਚ ਵੀ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡਾ ‘ਚ ਮੰਦਰ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਐਕਸ ‘ਤੇ ਇਕ ਪੋਸਟ ਵਿਚ ਲਿਖਿਆ, ‘ਮੈਂ ਕੈਨੇਡਾ ਵਿਚ ਹਿੰਦੂ ਮੰਦਰ ‘ਤੇ ਯੋਜਨਾਬੱਧ ਹਮਲੇ ਦੀ ਨਿੰਦਾ ਕਰਦਾ ਹਾਂ। ਸਾਡੇ ਡਿਪਲੋਮੈਟਾਂ ਨੂੰ ਡਰਾਉਣ ਦੀ ਕੋਸ਼ਿਸ਼ ਵੀ ਓਨੀ ਹੀ ਭਿਆਨਕ ਹੈ।” ਟਰੂਡੋ ਨੇ ਪਹਿਲਾਂ ਇੱਕ ਟਵੀਟ ਵਿਚ ਕਿਹਾ ਸੀ, ‘ਬਰੈਂਪਟਨ ਵਿਚ ਹਿੰਦੂ ਸਭਾ ਮੰਦਰ ਵਿਚ ਹਿੰਸਾ ਅਸਵੀਕਾਰਨਯੋਗ ਹੈ। ਹਰੇਕ ਕੈਨੇਡੀਅਨ ਨੂੰ ਆਪਣੇ ਵਿਸ਼ਵਾਸ ਦਾ ਸੁਤੰਤਰ ਅਤੇ ਸੁਰੱਖਿਅਤ ਢੰਗ ਨਾਲ ਅਭਿਆਸ ਕਰਨ ਦਾ ਅਧਿਕਾਰ ਹੈ। ਕਮਿਊਨਿਟੀ ਦੀ ਸੁਰੱਖਿਆ ਅਤੇ ਇਸ ਘਟਨਾ ਦੀ ਜਾਂਚ ਲਈ ਪੀਲ ਰੀਜਨਲ ਪੁਲਿਸ ਦੇ ਤੁਰੰਤ ਜਵਾਬ ਲਈ ਧੰਨਵਾਦ।’