– ਹੁਣ ਨਹੀਂ ਮਿਲੇਗਾ 10 ਸਾਲ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ
– ਸਿੰਗਲ ਐਂਟਰੀ ਵਾਲੇ ਵੀਜ਼ੇ ਦੇਣ ਦਾ ਐਲਾਨ
– ਭਾਰਤੀਆਂ ਖਾਸ ਕਰਕੇ ਪੰਜਾਬੀਆਂ ਦੇ ਕੈਨੇਡਾ ਦੀ ਫੇਰੀ ਔਖੀ ਹੋਈ
ਵਿਨੀਪੈੱਗ, 8 ਨਵੰਬਰ (ਪੰਜਾਬ ਮੇਲ)- ਭਾਰਤ ਨਾਲ ਜਾਰੀ ਤਣਾਅ ਵਿਚਕਾਰ ਕੈਨੇਡਾ ਨੇ ਭਾਰਤੀਆਂ ਖਾਸ ਕਰ ਪੰਜਾਬੀਆਂ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਨੇ ਵੀਜ਼ਾ ਦਿਸ਼ਾ-ਨਿਰਦੇਸ਼ਾਂ ‘ਚ ਸਖ਼ਤ ਬਦਲਾਅ ਕੀਤੇ ਹਨ। ਕੈਨੇਡਾ ਸਰਕਾਰ ਦੇ ਨਵੇਂ ਫ਼ੈਸਲੇ ਮੁਤਾਬਕ ਹੁਣ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਮਿਲੇਗਾ। ਨਵੇਂ ਨਿਯਮਾਂ ਮੁਤਾਬਿਕ ਲਾਜ਼ਮੀ ਨਹੀਂ ਹੈ ਕਿ ਹਰ ਬਿਨੈਕਾਰ ਨੂੰ ਪਾਸਪੋਰਟ ਦੀ ਮਿਆਦ ਤੱਕ ਕੈਨੇਡਾ ਦਾ ਵਿਜ਼ਟਰ ਵੀਜ਼ਾ ਮਿਲੇ, ਕੈਨੇਡਾ ਸਰਕਾਰ ਵੱਲੋਂ ਵਿਜ਼ਟਰ ਵੀਜ਼ਾ ਦੇ ਨਿਯਮਾਂ ਵਿਚ ਵੱਡੀ ਤਬਦੀਲੀ ਕਰਦਿਆਂ ਮਲਟੀਪਲ ਐਂਟਰੀ ਦੀ ਬਜਾਏ ਸਿੰਗਲ ਐਂਟਰੀ ਵਾਲੇ ਵੀਜ਼ੇ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਮੀਗ੍ਰੇਸ਼ਨ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ ਹੁਣ 10 ਸਾਲ ਦੀ ਮਿਆਦ ਵਾਲੇ ਮਲਟੀਪਲ ਐਂਟਰੀ ਵੀਜ਼ੇ ਚੋਣਵੇਂ ਲੋਕਾਂ ਨੂੰ ਹੀ ਮਿਲ ਸਕਣਗੇ ਅਤੇ ਇਹ ਫ਼ੈਸਲਾ ਕਰਨ ਦਾ ਹੱਕ ਮੌਕੇ ‘ਤੇ ਮੌਜੂਦ ਇਮੀਗ੍ਰੇਸ਼ਨ ਅਫ਼ਸਰਾਂ ਨੂੰ ਹੋਵੇਗਾ। ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਵੱਲੋਂ ਵਿਜ਼ਟਰ ਵੀਜ਼ਾ ਦੀ ਮਿਆਦ ਉੱਤੇ ਖ਼ਾਸ ਜ਼ੋਰ ਦਿੱਤਾ ਗਿਆ ਹੈ। ਜ਼ਿਆਦਾਤਰ ਵੀਜ਼ੇ ਸਿੰਗਲ ਐਂਟਰੀ ਵਾਲੇ ਹੋਣ ਦੇ ਮੱਦੇਨਜ਼ਰ ਇਨ੍ਹਾਂ ਦੀ ਮਿਆਦ 6 ਮਹੀਨੇ ਤੋਂ ਇਕ ਸਾਲ ਤੱਕ ਹੀ ਹੋਵੇਗੀ।
ਸਭ ਤੋਂ ਪਹਿਲਾਂ ਸਬੰਧਿਤ ਬਿਨੈਕਾਰ ਵੱਲੋਂ ਕੈਨੇਡਾ ਆਉਣ ਦਾ ਮਕਸਦ ਦੇਖਿਆ ਜਾਵੇਗਾ ਅਤੇ ਜੇ ਇਹ ਮਕਸਦ ਕਿਸੇ ਵਿਆਹ ਸਮਾਗਮ, ਕਾਨਫ਼ਰੰਸ ਜਾਂ ਟ੍ਰੇਨਿੰਗ ਸੈਸ਼ਨ ਨਾਲ ਸਬੰਧਿਤ ਹੋਵੇ, ਤਾਂ ਸਿੰਗਲ ਐਂਟਰੀ ਵਾਲਾ ਵੀਜ਼ਾ ਹੀ ਮਿਲ ਸਕੇਗਾ। ਬਿਨੈਕਾਰ ਦੀ ਆਰਥਿਕ ਹਾਲਤ ਬਾਰੇ ਪਹਿਲਾਂ ਵੀ ਡੂੰਘਾਈ ਨਾਲ ਘੋਖਿਆ ਜਾਂਦਾ ਸੀ, ਪਰ ਹੁਣ ਇਹ ਵੀ ਤੈਅ ਕੀਤਾ ਜਾਵੇਗਾ ਕਿ ਬਿਨੈਕਾਰ ਨੂੰ ਕੈਨੇਡਾ ਸੱਦਣ ਵਾਲਾ ਮੇਜ਼ਬਾਨ ਉਸ ਦੇ ਖ਼ਰਚੇ ਬਰਦਾਸ਼ਤ ਕਰਨ ਦੀ ਤਾਕਤ ਰੱਖਦਾ ਹੈ ਜਾਂ ਨਹੀਂ। ਮੇਜ਼ਬਾਨ ਵੱਲੋਂ ਅਤੀਤ ਵਿਚ ਕਿੰਨੇ ਜਣਿਆਂ ਨੂੰ ਕੈਨੇਡਾ ਸੱਦਿਆ ਗਿਆ ਅਤੇ ਉਨ੍ਹਾਂ ਦੀ ਆਰਥਿਕ ਹਾਲਤ ਕਿਹੋ ਜਿਹੀ ਸੀ, ਇਨ੍ਹਾਂ ਤੱਥਾਂ ਉੱਤੇ ਵੀ ਬਾਰੀਕੀ ਨਾਲ ਗ਼ੌਰ ਕੀਤੀ ਜਾਵੇਗੀ।
ਆਰਥਿਕ ਹਾਲਾਤ ਤੋਂ ਇਲਾਵਾ ਬਿਨੈਕਾਰ ਦਾ ਸਰੀਰਕ ਪੱਖੋਂ ਵੀ ਤੰਦਰੁਸਤ ਹੋਣਾ ਲਾਜ਼ਮੀ ਹੈ। ਬਿਨੈਕਾਰ ਵੱਲੋਂ ਕੈਨੇਡਾ ਆਉਣ ਦਾ ਮਕਸਦ ਇਲਾਜ ਕਰਵਾਉਣਾ ਹੋਣ ਦੀ ਸੂਰਤ ‘ਚ ਉਸ ਦੇ ਮੇਜ਼ਬਾਨ ਦੀ ਆਰਥਿਕ ਹਾਲਤ ਬੇਹੱਦ ਮਜ਼ਬੂਤ ਹੋਣੀ ਲਾਜ਼ਮੀ ਹੈ। ਮੰਤਰਾਲੇ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਿਕ ਅਫ਼ਸਰ ਇਹ ਦੇਖੇਗਾ ਕਿ ਕਿ ਬਿਨੈਕਾਰ ਕੋਲ ਵਾਰ-ਵਾਰ ਕੈਨੇਡਾ ਆਉਣ ਲਈ ਲੋੜੀਂਦੇ ਵਿੱਤੀ ਵਸੀਲੇ ਹਨ ਜਾਂ ਨਹੀਂ। ਜਿਹੜੇ ਬਿਨੈਕਾਰ ਕੋਈ ਕਾਨਫ਼ਰੰਸ ਆਦਿ ਲਈ ਅਰਜ਼ੀ ਦੇਣਗੇ, ਉਨ੍ਹਾਂ ਬਾਬਤ ਰੋਜ਼ਗਾਰਦਾਤੇ ਤੋਂ ਸੰਬੰਧਿਤ ਦਸਤਾਵੇਜ਼ ਅਤੇ ਫ਼ੰਡ ਦੀ ਸ਼ਰਤ ਦੇਖੀ ਜਾਵੇਗੀ। ਰਾਹਦਾਰੀ ਭੇਜਣ ਵਾਲੇ ਵਿਅਕਤੀਆਂ, ਜੋ ਬਿਨੈਕਾਰ ਦਾ ਖ਼ਰਚਾ ਚੁੱਕਣ ਲਈ ਬੇਨਤੀ ਕਰਨਗੇ, ਦੇ ਰੋਜ਼ਗਾਰ ਦੇ ਸਾਧਨਾਂ ਅਤੇ ਵਿੱਤੀ ਹਾਲਾਤ ਨੂੰ ਵੀ ਦੇਖਿਆ ਜਾਵੇਗਾ। ਭਾਵੇਂ ਕੈਨੇਡਾ ਸਰਕਾਰ ਵੱਲੋਂ ਵਿਜ਼ਿਟਰ ਵੀਜ਼ਾ ਦੇ ਨਵੇਂ ਨਿਯਮ ਹਰ ਮੁਲਕ ਵਾਸਤੇ ਜਾਰੀ ਕੀਤੇ ਗਏ ਹਨ ਪਰ ਇਨ੍ਹਾਂ ਨੂੰ ਸਿੱਧੇ ਤੌਰ ‘ਤੇ ਭਾਰਤ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਇਹ ਤਬਦੀਲੀ ਉਨ੍ਹਾਂ ਭਾਰਤੀਆਂ ਲਈ ਖ਼ਾਸ ਤੌਰ ‘ਤੇ ਮੁਸ਼ਕਲ ਸਾਬਤ ਹੋ ਸਕਦੀ ਹੈ, ਜੋ ਪਰਿਵਾਰ ਅਤੇ ਦੋਸਤਾਂ ਨੂੰ ਮਿਲਣ ਜਾਂ ਹੋਰ ਕੰਮ ਲਈ ਲੰਬੇ ਸਮੇਂ ਲਈ ਕੈਨੇਡਾ ਵਿਚ ਰਹਿਣਾ ਚਾਹੁੰਦੇ ਸਨ। ਇਮੀਗ੍ਰੇਸ਼ਨ ਮੰਤਰਾਲੇ ਦੇ ਇਸ ਐਲਾਨ ਤੋਂ ਬਾਅਦ ਰਲੀ ਮਿਲੀ ਪ੍ਰਤੀਕਿਰਿਆ ਦੇਖਣ ਨੂੰ ਮਿਲ ਰਹੀ ਹੈ। ਭਾਵੇਂ ਕਿ ਕੁਝ ਲੋਕ ਇਸ ਨੂੰ ਕੈਨੇਡਾ ਵਿਚ ਟੈਂਪਰੇਰੀ ਰੈਜ਼ੀਡੈਂਸੀ ਗਿਣਤੀ ਘਟਾਉਣ ਦਾ ਤਰੀਕਾ ਆਖ ਰਹੇ ਹਨ, ਭਾਰਤ ਬੈਠੇ ਕੁਝ ਬਿਨੈਕਾਰ ਇਸ ਨਵੇਂ ਐਲਾਨ ਤੋਂ ਬੇਹੱਦ ਪ੍ਰੇਸ਼ਾਨ ਹਨ।
ਕੈਨੇਡਾ ਸਰਕਾਰ ਦਾ ਇਹ ਫ਼ੈਸਲਾ ਫੈਡਰਲ ਇਮੀਗ੍ਰੇਸ਼ਨ ਮਨਿਸਟਰ ਮਾਰਕ ਮਿੱਲਰ ਵੱਲੋਂ ਵਿਜ਼ਟਰ ਵੀਜ਼ਿਆਂ ਦੀ ਦੁਰਵਰਤੋਂ ਰੋਕਣ ਦੇ ਐਲਾਨ ਤੋਂ ਬਾਅਦ ਆਇਆ ਹੈ। ਮਾਰਕ ਮਿੱਲਰ ਨੇ ਸਤੰਬਰ ਮਹੀਨੇ ਦੌਰਾਨ ਕਿਹਾ ਕਿ ਕੈਨੇਡਾ ਆਉਣ ਵਾਲੇ ਲੋਕਾਂ ਵੱਲੋਂ ਵਿਜ਼ਟਰ ਵੀਜ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਫੈਡਰਲ ਸਰਕਾਰ ਨੂੰ ਹੋਰ ਕੰਮ ਕਰਨ ਦੀ ਲੋੜ ਹੈ।
ਮਿੱਲਰ ਨੇ ਕਿਹਾ ਸੀ ਕਿ ਸਾਨੂੰ ਇਹ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਕੰਮ ਕਰਨ ਦੀ ਲੋੜ ਹੈ ਕਿ ਜੋ ਲੋਕ ਇੱਥੇ ਆ ਰਹੇ ਹਨ, ਉਦਾਹਰਨ ਵਜੋਂ ਵਿਜ਼ਿਟਰ ਵੀਜ਼ਿਆਂ ‘ਤੇ, ਉਹ ਇਸੇ ਉਦੇਸ਼ ਲਈ ਇੱਥੇ ਆਉਣ, ਨਾ ਕਿ ਸ਼ਰਨ ਦਾ ਦਾਅਵਾ ਕਰਨ ਜਾਂ ਅਮਰੀਕਾ ਜਾਣ ਦਾ ਰਾਹ ਲੱਭਣ ਲਈ। ਮਿੱਲਰ ਨੇ ਭਾਰਤ ਤੋਂ ਵੀਜ਼ਾ ਅਰਜ਼ੀਆਂ ‘ਤੇ ਭਵਿੱਖ ਵਿਚ ਹੋਰ ਨਜ਼ਰ ਰੱਖੀ ਜਾਣ ਦੀ ਗੱਲ ਆਖੀ ਸੀ। ਦੱਸਣਯੋਗ ਹੈ ਕਿ ਕੈਨੇਡਾ ਵਿਚ ਆਉਣ ਵਾਲੇ ਵਿਜ਼ਿਟਰ ਉੱਪਰ ਸਰਕਾਰ ਲਗਾਤਾਰ ਨਜ਼ਰ ਰੱਖ ਰਹੀ ਹੈ। ਕੈਨੇਡੀਅਨ ਸਰਕਾਰ ਵੱਲੋਂ ਅਗਸਤ 2024 ਦੌਰਾਨ 4 ਸਾਲ ਪਹਿਲਾਂ ਲਿਆਂਦੀ ਉਸ ਪਾਲਿਸੀ ਨੂੰ ਖ਼ਤਮ ਕਰ ਦਿੱਤਾ ਗਿਆ ਸੀ, ਜਿਸ ਤਹਿਤ ਕੈਨੇਡਾ ਵਿਚ ਆਏ ਹੋਏ ਵਿਜ਼ਟਰ ਆਨਲਾਈਨ ਅਰਜ਼ੀ ਦੇ ਕੇ ਕੈਨੇਡਾ ਵਿਚ ਵਰਕ ਪਰਮਿਟ ਹਾਸਲ ਕਰ ਸਕਦੇ ਸਨ।