#PUNJAB

ਕੇਂਦਰ ਸਰਕਾਰ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਜ਼ੈੱਡ ਪਲੱਸ ਸੁਰੱਖਿਆ ਲਈ ਵਾਪਸ

ਅੰਮ੍ਰਿਤਸਰ, 13 ਨਵੰਬਰ (ਪੰਜਾਬ ਮੇਲ)- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਅਪੀਲ ਤੋਂ ਬਾਅਦ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਦਿੱਤੀ ਹੋਈ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਛਤਰੀ ਵਾਪਸ ਲੈ ਲਈ ਹੈ। ਹੁਣ ਉਨ੍ਹਾਂ ਕੋਲ ਪੰਜਾਬ ਸਰਕਾਰ ਵੱਲੋਂ ਦਿੱਤੀ ਹੋਈ ਸੁਰੱਖਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮੁਹੱਈਆ ਕੀਤੇ ਸੁਰੱਖਿਆ ਕਰਮਚਾਰੀ ਮੌਜੂਦ ਹਨ।
ਇਸ ਦੀ ਪੁਸ਼ਟੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਇੱਕ-ਦੋ ਦਿਨ ਪਹਿਲਾਂ ਹੀ ਸੁਰੱਖਿਆ ਛੱਤਰੀ ਵਾਪਸ ਲੈਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਸਨ। ਜਿਸ ਤੋਂ ਬਾਅਦ ਬੀਤੇ ਦਿਨੀਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਭੇਜ ਦਿੱਤੀ।
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਜੋ ਇਸ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਨਿੱਜੀ ਸਹਾਇਕ ਰਹਿ ਚੁੱਕੇ ਹਨ, ਨੇ ਦੱਸਿਆ ਕਿ ਦੋ ਸਾਲ ਪਹਿਲਾਂ ਜਦੋਂ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਛੱਤਰੀ ਵਿਚ ਕਟੌਤੀ ਕੀਤੀ ਗਈ ਸੀ, ਤਾਂ ਉਸ ਵੇਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕੀਤੀ ਗਈ ਸੀ।
ਉਹ ਉਸ ਵੇਲੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦੇ ਅਹੁਦੇ ‘ਤੇ ਮੌਜੂਦ ਸਨ। ਜ਼ਿਕਰਯੋਗ ਹੈ ਕਿ ਜ਼ੈੱਡ ਸ਼੍ਰੇਣੀ ਦੀ ਇਸ ਸੁਰੱਖਿਆ ਵਿਚ ਲਗਭਗ 21 ਸੁਰੱਖਿਆ ਕਰਮਚਾਰੀ ਸ਼ਾਮਲ ਸਨ। ਇਹ ਸਾਰੇ ਸੁਰੱਖਿਆ ਕਰਮਚਾਰੀ ਹੁਣ ਵਾਪਸ ਪਰਤ ਗਏ ਹਨ। ਇਸ ਵੇਲੇ ਉਨ੍ਹਾਂ ਦੇ ਕੋਲ ਪੰਜਾਬ ਪੁਲਿਸ ਵੱਲੋਂ ਮੁਹੱਈਆ ਕੀਤੇ ਸੁਰੱਖਿਆ ਕਰਮਚਾਰੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮੁਹੱਈਆ ਕੀਤੇ ਸੁਰੱਖਿਆ ਕਰਮਚਾਰੀ ਸੁਰੱਖਿਆ ਛਤਰੀ ਵਿਚ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈਣ ਲਈ ਕੇਂਦਰ ਸਰਕਾਰ ਨੂੰ ਲਗਭਗ ਦੋ-ਤਿੰਨ ਪੱਤਰ ਭੇਜੇ ਗਏ ਸਨ ।
ਸੁਰੱਖਿਆ ਵਾਪਸ ਕਰਨ ਪਿੱਛੇ ਭਾਵੇਂ ਕੋਈ ਵੱਡਾ ਤੇ ਠੋਸ ਕਾਰਨ ਨਹੀਂ ਸੀ, ਪਰ ਕੇਂਦਰ ਸਰਕਾਰ ਵੱਲੋਂ ਮੁਹੱਈਆ ਕੀਤੀ ਗਈ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਨੂੰ ਲੈ ਕੇ ਉਨ੍ਹਾਂ ਦੀ ਨੇੜਤਾ ਕੇਂਦਰ ਸਰਕਾਰ ਨਾਲ ਜੋੜਨ ਅਤੇ ਇਸ ਮਾਮਲੇ ਨੂੰ ਲੈ ਕੇ ਨੁਕਤਾਚੀਨੀ ਕੀਤੇ ਜਾਣਾ ਇਹ ਸੁਰੱਖਿਆ ਛੱਤਰੀ ਵਾਪਸ ਕਰਨ ਦਾ ਇੱਕ ਕਾਰਨ ਬਣਿਆ ਹੋ ਸਕਦਾ ਹੈ।