-ਸਸਤੇ ਮਜ਼ਦੂਰ ਮਿਲਣਾ ਬੀਤੇ ਸਮੇਂ ਦੀ ਗੱਲ: ਇਮੀਗ੍ਰੇਸ਼ਨ ਮੰਤਰੀ
ਵਿਨੀਪੈਗ, 18 ਨਵੰਬਰ (ਪੰਜਾਬ ਮੇਲ)- ਕੈਨੇਡਾ ਵਿਚ ਗ਼ੈਰ-ਕਾਨੂੰਨੀ ਤੌਰ ‘ਤੇ ਰਹਿੰਦੇ ਪ੍ਰਵਾਸੀਆਂ ਵਿਰੁੱਧ ਸਖ਼ਤੀ ਵਰਤਣ ਦੇ ਸੰਕੇਤ ਦਿੰਦਿਆਂ ਦੇਸ਼ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਸਸਤੇ ਮਜ਼ਦੂਰ ਮਿਲਣਾ ਬੀਤੇ ਸਮੇਂ ਦੀ ਗੱਲ ਹੋ ਚੁੱਕੀ ਹੈ ਅਤੇ ਹੁਣ ਕੈਨੇਡਿਆਈ ਰੁਜ਼ਗਾਰਦਾਤਾਵਾਂ ਨੂੰ ਉੱਚੀਆਂ ਦਰਾਂ ‘ਤੇ ਕਾਮੇ ਰੱਖਣੇ ਹੋਣਗੇ। ਮਾਰਕ ਮਿਲਰ ਦਾ ਕਹਿਣਾ ਸੀ ਕਿ ਆਰਜ਼ੀ ਵੀਜ਼ਾ ‘ਤੇ ਆਏ ਪਰ ਸਮੇਂ ਸਿਰ ਵਾਪਸੀ ਨਾ ਕਰਨ ਵਾਲੇ ਪ੍ਰਵਾਸੀਆਂ ਨੂੰ ਅਗਲੇ ਕੁਝ ਮਹੀਨਿਆਂ ਦੌਰਾਨ ਵੱਡੀ ਗਿਣਤੀ ਵਿਚ ਡਿਪੋਰਟ ਕੀਤਾ ਜਾ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਡਿਪੋਰਟ ਕੀਤੇ ਜਾਣ ਵਾਲੇ ਪ੍ਰਵਾਸੀਆਂ ਵਿਚ ਜ਼ਿਆਦਾਤਰ ਉਹ ਲੋਕ ਹੋ ਸਕਦੇ ਹਨ, ਜਿਨ੍ਹਾਂ ਨੂੰ ਪਿਛਲੇ ਅੱਠ ਸਾਲਾਂ ਦੌਰਾਨ ਦੇਸ਼ ਛੱਡਣ ਦੇ ਹੁਕਮ ਦਿੱਤੇ ਗਏ ਪਰ ਉਨ੍ਹਾਂ ਨੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀ.ਬੀ.ਐੱਸ.ਏ.) ਦੇ ਅਧਿਕਾਰੀਆਂ ਦੀਆਂ ਅੱਖਾਂ ਵਿਚ ਘੱਟਾ ਪਾਉਂਦਿਆਂ ਆਪਣਾ ਟਿਕਾਣਾ ਹੀ ਬਦਲ ਲਿਆ। ਗ੍ਰੇਟਰ ਵੈਨਕੂਵਰ ਬੋਰਡ ਆਫ਼ ਟਰੇਡ ਵੱਲੋਂ ਕਰਵਾਏ ਗਏ ਸਮਾਗਮ ਵਿਚ ਪੁੱਜੇ ਇਮੀਗ੍ਰੇਸ਼ਨ ਮੰਤਰੀ ਨੇ ਅੱਗੇ ਕਿਹਾ ਕਿ ਰੁਜ਼ਗਾਰਦਾਤਾਵਾਂ ਅਤੇ ਕਾਮਿਆਂ ਦਰਮਿਆਨ ਸਭ ਤੋਂ ਮਾੜੇ ਸਬੰਧ ਆਰਜ਼ੀ ਪ੍ਰਵਾਸੀ ਕਾਮਿਆਂ ਦੀ ਸ਼੍ਰੇਣੀ ਵਿਚ ਦੇਖੇ ਜਾ ਸਕਦੇ ਹਨ, ਜਿੱਥੇ ਕਿਰਤੀਆਂ ਦਾ ਵੱਡੀ ਪੱਧਰ ‘ਤੇ ਸ਼ੋਸ਼ਣ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਸਸਤੇ ਪ੍ਰਵਾਸੀ ਮਜ਼ਦੂਰ ਮਿਲਣ ਵਾਲਾ ਦੌਰ ਲੰਘ ਚੁੱਕਾ ਹੈ।