ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਬਿਨਾਂ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਤੋਂ ਕਾਰਜ ਜਾਰੀ ਹਨ। ਇਸ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ 29 ਕੰਮ ਕਰਨ ਤੋਂ ਅਸਮਰਥ ਬਜ਼ੁਰਗਾਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ। ਸਿਮਰਜੀਤ ਸਿੰਘ ਲੱਖੇਵਾਲੀ ਬਲਾਕ ਪ੍ਰਧਾਨ ਇਸ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਡਾਕਟਰ ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਵਿੱਤੀ ਸਹਾਇਤਾ ਲੈਣ ਵਾਲੇ ਬਜ਼ੁਰਗ ਕਈ ਕਾਰਨਾਂ ਕਰਕੇ ਕੰਮ ਕਰਨ ਤੋਂ ਅਸਮਰਥ ਹਨ। ਜੋ ਕੋਈ ਮਾੜਾ ਮੋਟਾ ਕੰਮ ਕਰਦਾ ਸੀ, ਉਹ ਵੀ ਪਿਛਲੇ ਕਾਫੀ ਦਿਨਾਂ ਤੋਂ ਮੌਸਮ ਖਰਾਬ ਹੋਣ ਕਾਰਨ ਘਰਾਂ ਵਿਚ ਹੀ ਹਨ। ਸਹਾਇਤਾ ਰਾਸ਼ੀ ਲੈਣ ਉਪਰੰਤ ਇਨ੍ਹਾਂ ਬਜ਼ੁਰਗਾਂ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ. ਓਬਰਾਏ ਦੇ ਇਸ ਉਪਰਾਲੇ ਨਾਲ ਅਸੀਂ ਆਪਣੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਦੇ ਸਮਰੱਥ ਹੋ ਗਏ ਹਾਂ। ਇਸ ਮੌਕੇ ਗੁਰਪਾਲ ਸਿੰਘ ਪਾਲੀ ਕੈਸ਼ੀਅਰ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ, ਜਸਵਿੰਦਰ ਸਿੰਘ ਮਣਕੂ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ., ਗੁਰਜੀਤ ਸਿੰਘ ਜੀਤਾ ਆਦਿ ਹਾਜ਼ਰ ਸਨ।