#PUNJAB

ਅਮਨ ਅਰੋੜਾ ਬਣੇ ਪੰਜਾਬ ‘ਆਪ’ ਦੇ ਪ੍ਰਧਾਨ

ਚੰਡੀਗੜ੍ਹ, 22 ਨਵੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਨੇ ਪੰਜਾਬ ਦਾ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਥਾਪ ਦਿੱਤਾ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀਆਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉੱਪ ਪ੍ਰਧਾਨ ਦੇ ਤੌਰ ‘ਤੇ ਕੰਮ ਕਰਨਗੇ।
ਮਾਨ ਨੇ ਕਿਹਾ ਕਿ ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ ‘ਚ ਪਾਰਟੀ ਅਤੇ ਸੰਗਠਨ ਨੂੰ ਪੰਜਾਬ ‘ਚ ਹੋਰ ਮਜ਼ਬੂਤ ਕਰਨਗੇ ਅਤੇ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ। ਇਥੇ ਇਹ ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਇਸ ਦੀ ਚਰਚਾ ਚੱਲ ਰਹੀ ਸੀ ਕਿ ਆਮ ਆਦਮੀ ਪਾਰਟੀ ਦੀ ਹਾਈਕਮਾਂਨ ਕਿਸੇ ਹਿੰਦੂ ਚਿਹਰੇ ਨੂੰ ਪੰਜਾਬ ਇਕਾਈ ਦੀ ਵਾਗਡੋਰ ਸੌਂਪ ਸਕਦੀ ਹੈ। ਹੁਣ ਪਾਰਟੀ ਨੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪਾਰਟੀ ਪ੍ਰਧਾਨ ਥਾਪ ਦਿੱਤਾ ਹੈ।