ਗਵਾਹਾਂ ਦੇ ਪੇਸ਼ ਨਾ ਹੋਣ ‘ਤੇ ਸੁਣਵਾਈ ਟਲੀ
ਨਵੀਂ ਦਿੱਲੀ, 3 ਦਸੰਬਰ (ਪੰਜਾਬ ਮੇਲ)-ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੰਗਿਆਂ ਦੇ ਮਾਮਲੇ ਵਿਚ ਦੋ ਸਾਬਕਾ ਪੁਲਿਸ ਅਧਿਕਾਰੀਆਂ ਦੇ ਗਵਾਹ ਵਜੋਂ ਬਿਆਨ ਦਰਜ ਕਰਨ ਲਈ 9 ਦਸੰਬਰ ਦੀ ਤਰੀਕ ਨਿਰਧਾਰਿਤ ਕੀਤੀ ਹੈ।
ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਜਤਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਸ ਮਾਮਲੇ ਸਬੰਧੀ ਗਵਾਹ ਅੱਜ ਅਦਾਲਤ ਵਿਚ ਪੇਸ਼ ਨਹੀਂ ਹੋ ਸਕਦੇ, ਜਿਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਟਾਲ ਦਿੱਤੀ।
ਇਹ ਵੀ ਦੱਸਣਾ ਬਣਦਾ ਹੈ ਕਿ ਅਦਾਲਤ ਨੇ 23 ਨਵੰਬਰ ਨੂੰ ਗਵਾਹਾਂ ਰਵੀ ਸ਼ਰਮਾ ਅਤੇ ਧਰਮ ਚੰਦ ਨੂੰ ਤਲਬ ਕੀਤਾ ਸੀ। ਇਸ ਮਾਮਲੇ ਸਬੰਧੀ ਟਾਈਟਲਰ ਨਿੱਜੀ ਤੌਰ ‘ਤੇ ਅਦਾਲਤ ਵਿਚ ਪੇਸ਼ ਹੋਏ। ਇਹ ਮਾਮਲਾ 1984 ਵਿਚ ਕੌਮੀ ਰਾਜਧਾਨੀ ਦੇ ਗੁਰਦੁਆਰਾ ਪੁਲ ਬੰਗਸ਼ ਵਿਚ ਤਿੰਨ ਸਿੱਖਾਂ ਦੀ ਹੱਤਿਆ ਨਾਲ ਸਬੰਧਤ ਹੈ। ਇਸ ਮਾਮਲੇ ਸਬੰਧੀ ਅਦਾਲਤ ਨੇ 12 ਨਵੰਬਰ ਨੂੰ ਬਾਦਲ ਸਿੰਘ ਦੀ ਵਿਧਵਾ ਲਖਵਿੰਦਰ ਕੌਰ ਦੇ ਬਿਆਨ ਦਰਜ ਕੀਤੇ ਸਨ, ਜਿਸ ਨੂੰ ਦੰਗਿਆਂ ਦੌਰਾਨ ਗੁਰਦੁਆਰਾ ਪੁਲ ਬੰਗਸ਼ ਵਿਚ ਮਾਰ ਦਿੱਤਾ ਗਿਆ ਸੀ।