#INDIA

ਸੁਪਰੀਮ ਕੋਰਟ ਵੱਲੋਂ ਮਨੀਸ਼ ਸਿਸੋਦੀਆ ਨੂੰ ਰਾਹਤ; ਜ਼ਮਾਨਤ ਸ਼ਰਤਾਂ ‘ਚ ਮਿਲੀ ਢਿੱਲ

ਨਵੀਂ ਦਿੱਲੀ, 11 ਦਸੰਬਰ (ਪੰਜਾਬ ਮੇਲ)- ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਆਪਣੇ ਐਕਸ ਅਕਾਊਂਟ ‘ਤੇ ਇਕ ਪੋਸਟ ਪਾਈ, ਜਿਸ ‘ਚ ਉਨ੍ਹਾਂ ਨੇ ਅਦਾਲਤ ਦਾ ਧੰਨਵਾਦ ਕੀਤਾ।
ਸਿਸੋਦੀਆ ਨੇ ਲਿਖਿਆ ਕਿ ਮਾਣਯੋਗ ਸੁਪਰੀਮ ਕੋਰਟ ਦਾ ਤਹਿ ਦਿਲੋਂ ਧੰਨਵਾਦ, ਜਿਸ ਨੇ ਜ਼ਮਾਨਤ ਦੀ ਸ਼ਰਤ ਹਟਾ ਕੇ ਰਾਹਤ ਪ੍ਰਦਾਨ ਕੀਤੀ ਹੈ। ਇਹ ਫੈਸਲਾ ਨਾ ਸਿਰਫ਼ ਨਿਆਂਪਾਲਿਕਾ ਵਿਚ ਮੇਰਾ ਵਿਸ਼ਵਾਸ ਹੋਰ ਮਜ਼ਬੂਤ ਕਰਦਾ ਹੈ, ਸਗੋਂ ਸਾਡੀਆਂ ਸੰਵਿਧਾਨਕ ਕਦਰਾਂ-ਕੀਮਤਾਂ ਦੀ ਮਜ਼ਬੂਤੀ ਨੂੰ ਵੀ ਦਰਸਾਉਂਦਾ ਹੈ। ਮੈਂ ਹਮੇਸ਼ਾ ਨਿਆਂਪਾਲਿਕਾ ਤੇ ਸੰਵਿਧਾਨ ਪ੍ਰਤੀ ਆਪਣੇ ਫਰਜ਼ਾਂ ਦਾ ਸਨਮਾਨ ਕਰਾਂਗਾ।
ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਸੁਣਵਾਈ 11 ਦਸੰਬਰ ਨੂੰ ਹੋਈ। ਸਿਸੋਦੀਆ ਨੇ ਜ਼ਮਾਨਤ ਦੀਆਂ ਸ਼ਰਤਾਂ ‘ਚ ਢਿੱਲ ਦੇਣ ਦੀ ਮੰਗ ਕੀਤੀ ਸੀ। ਦਿੱਲੀ ਆਬਕਾਰੀ ਨੀਤੀ ਨਾਲ ਸਬੰਧਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿਚ ਆਪਣੀ ਜ਼ਮਾਨਤ ਦੀਆਂ ਸ਼ਰਤਾਂ ਦੇ ਹਿੱਸੇ ਵਜੋਂ ਸਿਸੋਦੀਆ ਨੂੰ ਹਫ਼ਤੇ ਵਿਚ ਦੋ ਵਾਰ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣਾ ਪੈਂਦਾ ਹੈ।
ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਣਾਉਂਦਿਆਂ ਜਸਟਿਸ ਗਵਈ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਸੀ ਕਿ ਮੌਜੂਦਾ ਕੇਸ ਵਿਚ ਈ.ਡੀ. ਅਤੇ ਸੀ.ਬੀ.ਆਈ. ਕੇਸ ਵਿਚ 493 ਗਵਾਹਾਂ ਦੇ ਨਾਮ ਹਨ ਅਤੇ ਇਸ ਕੇਸ ਵਿਚ ਹਜ਼ਾਰਾਂ ਪੰਨਿਆਂ ਦੇ ਦਸਤਾਵੇਜ਼ ਤੇ ਇੱਕ ਲੱਖ ਤੋਂ ਜ਼ਿਆਦਾ ਪੰਨਿਆਂ ਦੇ ਡਿਜੀਟਲ ਦਸਤਾਵੇਜ਼ ਸ਼ਾਮਿਲ ਹਨ।