ਨਵੀਂ ਦਿੱਲੀ, 16 ਜਨਵਰੀ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਨਘੜਤ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਗਿਆ ਸੀ। ਸੰਜੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੁਆਫੀ ਦੀ ਮੰਗ ਕੀਤੀ। ‘ਆਪ’ ਦੇ ਰਾਜ ਸਭਾ ਮੈਂਬਰ ਨੇ ਦੋਸ਼ ਲਾਇਆ ਕਿ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੀ ਗ੍ਰਿਫਤਾਰੀ ਸਿਆਸਤ ਤੋਂ ਪ੍ਰੇਰਿਤ ਅਤੇ ਗ਼ੈਰ-ਕਾਨੂੰਨੀ ਸੀ।
ਉਨ੍ਹਾਂ ਇਕ ਪੱਤਰਕਾਰ ਸੰਮੇਲਨ ‘ਚ ਕਿਹਾ ਕਿ ਇਹ ਸਾਬਤ ਹੋ ਗਿਆ ਹੈ ਕਿ ਅਖੌਤੀ ਆਬਕਾਰੀ ਘਪਲਾ ਝੂਠ ਸੀ। 3 ਸਾਲ ਬਾਅਦ, ਹੁਣ ਉਨ੍ਹਾਂ ਨੂੰ ਅਹਿਸਾਸ ਹੋਇਆ ਹੈ ਕਿ ਮੁਕੱਦਮਾ ਚਲਾਉਣ ਲਈ ਗ੍ਰਹਿ ਮੰਤਰਾਲਾ ਦੀ ਮਨਜ਼ੂਰੀ ਦੀ ਲੋੜ ਸੀ। ਇਸ ਤੋਂ ਪਤਾ ਲੱਗਦਾ ਹੈ ਕਿ ਮਾਮਲਾ ਭਾਜਪਾ ਵੱਲੋਂ ਘੜਿਆ ਗਿਆ ਸੀ।
ਸੰਜੇ ਸਿੰਘ ਦੀ ਟਿੱਪਣੀ ਪਿਛਲੇ ਹਫਤੇ ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕੇਜਰੀਵਾਲ ‘ਤੇ ਮੁਕੱਦਮਾ ਚਲਾਉਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਮਨਜ਼ੂਰੀ ਦਿੱਤੇ ਜਾਣ ਦੇ ਮੱਦੇਨਜ਼ਰ ਆਈ ਹੈ।
ਕੇਜਰੀਵਾਲ ਦੀ ਗ੍ਰਿਫਤਾਰੀ ਗ਼ੈਰ-ਕਾਨੂੰਨੀ ਸੀ, ਮੁਆਫੀ ਮੰਗਣ ਸ਼ਾਹ ਤੇ ਮੋਦੀ : ਸੰਜੇ
