#PUNJAB

ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਜਾਂਚ ‘ਚ ਹੋਰ ਸਮਾਂ ਲੱਗਣ ਦੀ ਸੰਭਾਵਨਾ

ਸ਼੍ਰੋਮਣੀ ਕਮੇਟੀ ਦੀ ਤਿੰਨ ਮੈਂਬਰੀ ਕਮੇਟੀ ਜਥੇਦਾਰ ਖ਼ਿਲਾਫ਼ ਦੋਸ਼ਾਂ ਦੀ ਕਰ ਰਹੀ ਹੈ ਜਾਂਚ
ਅੰਮ੍ਰਿਤਸਰ, 1 ਫਰਵਰੀ (ਪੰਜਾਬ ਮੇਲ)- ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੇ ਮਾਮਲੇ ਦੀ ਚੱਲ ਰਹੀ ਜਾਂਚ ਮੁਕੰਮਲ ਹੋਣ ਵਿਚ ਹੋਰ ਸਮਾਂ ਲੱਗ ਸਕਦਾ ਹੈ। ਇਹ ਗੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੇ ਮੈਂਬਰ ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਕਹੀ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਜਾਂਚ ਚੱਲ ਰਹੀ ਹੈ ਅਤੇ ਕੁਝ ਹੋਰ ਸਮਾਂ ਲੱਗਣ ਦੀ ਸੰਭਾਵਨਾ ਹੈ। ਇਸ ਕਮੇਟੀ ਨੂੰ ਜਾਂਚ ਲਈ ਪਹਿਲਾਂ 15 ਦਿਨ ਦਾ ਸਮਾਂ ਦਿੱਤਾ ਗਿਆ ਸੀ ਅਤੇ ਮੁੜ ਇੱਕ ਮਹੀਨੇ ਦਾ ਹੋਰ ਸਮਾਂ ਵਧਾ ਦਿੱਤਾ ਗਿਆ ਸੀ, ਜਿਸ ਦੀ ਮਿਆਦ ਅੱਜ-ਕੱਲ੍ਹ ਵਿਚ ਖਤਮ ਹੋ ਰਹੀ ਹੈ।
ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਉਨ੍ਹਾਂ ਦੇ ਇੱਕ ਰਿਸ਼ਤੇਦਾਰ ਨੇ ਦੋਸ਼ ਲਾਉਂਦਿਆਂ ਇਸ ਸਬੰਧੀ ਸ਼ਿਕਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਅਕਾਲ ਤਖਤ ਦੇ ਜਥੇਦਾਰ ਨੂੰ ਸੌਂਪੀ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਅੰਤਰਿੰਗ ਕਮੇਟੀ ਵੱਲੋਂ ਇਸ ਮਾਮਲੇ ਦੀ ਚੱਲ ਰਹੀ ਜਾਂਚ ਦੌਰਾਨ ਜਥੇਦਾਰ ਦੀਆਂ ਸੇਵਾਵਾਂ ਰੋਕ ਦਿੱਤੀਆਂ ਸਨ।
ਹਾਲਾਂਕਿ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਚੁੱਕੇ ਹਨ। ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾ ਰਹੀ ਜਾਂਚ ‘ਤੇ ਇਤਰਾਜ਼ ਪ੍ਰਗਟ ਕਰ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਜਥੇਦਾਰ ਖ਼ਿਲਾਫ਼ ਜਾਂਚ ਦਾ ਹੱਕ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ‘ਚ ਨਹੀਂ ਆਉਂਦਾ।