-ਦੋ ਮਾਰਚ ਨੂੰ ਇਲਾਕੇ ਦੇ ਵੋਟਰ ਕਰਨਗੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ
ਚੰਡੀਗੜ੍ਹ, 24 ਫਰਵਰੀ (ਪੰਜਾਬ ਮੇਲ)- ਪੰਜਾਬ ਵਿਚ ਦੋ ਮਾਰਚ ਨੂੰ ਹੋਣ ਵਾਲੀਆਂ ਤਰਨ ਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲ ਚੋਣਾਂ ‘ਚ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਤਰੀਕ ਤੋਂ ਬਾਅਦ 191 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਇਨ੍ਹਾਂ ਦੀ ਕਿਸਮਤ ਦਾ ਫੈਸਲਾ 2 ਮਾਰਚ ਨੂੰ ਇਲਾਕੇ ਦੇ ਵੋਟਰਾਂ ਵੱਲੋਂ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਨਗਰ ਕੌਂਸਲ ਤਰਨ ਤਾਰਨ ਲਈ ਸਭ ਤੋਂ ਵੱਧ 113, ਡੇਰਾ ਬਾਬਾ ਨਾਨਕ ਲਈ 37 ਅਤੇ ਤਲਵਾੜਾ ਨਗਰ ਕੌਂਸਲ ਦੀ ਚੋਣ ਲਈ 41 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਨਗਰ ਕੌਂਸਲਾਂ ਵਿਚ ਵੋਟਿੰਗ ਦੋ ਮਾਰਚ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ, ਜਦੋਂ ਕਿ ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਤਿੰਨਾਂ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਲਈ ਤਿੰਨ ਸੀਨੀਅਰ ਆਈ.ਏ.ਐੱਸ. ਅਧਿਕਾਰੀਆਂ ਨੂੰ ਅਬਜ਼ਰਵਰ ਵੀ ਤਾਇਨਾਤ ਕੀਤਾ ਗਿਆ ਹੈ। ਚੌਧਰੀ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨਗਰ ਕੌਂਸਲ ਚੋਣਾਂ: ਤਰਨ ਤਾਰਨ, ਡੇਰਾ ਬਾਬਾ ਨਾਨਕ ਤੇ ਤਲਵਾੜਾ ‘ਚ 191 ਉਮੀਦਵਾਰ ਮੈਦਾਨ ‘ਚ
