ਸ੍ਰੀ ਮੁਕਤਸਰ ਸਾਹਿਬ, 14 ਜੂਨ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਮੁਫ਼ਤ ਆਰ.ਓ. ਸਿਸਟਮ ਲਗਾਏ ਜਾ ਰਹੇ ਹਨ। ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਬਾਮ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਟਿੱਬੀ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਆਰ.ਓ. ਸਿਸਟਮ ਲਗਾਏ ਜਾਣਗੇ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈੱਸ ਨੂੰ ਜਾਣਕਾਰੀ ਦਿੱਤੀ ਕਿ ਮਾਲਵਾ ਖੇਤਰ ਦਾ ਪਾਣੀ ਬਹੁਤ ਹੀ ਮਾੜਾ ਹੈ। ਲੋਕ ਵੱਖ-ਵੱਖ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਉਪਰੋਕਤ ਸਕੂਲਾਂ ਵੱਲੋਂ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਡਾਕਟਰ ਐੱਸ.ਪੀ. ਸਿੰਘ ਓਬਰਾਏ ਨੂੰ ਸਕੂਲਾਂ ਵਿਚ ਆਰ.ਓ. ਸਿਸਟਮ ਲਗਾਉਣ ਦੀ ਬੇਨਤੀ ਕੀਤੀ ਗਈ ਸੀ, ਤਾਂ ਡਾਕਟਰ ਓਬਰਾਏ ਵੱਲੋਂ ਤੁਰੰਤ ਪ੍ਰਵਾਨਗੀ ਦਿੱਤੀ ਗਈ, ਤਾਂ ਜੋ ਬੱਚੇ ਸਾਫ ਪਾਣੀ ਪੀ ਸਕਣ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਕੂਲਾਂ ਵਿਚ ਅਤੇ ਹੋਰ ਜਨਤਕ ਥਾਵਾਂ ‘ਤੇ ਟਰੱਸਟ ਵੱਲੋਂ 110 ਦੇ ਕਰੀਬ ਮੁਫ਼ਤ ਆਰ.ਓ. ਸਿਸਟਮ ਲਗਾਏ ਜਾ ਚੁੱਕੇ ਹਨ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 2 ਹੋਰ ਸਰਕਾਰੀ ਸਕੂਲਾਂ ਵਿਚ ਲਗਾਏਗਾ ਮੁਫ਼ਤ ਆਰ.ਓ. ਸਿਸਟਮ : ਜੱਸਾ ਸਿੰਘ ਸੰਧੂ
