ਅੰਮ੍ਰਿਤਸਰ, 25 ਜੂਨ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਵਿਚਲੀ ਗ੍ਰੀਨ ਐਵੇਨਿਊ ਸਥਿਤ ਰਿਹਾਇਸ਼ ‘ਤੇ ਵਿਜੀਲੈਂਸ ਦੀ ਟੀਮ ਨੇ ਛਾਪਾ ਮਾਰਿਆ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਹਿਰਾਸਤ ਵਿਚ ਲੈ ਲਿਆ। ਵਿਜੀਲੈਂਸ ਦੇ ਐੱਸ.ਐੱਸ.ਪੀ. ਲਖਬੀਰ ਸਿੰਘ ਦੀ ਅਗਵਾਈ ‘ਚ ਬੁੱਧਵਾਰ ਸਵੇਰੇ 15 ਅਧਿਕਾਰੀਆਂ ਦੀ ਟੀਮ ਮਜੀਠੀਆ ਦੇ ਘਰ ਪਹੁੰਚੀ ਅਤੇ ਰੇਡ ਕੀਤੀ। ਇਹ ਰੇਡ ਨਸ਼ੇ ਦੇ ਮਾਮਲੇ ਵਿਚ ਕੀਤੀ ਗਈ ਹੈ। ਇਕੋ ਸਮੇਂ ਮਜੀਠੀਆ ਦੇ ਲਗਭਗ 15 ਟੀਕਾਣਿਆਂ ‘ਤੇ ਇਕੱਠਿਆਂ ਰੇਡ ਕੀਤੀ ਗਈ। ਸੂਤਰਾਂ ਮੁਤਾਬਕ ਵਿਜੀਲੈਂਸ ਮਜੀਠੀਆ ਨੂੰ ਮੋਹਾਲੀ ਲਿਜਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਮਜੀਠੀਆ ਇਸ ਵੇਲੇ ਨਸ਼ਿਆਂ ਦੇ ਦੋਸ਼ ਹੇਠ ਚੱਲ ਰਹੇ ਇੱਕ ਕੇਸ ਦਾ ਸਾਹਮਣਾ ਕਰ ਰਹੇ ਹਨ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਨੂੰ ਬਿਕਰਮ ਮਜੀਠੀਆ ਦੇ ਘਰੋਂ 29 ਮੋਬਾਇਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਮਿਲੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ‘ਤੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦੇ ਘਰ ਵਿਚ ਵਿਜੀਲੈਂਸ ਨੇ ਛਾਪੇਮਾਰੀ ਕੀਤੀ ਹੈ। ਉਹ ਖੁਦ ਘਰ ਵਿਚ ਹਨ ਅਤੇ ਉਨ੍ਹਾਂ ਨੂੰ ਬਿਨਾਂ ਕੋਈ ਜਾਣਕਾਰੀ ਦਿੱਤੇ ਇਸ ਟੀਮ ਨੇ ਘਰ ਵਿਚ ਛਾਪੇਮਾਰੀ ਕੀਤੀ ਹੈ, ਜਿਸ ਦੀ ਅਗਵਾਈ ਵਿਜੀਲੈਂਸ ਵਿਭਾਗ ਦੇ ਐੱਸ.ਐੱਸ.ਪੀ. ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸਬੰਧ ਵਿਚ ਦਰਜ ਕੇਸ ਵਿਚ ਜਦੋਂ ਉਨ੍ਹਾਂ ਖਿਲਾਫ਼ ਕੁਝ ਨਹੀਂ ਮਿਲਿਆ, ਤਾਂ ਸਰਕਾਰ ਉਨ੍ਹਾਂ ਖਿਲਾਫ ਇੱਕ ਹੋਰ ਨਵਾਂ ਮਾਮਲਾ ਦਰਜ ਕਰਨ ਦਾ ਯਤਨ ਕਰ ਰਹੀ ਹੈ।
ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਨੂੰ ਡਰਾਉਣ ਅਤੇ ਧਮਕਾਉਣ ਦਾ ਯਤਨ ਕਰ ਰਹੀ ਹੈ ਪਰ ਉਹ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ, ”ਮੈਂ ਹਮੇਸ਼ਾ ਪੰਜਾਬ ਦੇ ਮੁੱਦਿਆਂ ‘ਤੇ ਗੱਲ ਕੀਤੀ ਹੈ ਅਤੇ ਭਵਿੱਖ ਵਿਚ ਵੀ ਗੱਲ ਕਰਦਾ ਰਹਾਂਗਾ। ਮੈਨੂੰ ਅਕਾਲ ਪੁਰਖ ‘ਤੇ ਪੂਰਾ ਭਰੋਸਾ ਹੈ ਅਤੇ ਅੰਤ ਵਿਚ ਸੱਚਾਈ ਦੀ ਜਿੱਤ ਹੋਵੇਗੀ।” ਅਕਾਲੀ ਆਗੂ ਨੇ ਐਕਸ ‘ਤੇ ਇੱਕ ਵੀਡੀਓ ਵੀ ਅਪਲੋਡ ਕੀਤੀ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਸਾਦੇ ਕੱਪੜਿਆਂ ਵਿਚ ਪੁਲਿਸ ਕਰਮਚਾਰੀ ਦਿਖਾਈ ਦੇ ਰਹੇ ਹਨ, ਜਿਨ੍ਹਾਂ ਤੋਂ ਉਨ੍ਹਾਂ ਦੀ ਸ਼ਨਾਖਤ ਬਾਰੇ ਪੁੱਛ ਰਹੇ ਹਨ। ਮਜੀਠੀਆ ਆਪਣੇ ਸਹਿਯੋਗੀਆਂ ਨੂੰ ਇਸ ਸਾਰੀ ਕਾਰਵਾਈ ਦੀ ਵੀਡੀਓ ਬਣਾਉਣ ਬਾਰੇ ਵੀ ਆਖ ਰਹੇ ਹਨ।
ਵਿਜੀਲੈਂਸ ਦੀ ਟੀਮ ਵੱਲੋਂ ਬਿਕਰਮ ਮਜੀਠੀਆ ਗ੍ਰਿਫ਼ਤਾਰ
