– ਸੰਜੀਵ ਅਰੋੜਾ ਨੂੰ ਮੰਤਰੀ ਮੰਡਲ ‘ਚ ਕੀਤਾ ਜਾਵੇਗਾ ਸ਼ਾਮਲ
– ਹੋਰ ਵਿਧਾਇਕ ਵੀ ਬਣ ਸਕਦੇ ਹਨ ਮੰਤਰੀ
ਜਲੰਧਰ/ਚੰਡੀਗੜ੍ਹ, 25 ਜੂਨ (ਪੰਜਾਬ ਮੇਲ)– ਪੰਜਾਬ ‘ਚ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੀ ਜਿੱਤ ਤੋਂ ਬਾਅਦ ਸੂਬੇ ‘ਚ ਦੋ-ਚਾਰ ਦਿਨਾਂ ‘ਚ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਕਰ ਦਿੱਤਾ ਜਾਵੇਗਾ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ‘ਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ‘ਆਪ’ ਦੇ ਲੁਧਿਆਣਾ ਪੱਛਮੀ ਹਲਕੇ ਤੋਂ ਜਿੱਤ ਹਾਸਲ ਕਰਨ ਵਾਲੇ ਸੰਜੀਵ ਅਰੋੜਾ ਨੂੰ ਵੀ ਮੰਤਰੀ ਮੰਡਲ ‘ਚ ਸ਼ਾਮਲ ਕੀਤਾ ਜਾਵੇਗਾ। ਉਪ-ਚੋਣ ਤੋਂ ਪਹਿਲਾਂ ਹੀ ਇਸ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੂੰ ਉਦਯੋਗ ਵਿਭਾਗ ਦਿੱਤਾ ਜਾ ਸਕਦਾ ਹੈ ਕਿਉਂਕਿ ਉਹ ਖ਼ੁਦ ਉੱਘੇ ਉਦਯੋਗਪਤੀ ਹਨ ਤੇ ਉਨ੍ਹਾਂ ਨੇ ਇਸ ਵਰਗ ਲਈ ਕਈ ਉਪਰਾਲੇ ਵੀ ਕੀਤੇ ਹਨ। ਇਸ ਸਮੇਂ ਉਦਯੋਗ ਵਿਭਾਗ ਤਰੁਨਪ੍ਰੀਤ ਸਿੰਘ ਸੌਂਦ ਕੋਲ ਹੈ, ਜਿਨ੍ਹਾਂ ਕੋਲ ਹੋਰ ਵੀ ਬਹੁਤ ਸਾਰੇ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਹੈ। ਇਸ ਲਈ ਉਨ੍ਹਾਂ ਤੋਂ ਇਸ ਵਿਭਾਗ ਦੀ ਜ਼ਿੰਮੇਵਾਰੀ ਵਾਪਸ ਲੈ ਕੇ ਅਰੋੜਾ ਨੂੰ ਮੌਕਾ ਦਿੱਤਾ ਜਾ ਸਕਦਾ ਹੈ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ‘ਚ ਚੋਣ ਪ੍ਰਚਾਰ ਕਰਦੇ ਹੋਏ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਬਣਾਉਣ ਦਾ ਐਲਾਨ ਕੀਤਾ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਕੁਝ ਹੋਰ ਚੰਗੇ ਚਿਹਰਿਆਂ ਨੂੰ ਸਰਕਾਰ ਵਿਚ ਜਗ੍ਹਾ ਦਿੱਤੀ ਜਾ ਸਕਦੀ ਹੈ ਕਿਉਂਕਿ 2027 ‘ਚ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਹੋਣੀਆਂ ਹਨ, ਜਿਨ੍ਹਾਂ ਨੂੰ ਵੇਖਦੇ ਹੋਏ ਸਰਕਾਰ ਨੂੰ ਅਗਲੇ ਡੇਢ ਸਾਲਾਂ ਦੌਰਾਨ ਤੇਜ਼-ਤਰਾਰ ਢੰਗ ਨਾਲ ਕੰਮ ਕਰਨਾ ਪਵੇਗਾ।
ਪੰਜਾਬ ‘ਚ ਕੁਝ ਮੰਤਰੀਆਂ ਦੀ ਕਾਰਗੁਜ਼ਾਰੀ ਨੂੰ ਲੈ ਕੇ ‘ਆਪ’ ਲੀਡਰਸ਼ਿਪ ਜ਼ਿਆਦਾ ਪ੍ਰਸੰਨ ਨਹੀਂ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਸੰਜੀਵ ਅਰੋੜਾ ਨੂੰ ਮੰਤਰੀ ਬਣਾਉਂਦੇ ਸਮੇਂ ਪੰਜਾਬ ਮੰਤਰੀ ਮੰਡਲ ‘ਚ ਹੋਰ ਵੀ ਫੇਰਬਦਲ ਕੀਤਾ ਜਾਂਦਾ ਹੈ ਜਾਂ ਫਿਰ ਇਕੱਲੇ ਸੰਜੀਵ ਅਰੋੜਾ ਨੂੰ ਹੀ ਮੰਤਰੀ ਮੰਡਲ ‘ਚ ਸ਼ਾਮਲ ਕੀਤਾ ਜਾਵੇਗਾ।
ਜਲੰਧਰ ਪੱਛਮੀ ਵਿਧਾਨ ਸਭਾ ਸੀਟ ਦੀ ਜਦੋਂ ਉਪ-ਚੋਣ ਹੋਈ ਸੀ, ਤਾਂ ਉਸ ਵੇਲੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੋਟਰਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਮੋਹਿੰਦਰ ਭਗਤ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕਰਨਗੇ ਅਤੇ ਉਪ-ਚੋਣ ‘ਚ ਜਿੱਤਣ ਤੋਂ ਕੁਝ ਸਮਾਂ ਬਾਅਦ ਹੀ ਮੋਹਿੰਦਰ ਭਗਤ ਨੂੰ ਕੈਬਨਿਟ ਮੰਤਰੀ ਬਣਾ ਦਿੱਤਾ ਗਿਆ ਸੀ।
ਪੰਜਾਬ ਕੈਬਨਿਟ ‘ਚ ਫੇਰਬਦਲ ਦੀ ਤਿਆਰੀ
