ਨਵੀਂ ਦਿੱਲੀ, 20 ਜੁਲਾਈ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਰਾਜ ਸਭਾ ਸੰਸਦ ਮੈਂਬਰ ਸੰਜੈ ਸਿੰਘ ਨੇ ਸੰਸਦ ਦੇ ਮੌਨਸੂਨ ਇਜਲਾਸ ਤੋਂ ਇੱਕ ਦਿਨ ਪਹਿਲਾਂ ਅੱਜ ਇੱਥੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਕੇਜਰੀਵਾਲ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ, ‘‘ਭਾਰਤ ਦੇ ਮਾਣਯੋਗ ਉਪ ਰਾਸ਼ਟਰਪਤੀ ਦੀ ਸਿਹਤ ਦਾ ਹਾਲ-ਚਾਲ ਜਾਣਿਆ। ਮੈਂ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ।’’ ਉਪ ਰਾਸ਼ਟਰਪਤੀ ਨੇ ਵੀ ਐਕਸ ’ਤੇ ਇਸ ਮੁਲਾਕਾਤ ਦੀ ਪੁਸ਼ਟੀ ਕੀਤੀ ਹੈ।
ਸੰਸਦ ਦਾ ਮੌਨਸੂਨ ਇਜਲਾਸ ਸੋਮਵਾਰ ਤੋਂ ਸ਼ੁਰੂ ਹੋਵੇਗਾ ਅਤੇ ਇਸ ਦੌਰਾਨ ਵਿਰੋਧੀ ਧਿਰ ਵੱਲੋਂ ਕਈ ਭਖ਼ਵੇਂ ਮੁੱਦੇ ਚੁੱਕੇ ਜਾਣ ਦੀ ਸੰਭਾਵਨਾ ਹੈ। ਕੇਂਦਰ ਸਰਕਾਰ ਨੇ ਸੰਸਦ ਵਿੱਚ ਵੱਖ-ਵੱਖ ਪਾਰਟੀਆਂ ਤੋਂ ਸਹਿਯੋਗ ਲੈਣ ਲਈ ਅੱਜ ਇੱਕ ਸਰਬ-ਪਾਰਟੀ ਮੀਟਿੰਗ ਕੀਤੀ।