#PUNJAB

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰਜੋਤ ਬੈਂਸ ਤਨਖਾਹੀਆ ਕਰਾਰ

ਸ਼ਹੀਦੀ ਸਮਾਗਮ ‘ਚ ਮਰਿਆਦਾ ਦੀ ਉਲੰਘਣਾ ਦਾ ਮਾਮਲਾ
ਅੰਮ੍ਰਿਤਸਰ, 6 ਅਗਸਤ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਕੈਬਨਿਟ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਸ਼੍ਰੀਨਗਰ ਵਿਖੇ ਸ਼ਹੀਦੀ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ। ਇਸ ਮੌਕੇ ਹਰਜੋਤ ਬੈਂਸ ਤੋਂ ਸਪੱਸ਼ਟੀਕਰਨ ਲੈਣ ਤੋਂ ਬਾਅਦ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਹਮਣੇ ਆਏ ਤੱਥਾਂ ਤੋਂ ਸਪੱਸ਼ਟ ਹੋਇਆ ਹੈ ਕਿ ਉਕਤ ਸਮਾਗਮ ਦੌਰਾਨ ਸਿੱਖ ਮਰਿਆਦਾਂ ਦੀ ਉਲੰਘਣਾ ਹੋਈ ਹੈ। ਹਰਜੋਤ ਸਿੰਘ ਨੇ ਗਲਤੀ ਮੰਨ ਲਈ ਤੇ ਫ਼ਿਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਧਾਰਮਿਕ ਸਜ਼ਾ ਲਗਾਈ ਗਈ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਮੁਤਾਬਕ ਹਰਜੋਤ ਸਿੰਘ ਬੈਂਸ ਨੌਂਵੇਂ ਪਾਤਸ਼ਾਹ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੁਰ ਕੇ ਜਾਣਗੇ। ਇਸ ਅਸਥਾਨ ਨੂੰ ਜਾਂਦੇ ਰਸਤਿਆਂ ਤੇ ਗਲੀਆਂ ਨੂੰ ਆਉਣ ਵਾਲੇ ਸਮੇਂ ਵਿਚ ਠੀਕ ਕਰਵਾਉਣਗੇ। ਇਸ ਤੋਂ ਬਾਅਦ ਗੁਰਦੁਆਰਾ ਕੋਠਾ ਸਾਹਿਬ ਵਿਖੇ 100 ਮੀਟਰ ਤੁਰ ਕੇ ਜਾਣਗੇ। ਇਸ ਗੁਰੂ ਘਰ ਨੂੰ ਜਾਣ ਵਾਲੇ ਰਸਤੇ ਦੀ ਹਾਲਤ ਨੂੰ ਸੁਧਾਰਨ ਲਈ ਕਾਰਜ ਕਰਨਗੇ। ਇਸ ਉਪਰੰਤ ਉਹ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਜਾਣਗੇ। ਉਪਰੰਤ ਉਹ ਗੁਰਦੁਆਰਾ ਸ੍ਰੀ ਅਨੰਦਪੁਰ ਸਾਹਿਬ ਵਿਖੇ 2 ਦਿਨ ਜੋੜਾ ਘਰ ਸੇਵਾ ਕਰਨ ਉਪਰੰਤ 1100 ਰੁਪਏ ਦੀ ਕੜਾਹ ਪ੍ਰਸ਼ਾਦਿ ਦੇ ਦੇਗ ਕਰਵਾ ਕੇ ਅਰਦਾਸ ਕਰਵਾਉਣਗੇ।
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਤਲਬ ਕੀਤਾ ਗਿਆ ਸੀ। ਉਨ੍ਹਾਂ ਤੋਂ ਇਲਾਵਾ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜਫਰ ਨੂੰ ਵੀ ਤਲਬ ਕੀਤਾ ਗਿਆ ਸੀ। ਅਕਾਲ ਤਖ਼ਤ ਸਕੱਤਰੇਤ ਵਿਚ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੋਲਾ ਤੇ ਹੋਰ ਸ਼ਾਮਲ ਸਨ।
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਪੁੱਜਣ ਤੋਂ ਪਹਿਲਾਂ ਇੱਥੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਮੱਥਾ ਟੇਕਿਆ ਅਤੇ ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਆਪਣਾ ਪੱਖ ਰੱਖਣ ਲਈ ਪੁੱਜੇ। ਉਨ੍ਹਾਂ ਚਿੱਟੇ ਰੰਗ ਦਾ ਕੁੜਤਾ ਪਜਾਮਾ ਪਾਇਆ ਸੀ ਤੇ ਦਾਹੜੇ ਦਾ ਪ੍ਰਕਾਸ਼ ਕੀਤਾ ਹੋਇਆ ਸੀ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਦਾ ਮਾਮਲਾ ਵੀ ਵਿਚਾਰੇ ਜਾਣ ਦੀ ਸੰਭਾਵਨਾ ਹੈ। ਬੀਤੇ ਦਿਨੀਂ ਉਨ੍ਹਾਂ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਉਹ ਆਰ.ਐੱਸ.ਐੱਸ. ਦੇ ਮੁਖੀ ਸਾਹਮਣੇ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰ ਰਹੇ ਸਨ। ਇਸ ਤੋਂ ਇਲਾਵਾ ਭਰਤੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਕੋਲੋਂ ਤੇਜਾ ਸਿੰਘ ਸਮੁੰਦਰੀ ਹਾਲ ਦੇਣ ਦੀ ਕੀਤੀ ਗਈ ਮੰਗ ਦਾ ਮਾਮਲਾ ਵੀ ਵਿਚਾਰੇ ਜਾਣ ਦੀ ਸੰਭਾਵਨਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਪੱਤਰ ਅਗਲੇਰੀ ਕਾਰਵਾਈ ਵਾਸਤੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਵੱਲ ਭੇਜ ਦਿੱਤਾ ਗਿਆ ਸੀ।