#INDIA

ਸੰਸਦ ‘ਚ ਜਸਟਿਸ ਵਰਮਾ ਨੂੰ ਹਟਾਉਣ ਦਾ ਅਮਲ ਸ਼ੁਰੂ

ਦੋਸ਼ਾਂ ਦੀ ਜਾਂਚ ਲਈ 3 ਮੈਂਬਰੀ ਕਮੇਟੀ ਗਠਿਤ
ਨਵੀਂ ਦਿੱਲੀ, 14 ਅਗਸਤ (ਪੰਜਾਬ ਮੇਲ)- ਇਲਾਹਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਨੂੰ ਹਟਾਉਣ ਦਾ ਅਮਲ ਸੰਸਦ ‘ਚ ਸ਼ੁਰੂ ਹੋ ਗਿਆ ਹੈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਜਸਟਿਸ ਵਰਮਾ ਖ਼ਿਲਾਫ਼ ਮਹਾਦੋਸ਼ ਦਾ ਪ੍ਰਸਤਾਵ ਸਵੀਕਾਰ ਕਰ ਲਿਆ ਹੈ। ਇਹ ਪ੍ਰਸਤਾਵ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਭਾਜਪਾ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਸਮੇਤ 146 ਸੰਸਦ ਮੈਂਬਰਾਂ ਦੇ ਦਸਤਖ਼ਤਾਂ ਨਾਲ ਪੇਸ਼ ਕੀਤਾ ਗਿਆ ਸੀ।
ਸਪੀਕਰ ਬਿਰਲਾ ਨੇ ਜਸਟਿਸ ਵਰਮਾ ਖ਼ਿਲਾਫ਼ ਸ਼ਿਕਾਇਤ ਨੂੰ ਗੰਭੀਰ ਮੰਨਦਿਆਂ ਇਸ ਮਾਮਲੇ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦੇ ਗਠਨ ਦਾ ਐਲਾਨ ਕਰ ਦਿੱਤਾ। ਸਪੀਕਰ ਵਲੋਂ ਬਣਾਈ ਗਈ ਕਮੇਟੀ ‘ਚ ਸੁਪਰੀਮ ਕੋਰਟ ਦੇ ਜੱਜ ਅਰਵਿੰਦ ਕੁਮਾਰ, ਮਦਰਾਸ ਹਾਈ ਕੋਰਟ ਦੇ ਚੀਫ਼ ਜਸਟਿਸ ਮਨਿੰਦਰ ਮੋਹਨ ਅਤੇ ਕਰਨਾਟਕ ਹਾਈ ਕੋਰਟ ਦੇ ਸੀਨੀਅਰ ਵਕੀਲ ਬੀ.ਵੀ. ਅਚਾਰੀਆ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਜਸਟਿਸ ਵਰਮਾ ‘ਤੇ ਲਗਾਏ ਗਏ ਦੋਸ਼ਾਂ ਦੀ ਜਾਂਚ ਕਰੇਗੀ ਅਤੇ ਇਕ ਰਿਪੋਰਟ ਤਿਆਰ ਕਰ ਕੇ ਲੋਕ ਸਭਾ ਸਪੀਕਰ ਨੂੰ ਸੌਂਪੇਗੀ। ਫਿਰ ਉਸ ਰਿਪੋਰਟ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਬਿਰਲਾ ਨੇ ਕਿਹਾ ਕਿ ਜਸਟਿਸ ਯਸ਼ਵੰਤ ਵਰਮਾ ਨੂੰ ਹਟਾਉਣ ਦਾ ਅਮਲ ਸ਼ੁਰੂ ਹੋਣਾ ਚਾਹੀਦਾ ਹੈ। ਅਸੀਂ ਮਹਾਦੋਸ਼ ਪ੍ਰਸਤਾਵ ਸਵੀਕਾਰ ਕਰ ਲਿਆ ਹੈ। ਸੰਸਦ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਹੈ। ਸਪੀਕਰ ਨੇ ਕਿਹਾ ਕਿ ਕਮੇਟੀ ਛੇਤੀ ਹੀ ਆਪਣੀ ਰਿਪੋਰਟ ਸੌਂਪੇਗੀ। ਜਾਂਚ ਕਮੇਟੀ ਦੀ ਰਿਪੋਰਟ ਆਉਣ ਤੱਕ ਜਸਟਿਸ ਵਰਮਾ ਨੂੰ ਹਟਾਉਣ ਦਾ ਪ੍ਰਸਤਾਵ ਬਕਾਇਆ ਰਹੇਗਾ। ਉਨ੍ਹਾਂ ਕਿਹਾ ਕਿ 31 ਜੁਲਾਈ ਨੂੰ ਉਨ੍ਹਾਂ ਨੂੰ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਭਾਜਪਾ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਸਮੇਤ 146 ਮੈਂਬਰਾਂ ਦੇ ਦਸਤਖ਼ਤਾਂ ਵਾਲੇ ਪ੍ਰਸਤਾਵ ਦੀ ਜਾਣਕਾਰੀ ਮਿਲੀ ਸੀ, ਜਿਸ ‘ਚ ਜਸਟਿਸ ਯਸ਼ਵੰਤ ਵਰਮਾ ਨੂੰ ਜੱਜਾਂ ਦੀ ਜਾਂਚ ਬਾਰੇ ਕਾਨੂੰਨ 1968 ਦੀ ਧਾਰਾ 3(2) ਦੇ ਨਾਲ ਸੰਵਿਧਾਨ ਦੀ ਧਾਰਾ 124(4) ਦੇ ਨਾਲ ਧਾਰਾ 217 ਅਤੇ 218 ਤਹਿਤ ਹਾਈ ਕੋਰਟ ਦੇ ਜੱਜ ਨੂੰ ਅਹੁਦੇ ਤੋਂ ਹਟਾਉਣ ਲਈ ਰਾਸ਼ਟਰਪਤੀ ਨੂੰ ਇਕ ਅਪੀਲ ਪੇਸ਼ ਕਰਨ ਦਾ ਪ੍ਰਸਤਾਵ ਹੈ। ਬਿਰਲਾ ਨੇ ਕਿਹਾ ਕਿ ਇਸ ਸਾਲ 15 ਮਾਰਚ ਨੂੰ ਜਸਟਿਸ ਵਰਮਾ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਸੜੀ ਹੋਈ ਨਕਦੀ ਮਿਲਣ ਦੀ ਘਟਨਾ ਬਾਰੇ ਵੀ ਪੜ੍ਹਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਮੌਜੂਦਾ ਮਾਮਲੇ ਨਾਲ ਜੁੜੇ ਤੱਥ ਗੰਭੀਰ ਭ੍ਰਿਸ਼ਟਾਚਾਰ ਵੱਲ ਇਸ਼ਾਰਾ ਕਰਦੇ ਹਨ।