ਐੱਸ.ਏ.ਐੱਸ. ਨਗਰ, 16 ਅਕਤੂਬਰ (ਪੰਜਾਬ ਮੇਲ)- ਮੋਹਾਲੀ ਅਦਾਲਤ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਹੋਰਨਾਂ ਵੱਲੋਂ ਉਨ੍ਹਾਂ ਵਿਰੁੱਧ ਚੱਲ ਰਹੇ ਹਵਾਲਾ ਰਾਸ਼ੀ ਰੋਕਥਾਮ ਐਕਟ (ਪੀ.ਐੱਮ.ਐੱਲ.ਏ.) ਕੇਸ ਵਿਚ ਦਾਇਰ ਟਰਾਇਲ ‘ਤੇ ਸਟੇਅ ਲਗਾਉਣ ਵਾਲੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਕਾਂਗਰਸੀ ਮੰਤਰੀ ਧਰਮਸੋਤ ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਸਬੰਧੀ ਹਵਾਲਾ ਰਾਸ਼ੀ ਦਾ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਉਪਰੰਤ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਤਰਫ਼ੋਂ ਪੀ.ਐੱਮ.ਐੱਲ.ਏ. ਐਕਟ ਤਹਿਤ ਦੋਸ਼ ਪੱਤਰ ਦਾਇਰ ਕੀਤਾ ਗਿਆ ਸੀ।
ਇਹ ਅਰਜ਼ੀ ਸਾਧੂ ਸਿੰਘ ਧਰਮਸੋਤ ਦੇ ਵਕੀਲ ਵੱਲੋਂ ਦਾਇਰ ਕੀਤੀ ਗਈ ਸੀ, ਜਿਸ ‘ਚ ਕਿਹਾ ਗਿਆ ਸੀ ਕਿ ਪੰਜਾਬ ਵਿਜੀਲੈਂਸ ਵੱਲੋਂ ਉਨ੍ਹਾਂ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਦਰਜ ਮਾਮਲੇ ‘ਚ ਟਰਾਇਲ ਅਜੇ ਸ਼ੁਰੂ ਨਹੀਂ ਹੋਇਆ। ਇਸ ਕਰਕੇ ਉਨ੍ਹਾਂ ਈ.ਡੀ. ਦੀ ਵਿਸ਼ੇਸ਼ ਅਦਾਲਤ ਅੱਗੇ ਪੀ.ਐੱਮ.ਐੱਲ.ਏ. ਕੇਸ ਦੇ ਟਰਾਇਲ ‘ਤੇ ਅਸਥਾਈ ਰੂਪ ਵਿਚ ਸਟੇਅ ਲਗਾਈ ਜਾਵੇ।
ਸੁਣਵਾਈ ਦੌਰਾਨ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਉਕਤ ਅਰਜ਼ੀ ਨੂੰ ਬੇਬੁਨਿਆਦ ਦੱਸਦਿਆਂ ਰੱਦ ਕਰ ਦਿੱਤਾ। ਇਸ ਦਾ ਅਰਥ ਹੈ ਕਿ ਸਾਧੂ ਸਿੰਘ ਧਰਮਸੋਤ ਅਤੇ ਹੋਰਨਾਂ ਵਿਰੁੱਧ ਈ.ਡੀ. ਦੀ ਵਿਸ਼ੇਸ਼ ਅਦਾਲਤ ਵਿਚ ਟਰਾਇਲ ਨਿਰਵਿਘਨ ਚੱਲੇਗਾ। ਹੁਣ ਇਸ ਮਾਮਲੇ ਵਿਚ ਅਗਲੀ ਸੁਣਵਾਈ 28 ਅਕਤੂਬਰ ਨੂੰ ਹੋਵੇਗੀ, ਜਦਕਿ ਸਾਧੂ ਸਿੰਘ ਧਰਮਸੋਤ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਹੋਰਨਾਂ ਵਿਰੁੱਧ ਪੰਜਾਬ ਵਿਜੀਲੈਂਸ ਵਲੋਂ ਦਰਜ ਕੀਤੇ ਗਏ ਮਾਮਲਿਆਂ ‘ਤੇ ਸੁਣਵਾਈ 21 ਨਵੰਬਰ ਨੂੰ ਹੋਵੇਗੀ।
ਸਾਬਕਾ ਮੰਤਰੀ ਧਰਮਸੋਤ ਦੀ ਹਵਾਲਾ ਰਾਸ਼ੀ ਮਾਮਲੇ ‘ਚ ਸਟੇਅ ਲਗਾਉਣ ਵਾਲੀ ਅਰਜ਼ੀ ਰੱਦ
