#PUNJAB

ਹਰਿਆਣਾ ‘ਚ 84 ਦੇ ਪੀੜਤ ਪਰਿਵਾਰਾਂ ਨੂੰ ਮਿਲੇਗੀ ਨੌਕਰੀ

-ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ‘ਚ ਕਈ ਮਤਿਆਂ ਨੂੰ ਪ੍ਰਵਾਨਗੀ
ਚੰਡੀਗੜ੍ਹ, 4 ਨਵੰਬਰ (ਪੰਜਾਬ ਮੇਲ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤ ਪਰਿਵਾਰਾਂ ਨੂੰ ਨੌਕਰੀ ਦੇਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਲਈ ਹਰਿਆਣਾ ਸਰਕਾਰ ਨੇ ਠੇਕੇ ‘ਤੇ ਨੌਕਰੀ ਦੇਣ ਵਾਲੀ ਨੀਤੀ-2022 ਵਿਚ ਸੋਧ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਮੰਤਰੀ ਮੰਡਲ ਵੱਲੋਂ 13 ਹੋਰ ਏਜੰਡਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਹਰਿਆਣਾ ਸਰਕਾਰ ਵੱਲੋਂ ਦੰਗਾ ਪੀੜਤ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਠੇਕੇ ‘ਤੇ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ (ਐੱਚ.ਕੇ.ਆਰ.ਐੱਨ.) ਅਧੀਨ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਦੰਗਾ ਪੀੜਤ ਪਰਿਵਾਰਾਂ ਨੂੰ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ ਵਿਚ ਲੈਵਲ-1, 2 ਤੇ 3 ਵਿਚ ਢੁੱਕਵੀਂ ਨੌਕਰੀ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 25 ਅਗਸਤ ਨੂੰ ਵਿਧਾਨ ਸਭਾ ਵਿਚ ਦੰਗਾ ਪੀੜਤ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਸੀ। ਜਾਣਕਾਰੀ ਅਨੁਸਾਰ 1984 ਸਿੱਖ ਕਤਲੇਆਮ ਦੌਰਾਨ ਹਰਿਆਣਾ ਵਿਚ ਲਗਪਗ 20 ਗੁਰਦੁਆਰਿਆਂ, 221 ਮਕਾਨਾਂ, 154 ਦੁਕਾਨਾਂ, 57 ਫੈਕਟੀਆਂ, 3 ਰੇਲ ਡੱਬਿਆਂ ਅਤੇ 85 ਵਾਹਨਾਂ ਨੂੰ ਸਾੜ ਦਿੱਤਾ ਗਿਆ ਸੀ। ਇਨ੍ਹਾਂ ਦੰਗਿਆਂ ਦੌਰਾਨ 58 ਵਿਅਕਤੀ ਜ਼ਖ਼ਮੀ ਹੋਏ ਸਨ ਅਤੇ 121 ਦੀ ਮੌਤ ਹੋਈ ਸੀ। ਸਰਕਾਰ ਦੀ ਇਸ ਸਕੀਮ ਦਾ ਹੁਣ 121 ਪੀੜਤ ਪਰਿਵਾਰਾਂ ਨੂੰ ਲਾਭ ਹੋਵੇਗਾ।