-ਨਿਆਇਕ ਹਿਰਾਸਤ 26 ਨਵੰਬਰ ਤੱਕ ਵਧੀ
ਮੋਹਾਲੀ, 11 ਨਵੰਬਰ (ਪੰਜਾਬ ਮੇਲ)- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ‘ਚ ਪੇਸ਼ੀ ਹੋਈ। ਮਜੀਠੀਆ ਨੂੰ ਨਾਭਾ ਜੇਲ੍ਹ ਪ੍ਰਸ਼ਾਸਨ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।
ਇਸ ਦੌਰਾਨ ਅਦਾਲਤ ‘ਚ ਸਰਕਾਰੀ ਧਿਰ ਵੱਲੋਂ ਪ੍ਰੀਤ ਇੰਦਰ ਪਾਲ ਸਿੰਘ ਵਿਸ਼ੇਸ਼ ਸਰਕਾਰੀ ਵਕੀਲ ਤੇ ਮਨਜੀਤ ਸਿੰਘ ਪੇਸ਼ ਹੋਏ, ਜਦੋਂਕਿ ਬਿਕਰਮ ਸਿੰਘ ਮਜੀਠੀਆ ਵੱਲੋਂ ਐਡਵੋਕੇਟ ਐੱਚ.ਐੱਸ. ਧਨੋਆ ਪੇਸ਼ ਹੋਏ। ਅਦਾਲਤ ਵੱਲੋਂ ਬਿਕਰਮ ਮਜੀਠੀਆ ‘ਤੇ ਦੋਸ਼ ਤੈਅ ਕਰਨ ਲਈ 26 ਨਵੰਬਰ ਦੀ ਤਾਰੀਖ਼ ਤੈਅ ਕੀਤੀ ਗਈ ਹੈ। ਪਿਛਲੀ ਪੇਸ਼ੀ ‘ਤੇ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਸੀ।
ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਮੁਹਾਲੀ ਦੀ ਅਦਾਲਤ ਵੱਲੋਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕੀਤੇ ਜਾਣ ਮਗਰੋਂ ਹਾਈ ਕੋਰਟ ਵਿਚ ਉਨ੍ਹਾਂ ਦੀ ਜ਼ਮਾਨਤ ਲਈ ਲਗਾਤਾਰ ਸੁਣਵਾਈ ਚੱਲ ਰਹੀ ਹੈ। ਵਿਜੀਲੈਂਸ ਵੱਲੋਂ 22 ਅਗਸਤ ਨੂੰ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਉਪਰੰਤ ਵਿਜੀਲੈਂਸ ਪੂਰਕ ਚਲਾਨ ਵੀ ਪੇਸ਼ ਕਰ ਚੁੱਕੀ ਹੈ।
ਮਜੀਠੀਆ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ

