#PUNJAB

ਜ਼ਿਲ੍ਹਾ ਪ੍ਰੀਸ਼ਦ ਚੋਣ : ਅਕਾਲੀ ਦਲ ਨੇ ਔਲਖ ਨੂੰ ਉਮੀਦਵਾਰ ਐਲਾਨਿਆ

-ਜ਼ੋਨ ਗੋਇੰਦਵਾਲ ਸਾਹਿਬ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣ ਲਈ ਲਾਈ ਮੋਹਰ
ਸ੍ਰੀ ਗੋਇੰਦਵਾਲ ਸਾਹਿਬ, 2 ਦਸੰਬਰ (ਪੰਜਾਬ ਮੇਲ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਖਡੂਰ ਸਾਹਿਬ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਨੂੰ ਲੈ ਕੇ ਅਕਾਲੀ ਦਲ ਨੇ ਜ਼ੋਨ ਗੋਇੰਦਵਾਲ ਸਾਹਿਬ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣ ਲੜਨ ਲਈ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਔਲਖ ਦੇ ਨਾਮ ‘ਤੇ ਮੋਹਰ ਲਾਈ ਹੈ। ਉੱਥੇ ਹੀ ਬਲਾਕ ਸਮਿਤੀ ਲਈ ਵੀ ਜ਼ੋਨ ਗੋਇੰਦਵਾਲ ਸਾਹਿਬ ਤੋਂ ਮੋਹਨ ਸਿੰਘ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਕੁਲਦੀਪ ਸਿੰਘ ਔਲਖ ਵੱਲੋਂ ਅਕਾਲੀ ਦਲ ਦੇ ਆਗੂਆਂ ਸਮੇਤ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਜ਼ਿਲ੍ਹਾ ਪ੍ਰੀਸ਼ਦ ਚੋਣ ਲੜਨ ਦਾ ਆਗਾਜ਼ ਕਰ ਦਿੱਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਮਿੰਨਾ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੜਨ ਲਈ ਆਪਣੇ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਜਲਦ ਕਰ ਦੇਵੇਗਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਸ਼ਾਨ ਨਾਲ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਜਿੱਤੇਗਾ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਲਈ ਜੋਨ ਗੋਇੰਦਵਾਲ ਸਾਹਿਬ ਤੋਂ ਐਲਾਨੇ ਗਏ ਉਮੀਦਵਾਰ ਕੁਲਦੀਪ ਸਿੰਘ ਔਲਖ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆ ਆਖਿਆ ਕਿ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ। ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਇਸ ਚੋਣ ਨੂੰ ਜਿੱਤ ਕਿ ਪਾਰਟੀ ਦੀ ਝੋਲੀ ਪਾਉਣਗੇ। ਇਸ ਮੌਕੇ ਅਕਾਲੀ ਆਗੂਆਂ ਵੱਲੋਂ ਕੁਲਦੀਪ ਸਿੰਘ ਔਲਖ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਵਿਸ਼ਵਾਸ ਦੁਆਇਆ ਗਿਆ।