#PUNJAB

ਪੰਜਾਬ ਦੇ 3 ਧਾਰਮਿਕ ਮਹੱਤਤਾ ਵਾਲੇ ਸ਼ਹਿਰਾਂ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜਾ ਮਿਲਿਆ

ਰਾਜਪਾਲ ਵੱਲੋਂ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਹੋਏ ਇਜਲਾਸ ‘ਚ ਪਾਸ ਮਤੇ ਨੂੰ ਦਿੱਤੀ ਸੰਵਿਧਾਨਕ ਮਨਜ਼ੂਰੀ
ਸ੍ਰੀ ਅਨੰਦਪੁਰ ਸਾਹਿਬ, 18 ਦਸੰਬਰ (ਪੰਜਾਬ ਮੇਲ)-ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਬੀਤੇ 24 ਨਵੰਬਰ ਨੂੰ ਹੋਏ ਵਿਸ਼ੇਸ਼ ਇਜਲਾਸ ਦੌਰਾਨ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਤਿੰਨ ਧਾਰਮਿਕ ਮਹੱਤਤਾ ਵਾਲੇ ਸ਼ਹਿਰ ਜਿਨ੍ਹਾਂ ‘ਚ ਸ੍ਰੀ ਅੰਮ੍ਰਿਤਸਰ ਸਾਹਿਬ ਪੁਰਾਣਾ ਸ਼ਹਿਰ, ਸਾਬੋ ਕੀ ਤਲਵੰਡੀ, ਬਠਿੰਡਾ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜਾ ਦੇਣ ਲਈ ਪਾਸ ਕੀਤੇ ਮਤੇ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਪ੍ਰਵਾਨਗੀ ਦੇਣ ਨਾਲ ਉਕਤ ਸ਼ਹਿਰਾਂ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜਾ ਮਿਲ ਗਿਆ ਹੈ।
ਚੰਡੀਗੜ੍ਹ ਤੋਂ ਬਾਹਰ ਪੰਜਾਬ ਵਿਧਾਨ ਸਭਾ ਦੇ ਪਹਿਲੀ ਵਾਰ ਹੋਏ ਵਿਸ਼ੇਸ਼ ਇਜਲਾਸ ਦੌਰਾਨ ਗੁਰੂ ਸਾਹਿਬਾਨ ਅਤੇ ਹੋਰ ਸ਼ਹੀਦ ਸਿੰਘਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਦਿਆਂ ਮੁੱਖ ਮੰਤਰੀ ਪੰਜਾਬ ਵਲੋਂ ਇਸ ਇਜਲਾਸ ਦੌਰਾਨ ਪੰਜਾਬ ਦੇ ਇਨ੍ਹਾਂ ਤਿੰਨ ਸ਼ਹਿਰਾਂ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਕਰਕੇ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਮਤਾ ਪਾਸ ਕਰਵਾਇਆ ਸੀ। ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਹੋਏ ਵਿਸ਼ੇਸ਼ ਇਜਲਾਸ ਦੌਰਾਨ ਉਕਤ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਸਰਬਸੰਮਤੀ ਨਾਲ ਪਾਸ ਮਤੇ ਨੂੰ ਪੰਜਾਬ ਦੇ ਰਾਜਪਾਲ ਵੱਲੋਂ 15 ਦਸੰਬਰ ਨੂੰ ਸੰਵਿਧਾਨਿਕ ਮਨਜ਼ੂਰੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਉਕਤ ਤਿੰਨਾਂ ਸ਼ਹਿਰਾਂ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜਾ ਮਿਲ ਗਿਆ ਹੈ। ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਸਰਕਾਰ ਉਕਤ ਤਿੰਨਾਂ ਸ਼ਹਿਰਾਂ ‘ਚੋਂ ਮਾਸ, ਸ਼ਰਾਬ ਅਤੇ ਤੰਬਾਕੂ ਅਤੇ ਹੋਰ ਵਰਜਿਤ ਵਸਤਾਂ ਦੀ ਰੋਕਥਾਮ ਲਈ ਕੋਈ ਕਦਮ ਉਠਾਉਂਦੀ ਹੈ ਜਾਂ ਨਹੀਂ।