#OTHERS

ਬੰਗਲਾਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦਾ ਦੇਹਾਂਤ

ਢਾਕਾ, 30 ਦਸੰਬਰ (ਪੰਜਾਬ ਮੇਲ)- ਬੰਗਲਾਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਅਤੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ.ਐੱਨ.ਪੀ.) ਦੀ ਚੇਅਰਪਰਸਨ ਖਾਲਿਦਾ ਜ਼ਿਆ ਦਾ ਲੰਬੀ ਬਿਮਾਰੀ ਤੋਂ ਬਾਅਦ ਮੰਗਲਵਾਰ ਸਵੇਰੇ ਦਿਹਾਂਤ ਹੋ ਗਿਆ। ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ 80 ਸਾਲਾ ਜ਼ੀਆ ਨੇ ਢਾਕਾ ਦੇ ਐਵਰਕੇਅਰ ਹਸਪਤਾਲ ਵਿਚ ਸਵੇਰੇ ਕਰੀਬ 6 ਵਜੇ ਆਖਰੀ ਸਾਹ ਲਿਆ, ਜਿਸ ਦੀ ਪੁਸ਼ਟੀ ਉਨ੍ਹਾਂ ਦੇ ਨਿੱਜੀ ਡਾਕਟਰ ਪ੍ਰੋਫੈਸਰ ਏਜ਼ੈਡਐਮ ਜ਼ਾਹਿਦ ਹੁਸੈਨ ਨੇ ਕੀਤੀ ਹੈ।
ਉਹ ਬੀਤੀ 23 ਨਵੰਬਰ ਤੋਂ ਹਸਪਤਾਲ ਵਿਚ ਦਾਖਲ ਸਨ ਅਤੇ ਛਾਤੀ ਵਿਚ ਇਨਫੈਕਸ਼ਨ ਕਾਰਨ ਉਨ੍ਹਾਂ ਦੀ ਹਾਲਤ ਲਗਾਤਾਰ ਨਾਜ਼ੁਕ ਬਣੀ ਹੋਈ ਸੀ। 27 ਨਵੰਬਰ ਨੂੰ ਉਨ੍ਹਾਂ ਨੂੰ ਸੀ.ਸੀ.ਯੂ. ਵਿਚ ਤਬਦੀਲ ਕੀਤਾ ਗਿਆ ਸੀ, ਜਿੱਥੇ ਦੇਸੀ ਅਤੇ ਵਿਦੇਸ਼ੀ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਸੀ, ਪਰ ਉਨ੍ਹਾਂ ਦੀ ਸਿਹਤ ਵਿਚ ਕੋਈ ਸੁਧਾਰ ਨਹੀਂ ਹੋਇਆ। ਸੋਮਵਾਰ ਰਾਤ ਉਨ੍ਹਾਂ ਦੇ ਪੁੱਤਰ ਤਾਰਿਕ ਰਹਿਮਾਨ ਸਮੇਤ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਵਿਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ।