#PUNJAB

ਭ੍ਰਿਸ਼ਟਾਚਾਰ ਮਾਮਲਾ: ਸੀ.ਬੀ.ਆਈ. ਅਦਾਲਤ ਵੱਲੋਂ ਹਰਚਰਨ ਭੁੱਲਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ

-ਅਦਾਲਤ ਨੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਰਜ਼ੀ ਖਾਰਜ ਕੀਤੀ
ਚੰਡੀਗੜ੍ਹ, 2 ਜਨਵਰੀ  (ਪੰਜਾਬ ਮੇਲ)- ਸੀ.ਬੀ.ਆਈ. ਦੀ ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵੱਲੋਂ ਦਾਇਰ ਕੀਤੀ ਗਈ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਇਸ ਮਾਮਲੇ ਦੀ ਅੱਜ ਚੰਡੀਗੜ੍ਹ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ‘ਚ ਸੁਣਵਾਈ ਹੋਈ। ਪਿਛਲੀ ਸੁਣਵਾਈ ਦੌਰਾਨ ਜਵਾਬ ਦਾਇਰ ਕਰਨ ਦੇ ਹੁਕਮਾਂ ਤੋਂ ਬਾਅਦ ਅੱਜ ਦੋਵਾਂ ਧਿਰਾਂ ਨੇ ਅਦਾਲਤ ਅੱਗੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਸਾਬਕਾ ਡੀ.ਆਈ.ਜੀ. ਭੁੱਲਰ ਵੱਲੋਂ ਪੇਸ਼ ਹੋਏ ਵਕੀਲ ਨੇ ਦਲੀਲ ਦਿੱਤੀ ਕਿ ਕਥਿਤ ਰਿਸ਼ਵਤ ਦੀ ਰਾਸ਼ੀ ਬਾਰੇ ਵੀ ਦਸਤਾਵੇਜ਼ ਆਪਾ ਵਿਰੋਧੀ ਹਨ।
ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਨੇ ਭੁੱਲਰ ਅਤੇ ਉਸ ਦੇ ਕਥਿਤ ਸਹਾਇਕ ਕਿਰਸ਼ਾਨੂ ਸ਼ਾਰਦਾ ਨੂੰ 16 ਅਕਤੂਬਰ, 2025 ਨੂੰ ਇੱਕ ਸ਼ਿਕਾਇਤਕਰਤਾ ਤੋਂ ਰਿਸ਼ਵਤ ਮੰਗਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਸੀ।
ਸੀ.ਬੀ.ਆਈ. ਨੂੰ 11 ਅਕਤੂਬਰ ਨੂੰ ਮੰਡੀ ਗੋਬਿੰਦਗੜ੍ਹ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵਸਨੀਕ ਆਕਾਸ਼ ਬੱਤਾ ਤੋਂ ਸ਼ਿਕਾਇਤ ਮਿਲੀ, ਜਿਸ ਵਿਚ ਦੋਸ਼ ਲਗਾਇਆ ਗਿਆ ਸੀ ਕਿ ਹਰਚਰਨ ਸਿੰਘ ਭੁੱਲਰ ਨੇ ਆਪਣੇ ਵਿਚੋਲੇ ਸ਼ਾਰਦਾ ਰਾਹੀਂ 2023 ਵਿਚ ਪੁਲਿਸ ਸਟੇਸ਼ਨ ਸਰਹਿੰਦ ਵਿਚ ਸ਼ਿਕਾਇਤਕਰਤਾ ਵਿਰੁੱਧ ਦਰਜ ਐੱਫ.ਆਈ.ਆਰ. ਦਾ ਨਿਪਟਾਰਾ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਸੀ.ਬੀ.ਆਈ. ਵਲੋਂ ਦੋਵਾਂ ਨੂੰ ਰਿਸ਼ਵਤ ਦੀ ਰਕਮ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ।
ਮੁਅੱਤਲ ਮੁਲਜ਼ਮ ਡੀ.ਆਈ.ਜੀ. ਦੇ ਵਕੀਲ ਐੱਸ.ਪੀ.ਐੱਸ. ਭੁੱਲਰ ਨੇ ਦਲੀਲ ਦਿੱਤੀ ਕਿ ਮਾਮਲੇ ਵਿਚ ਚਲਾਨ ਪਹਿਲਾਂ ਹੀ ਦਾਇਰ ਕੀਤਾ ਜਾ ਚੁੱਕਾ ਹੈ ਅਤੇ ਜਾਂਚ ਮੁਕੰਮਲ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਕੋਈ ਸਵਾਲ ਗਵਾਹਾਂ ਨੂੰ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਨਹੀਂ ਕਰ ਸਕਦੇ, ਇਸ ਕਰਕੇ ਜ਼ਮਾਨਤ ਦਿੱਤੀ ਜਾਵੇ।
ਹਾਲਾਂਕਿ ਸਰਕਾਰੀ ਵਕੀਲ ਨਰਿੰਦਰ ਸਿੰਘ ਨੇ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ। ਉਨ੍ਹਾਂ ਦਲੀਲ ਦਿੱਤੀ ਕਿ ਜੇਕਰ ਜ਼ਮਾਨਤ ਦਿੱਤੀ ਜਾਂਦੀ ਹੈ, ਤਾਂ ਮੁਲਜ਼ਮ ਗਵਾਹਾਂ ਨੂੰ ਪ੍ਰਭਾਵਿਤ ਕਰੇਗਾ। ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਅਰਜ਼ੀ ਖਾਰਜ ਕਰ ਦਿੱਤੀ।
ਭੁੱਲਰ ਨੇ ਅੰਤਰਿਮ ਜ਼ਮਾਨਤ ਲਈ ਸੁਪਰੀਮ ਕੋਰਟ ਵਿਚ ਵੀ ਅਰਜ਼ੀ ਦਾਇਰ ਕਰਦਿਆਂ ਸੀਬੀਆਈ ਦੀ ਕਾਰਵਾਈ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ ਪਰ ਸਰਵਉੱਚ ਅਦਾਲਤ ਨੇ ਇਸ ਮਾਮਲੇ ਵਿਚ ਰਾਹਤ ਨਾ ਦਿੱਤੀ। ਸ. ਭੁੱਲਰ ਇਸ ਵੇਲੇ ਬੁੜੈਲ ਜੇਲ੍ਹ ਚੰਡੀਗੜ੍ਹ ਵਿਚ ਨਿਆਂਇਕ ਹਿਰਾਸਤ ਵਿਚ ਹੈ।