#PUNJAB

328 ਲਾਪਤਾ ਸਰੂਪ ਮਾਮਲਾ: ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਤੇ ਚੰਡੀਗੜ੍ਹ ਦਫਤਰ ਪੁੱਜੀ ਸਿੱਟ ਦੀ ਟੀਮ

-ਲੋੜੀਂਦਾ ਰਿਕਾਰਡ ਮੰਗਿਆ
ਅੰਮ੍ਰਿਤਸਰ/ਚੰਡੀਗੜ੍ਹ, 14 ਜਨਵਰੀ (ਪੰਜਾਬ ਮੇਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਪਹੁੰਚ ਕਰਕੇ ਲੋੜੀਂਦੇ ਰਿਕਾਰਡ ਦੀ ਮੰਗ ਕੀਤੀ ਹੈ। ਵਿਸ਼ੇਸ਼ ਜਾਂਚ ਟੀਮ ਵੱਲੋਂ ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਦੇ ਸੈਕਟਰ-5 ਸਥਿਤ ਦਫਤਰ ਵਿਚ ਵੀ ਐੱਸ.ਪੀ. ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਦਸਤਕ ਦਿੱਤੀ ਗਈ ਹੈ। ਜਿੱਥੇ ਉਨ੍ਹਾਂ ਨੇ ਸਕੱਤਰ ਸੁਖਮਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਲੋੜੀਂਦਾ ਰਿਕਾਰਡ ਮੰਗਿਆ। ਇਨ੍ਹਾਂ ਨੇ ਅਰਜ਼ੀ ਦਿੱਤੀ ਕਿ ਵਿਸ਼ੇਸ਼ ਜਾਂਚ ਟੀਮ ਨੂੰ ਰਿਕਾਰਡ ਮੁਹੱਈਆ ਕਰਵਾਇਆ ਜਾਵੇ। ਸਕੱਤਰ ਨੇ ਪੁਲਿਸ ਟੀਮ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਸਬੰਧੀ ਉਚ ਅਧਿਕਾਰੀਆਂ ਨਾਲ ਰਾਬਤਾ ਬਣਾਉਣ ਤੋਂ ਬਾਅਦ ਹੀ ਦੱਸ ਸਕਦੇ ਹਨ।
ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਏ.ਆਈ.ਜੀ. ਜਗਤਪ੍ਰੀਤ ਸਿੰਘ, ਮੈਂਬਰ ਹਰਪਾਲ ਸਿੰਘ ਤੇ ਹੋਰ ਅਧਿਕਾਰੀ ਸ਼੍ਰੋਮਣੀ ਕਮੇਟੀ ਦੇ ਦਫਤਰ ਪੁੱਜੇ, ਜਿੱਥੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸਮੇਤ ਹੋਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।
ਜਾਂਚ ਅਧਿਕਾਰੀਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਰਿਕਾਰਡ ਚਾਹੀਦਾ ਹੈ, ਉਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੂੰ ਇੱਕ ਪੱਤਰ ਦੇ ਕੇ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖਤ ਦੇ ਇਸ ਸਬੰਧੀ ਹੋਏ ਆਦੇਸ਼ ਦੀ ਜਾਣਕਾਰੀ ਮਿਲਣ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਅੰਮ੍ਰਿਤਸਰ ਪੁੱਜੀ ਹੈ। ਉਨ੍ਹਾਂ ਆਖਿਆ ਕਿ ਰਿਕਾਰਡ ਮਿਲਣ ਤੋਂ ਬਾਅਦ ਸਾਰੇ ਮਾਮਲੇ ਨੂੰ ਘੋਖਿਆ ਜਾਵੇਗਾ। ਰਿਕਾਰਡ ਮਿਲਣ ਤੋਂ ਬਾਅਦ ਜਾਂਚ ਵਿਚ ਤੇਜ਼ੀ ਵੀ ਆਵੇਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਦਾ ਮੁੱਖ ਕਾਰਜ ਪਾਵਨ ਸਰੂਪ ਜਿੰਨਾ ਬਾਰੇ ਹੁਣ ਤੱਕ ਪਤਾ ਨਹੀਂ ਲੱਗ ਰਿਹਾ ਹੈ, ਦਾ ਪਤਾ ਲਾਉਣਾ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਇਸ ਨੂੰ ਪੈਸਿਆਂ ਦੀ ਹੇਰਾਫੇਰੀ ਦਾ ਮਾਮਲਾ ਆਖਿਆ ਜਾ ਰਿਹਾ ਹੈ, ਸਬੰਧੀ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਰਿਕਾਰਡ ਤੋਂ ਸਾਰਾ ਕੁਝ ਪਤਾ ਲੱਗ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜ ਮੁਤਾਬਕ ਗ੍ਰਿਫਤਾਰ ਕੀਤੇ ਗਏ ਚਾਰਟਡ ਅਕਾਊਂਟੈਂਟ ਐੱਸ.ਐੱਸ. ਕੋਹਲੀ ਦਾ ਰਿਕਾਰਡ ਵੀ ਖੰਘਾਲਿਆ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਵਿਸ਼ੇਸ਼ ਜਾਂਚ ਟੀਮ ਚਾਹੁੰਦੀ ਹੈ ਕਿ ਇਸ ਸਬੰਧੀ ਰਿਕਾਰਡ ਅੰਮ੍ਰਿਤਸਰ ਵਿਖੇ ਹੀ ਉਪਲਬਧ ਕਰਵਾਇਆ ਜਾਵੇ ਕਿਉਂਕਿ ਇਹ ਮਾਮਲਾ ਅੰਮ੍ਰਿਤਸਰ ਵਿਖੇ ਹੀ ਦਰਜ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੇ ਗਏ ਆਦੇਸ਼ ਮੁਤਾਬਕ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵਿਸ਼ੇਸ਼ ਜਾਂਚ ਟੀਮ ਨੂੰ ਲੋੜੀਂਦਾ ਰਿਕਾਰਡ ਮੁਹੱਈਆ ਕਰੇਗੀ। ਉਨ੍ਹਾਂ ਕਿਹਾ ਕਿ ਅਕਾਲ ਤਖਤ ਵੱਲੋਂ ਇਸ ਸਬੰਧ ਵਿਚ ਜਿਸ ਤਰ੍ਹਾਂ ਦੇ ਵੀ ਆਦੇਸ਼ ਮਿਲੇ ਹਨ, ਉਸ ਨੂੰ ਉਸੇ ਤਰ੍ਹਾਂ ਹੀ ਪੂਰਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਸਬੰਧੀ ਮਾਮਲੇ ਵਿਚ ਸਹਿਯੋਗ ਕੀਤਾ ਜਾਵੇਗਾ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਤੋਂ ਮਿਲੀ ਜਾਣਕਾਰੀ ਮੁਤਾਬਕ ਅਕਾਲ ਤਖਤ ਵੱਲੋਂ ਕੀਤੇ ਗਏ ਆਦੇਸ਼ ਦੇ ਮੁਤਾਬਕ ਇਸ ਮਾਮਲੇ ਸਬੰਧੀ ਸਮੁੱਚਾ ਰਿਕਾਰਡ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਦਫਤਰ ਵਿਖੇ ਜਾਂਚ ਲਈ ਮੁਹੱਈਆ ਕੀਤਾ ਜਾਵੇਗਾ। ਇਸ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਵੱਲੋਂ ਜੋ ਵੀ ਰਿਕਾਰਡ ਦੀ ਮੰਗ ਕੀਤੀ ਗਈ ਹੈ, ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਨਿਗਰਾਨੀ ਹੇਠ ਹੀ ਮੁਹੱਈਆ ਕੀਤਾ ਜਾਵੇਗਾ। ਸੰਸਥਾ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਸ੍ਰੀ ਅਕਾਲ ਤਖਤ ਵੱਲੋਂ ਕਰਵਾਈ ਗਈ ਜਾਂਚ ਦੀ ਸਮੁੱਚੀ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ‘ਤੇ ਉਪਲਬਧ ਹੈ। ਇਸ ਵਿਚ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਬਿਆਨ ਵੀ ਕਲਮਬੱਧ ਹਨ।
ਜਾਣਕਾਰੀ ਮੁਤਾਬਕ ਵਿਸ਼ੇਸ਼ ਜਾਂਚ ਟੀਮ ਵੱਲੋਂ ਇਸ ਕੇਸ ਵਿਚ ਨਾਮਜ਼ਦ ਕੀਤੇ ਗਏ 16 ਕਰਮਚਾਰੀਆਂ, ਅਧਿਕਾਰੀਆਂ ਤੇ ਹੋਰਨਾਂ ਦੇ ਸਰਵਿਸ ਰਿਕਾਰਡ ਵੀ ਮੰਗੇ ਗਏ ਹਨ। ਜਿਨ੍ਹਾਂ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਉਨ੍ਹਾਂ ਵਿਚੋਂ ਸ਼੍ਰੋਮਣੀ ਕਮੇਟੀ ਦੇ ਕਈ ਸਾਬਕਾ ਅਧਿਕਾਰੀ ਅਤੇ ਕਰਮਚਾਰੀ ਹਨ। ਇਨ੍ਹਾਂ ਵਿਚੋਂ ਦੋ ਦੀ ਮੌਤ ਹੋ ਚੁੱਕੀ ਹੈ ਅਤੇ ਕੁਝ ਵਿਦੇਸ਼ ਵਿਚ ਹਨ।
ਸ਼੍ਰੋਮਣੀ ਕਮੇਟੀ ਦਾ ਦੋਸ਼ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮਾਮਲੇ ਵਿਚ ਰਾਜਨੀਤੀ ਕਰ ਰਹੀ ਹੈ। ਜਦੋਂ ਕਿ ਸ੍ਰੀ ਅਕਾਲ ਤਖਤ ਦੇ ਆਦੇਸ਼ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਜ਼ਿੰਮੇਵਾਰ ਠਹਿਰਾਏ ਗਏ 16 ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ। ਵਿਸ਼ੇਸ਼ ਜਾਂਚ ਟੀਮ ਵੱਲੋਂ ਇਸ ਮਾਮਲੇ ਵਿਚ ਹੁਣ ਤੱਕ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ ਇੱਕ ਸ਼੍ਰੋਮਣੀ ਕਮੇਟੀ ਦਾ ਚਾਰਟਰਡ ਅਕਾਊਂਟੈਂਟ ਅਤੇ ਦੂਜਾ ਸਾਬਕਾ ਕਰਮਚਾਰੀ ਹੈ।
ਜ਼ਿਕਰਯੋਗ ਹੈ ਕਿ ਲਾਪਤਾ ਸਰੂਪ ਮਾਮਲੇ ਵਿਚ 7 ਦਸੰਬਰ ਨੂੰ ਥਾਣਾ ਇਸਲਾਮਾਬਾਦ ਵਿਖੇ ਆਈ.ਪੀ.ਸੀ. ਦੀ ਧਾਰਾ 295, 295ਏ, 120ਬੀ, 409 ਅਤੇ 465 ਹੇਠ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ, ਇਨ੍ਹਾਂ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਤੇ ਮੌਜੂਦਾ ਕਰਮਚਾਰੀ ਅਤੇ ਹੋਰ ਸ਼ਾਮਲ ਸਨ।