#INDIA

ਦਿੱਲੀ ਕੋਰਟ ਵੱਲੋਂ ’84 ਸਿੱਖ ਦੰਗਿਆਂ ਦੇ ਮਾਮਲੇ ‘ਚ ਸੱਜਣ ਕੁਮਾਰ ਬਰੀ

’84 ਦੇ ਦੰਗਿਆਂ ਦੌਰਾਨ ਜਨਕਪੁਰੀ ਤੇ ਵਿਕਾਸਪੁਰੀ ਹਿੰਸਾ ਕੇਸ ‘ਚ ਮਿਲੀ ਰਾਹਤ
ਨਵੀਂ ਦਿੱਲੀ, 22 ਜਨਵਰੀ (ਪੰਜਾਬ ਮੇਲ)- ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਦੰਗਿਆਂ ਦੌਰਾਨ ਰਾਜਧਾਨੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿਚ ਹੋਈ ਹਿੰਸਾ ਨਾਲ ਸਬੰਧਤ ਮਾਮਲੇ ਵਿਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ।
ਵਿਸ਼ੇਸ਼ ਜੱਜ ਡੀ.ਆਈ.ਜੀ. ਵਿਨੈ ਸਿੰਘ ਨੇ ਪਿਛਲੇ ਸਾਲ ਦਸੰਬਰ ਵਿਚ ਮਾਮਲੇ ਵਿਚ ਅੰਤਿਮ ਬਹਿਸ ਪੂਰੀ ਹੋਣ ਤੋਂ ਬਾਅਦ 22 ਜਨਵਰੀ ਲਈ ਫੈਸਲਾ ਰਾਖਵਾਂ ਰੱਖ ਲਿਆ ਸੀ। ਫਰਵਰੀ 2015 ਵਿਚ ਵਿਸ਼ੇਸ਼ ਜਾਂਚ ਟੀਮ ਨੇ ਦਿੱਲੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਵਿਚ ਦੰਗਿਆਂ ਦੌਰਾਨ ਹਿੰਸਾ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਸੱਜਣ ਕੁਮਾਰ ਖਿਲਾਫ਼ ਦੋ ਐੱਫ.ਆਈ.ਆਰ. ਦਰਜ ਕੀਤੀਆਂ ਸਨ।
ਪਹਿਲੀ ਐੱਫ.ਆਈ.ਆਰ. ਜਨਕਪੁਰੀ ਵਿਚ ਹੋਈ ਹਿੰਸਾ ਬਾਰੇ ਸੀ, ਜਿੱਥੇ 1 ਨਵੰਬਰ, 1984 ਨੂੰ ਦੋ ਵਿਅਕਤੀ ਸੋਹਣ ਸਿੰਘ ਅਤੇ ਉਸ ਦਾ ਜਵਾਈ ਅਵਤਾਰ ਸਿੰਘ ਮਾਰੇ ਗਏ ਸਨ। ਦੂਜੀ ਐੱਫ.ਆਈ.ਆਰ. ਗੁਰਚਰਨ ਸਿੰਘ ਦੇ ਮਾਮਲੇ ਵਿਚ ਦਰਜ ਕੀਤੀ ਗਈ ਸੀ, ਜਿਸ ਨੂੰ ਕਥਿਤ 2 ਨਵੰਬਰ, 1984 ਨੂੰ ਵਿਕਾਸਪੁਰੀ ਵਿਚ ਅੱਗ ਲਗਾ ਦਿੱਤੀ ਗਈ ਸੀ।