#PUNJAB

ਪੰਜਾਬ ਦੇ 18 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ, 27 ਜਨਵਰੀ (ਪੰਜਾਬ ਮੇਲ)- ਪੰਜਾਬ ‘ਚ ਕੜਾਕੇ ਦੀ ਠੰਡ ਥੋੜ੍ਹੀ ਜਿਹੀ ਘੱਟ ਗਈ ਹੈ ਅਤੇ ਹੁਣ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੰਗਲਵਾਰ ਨੂੰ ਮੀਂਹ ਪੈਣਾ ਸ਼ੁਰੂ ਹੋ ਗਿਆ ਅਤੇ ਕਈ ਇਲਾਕਿਆਂ ‘ਚ ਕਾਲੇ ਬੱਦਲਾਂ ਦੇ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਵਲੋਂ 27 ਤਾਰੀਖ਼ ਤੋਂ 1 ਫਰਵਰੀ ਤੱਕ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਸੀਤ ਲਹਿਰ ਦੇ ਨਾਲ-ਨਾਲ ਬਿਜਲੀ ਚਮਕਣ, ਗਰਜ ਦੇ ਨਾਲ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਹੈ।

ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐੱਸ. ਏ. ਐੱਸ. ਨਗਰ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ ‘ਚ ਹਲਕੀ ਤੋਂ ਮੱਧਮ ਬਾਰਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 28 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ ‘ਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

ਅਗਲੇ 2 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ‘ਚ 3 ਤੋਂ 5 ਡਿਗਰੀ ਦਾ ਵਾਧਾ ਦੇਖਣ ਨੂੰ ਮਿਲ ਸਕਦਾ ਹੈ। ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਵਿਚ ਕੁੱਝ ਜ਼ਿਲ੍ਹਿਆਂ ਨੂੰ ਛੱਡ ਕੇ ਸੂਬੇ ਵਿਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਮੌਸਮ ਵਿਭਾਗ ਨੇ ਮੀਂਹ ਦੌਰਾਨ ਲੋਕਾਂ ਨੂੰ ਦਰੱਖ਼ਤਾਂ, ਬਿਜਲੀ ਦੇ ਖੰਭਿਆਂ ਅਤੇ ਅਣ-ਨਿਰਮਾਣ ਢਾਂਚੇ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।