#PUNJAB

ਬਿਕਰਮ ਮਜੀਠੀਆ ਦੇ ਨਜ਼ਦੀਕੀ ਗੁਲਾਟੀ ਵਿਰੁੱਧ ਦੋਸ਼ ਪੱੱਤਰ ਦਾਇਰ

ਐੱਸ.ਏ.ਐੱਸ. ਨਗਰ, 29 ਜਨਵਰੀ (ਪੰਜਾਬ ਮੇਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਜ਼ਦੀਕੀ ਅਤੇ ਸ਼ਰਾਬ ਕਾਰੋਬਾਰੀ ਹਰਪ੍ਰੀਤ ਸਿੰਘ ਗੁਲਾਟੀ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਅਦਾਲਤ ‘ਚ ਦੋਸ਼ ਪੱਤਰ ਦਾਇਰ ਕੀਤਾ ਗਿਆ। 6 ਜਨਵਰੀ ਨੂੰ ਵਿਜੀਲੈਂਸ ਬਿਊਰੋ ਨੇ ਮੁੜ ਤੋਂ ਪੁਲਿਸ ਰਿਮਾਂਡ ਦੌਰਾਨ ਹਰਪ੍ਰੀਤ ਸਿੰਘ ਗੁਲਾਟੀ ਤੋਂ ਵਿਸਥਾਰ ਨਾਲ ਪੁੱਛਗਿੱਛ ਕੀਤੀ ਸੀ ਅਤੇ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਅਤੇ ਇਕੱਠੇ ਕੀਤੇ ਗਏ ਦਸਤਾਵੇਜ਼ੀ ਸਬੂਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਵੱਲੋਂ ਇਹ ਦੋਸ਼ ਪੱਤਰ ਤਿਆਰ ਕਰਕੇ ਅਦਾਲਤ ‘ਚ ਦਾਖਲ ਕੀਤਾ ਗਿਆ ਹੈ। ਅਦਾਲਤੀ ਸੂਤਰਾਂ ਮੁਤਾਬਕ ਦੋਸ਼ ਪੱਤਰ ਪੇਸ਼ ਹੋਣ ਤੋਂ ਬਾਅਦ ਹੁਣ ਅਦਾਲਤ ਦੇ ਅਹਿਲਮਦ ਵੱਲੋਂ ਤਿੰਨ ਦਿਨਾਂ ਦੇ ਅੰਦਰ-ਅੰਦਰ ਦੋਸ਼ ਪੱਤਰ ਦੀ ਪੂਰੀ ਜਾਂਚ ਕੀਤੀ ਜਾਵੇਗੀ, ਤਾਂ ਜੋ ਸਾਰੇ ਦਸਤਾਵੇਜ਼ ਅਤੇ ਕਾਨੂੰਨੀ ਕਾਰਵਾਈ ਨਿਯਮਾਂ ਅਨੁਸਾਰ ਪੂਰੀ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਹਰਪ੍ਰੀਤ ਸਿੰਘ ਗੁਲਾਟੀ ਨੂੰ ਪਹਿਲਾਂ ਗਵਾਹ ਵਜੋਂ ਨਾਮਜ਼ਦ ਕੀਤਾ ਗਿਆ ਸੀ ਪਰ ਸਰਾਇਆ ਇੰਡਸਟਰੀਜ਼ ਨਾਲ ਕਥਿਤ ਵਿੱਤੀ ਲੈਣ-ਦੇਣ ਸਾਹਮਣੇ ਆਉਣ ਤੋਂ ਬਾਅਦ ਵਿਜੀਲੈਂਸ ਨੇ ਗੁਲਾਟੀ ਨੂੰ ਵੀ ਇਸ ਮਾਮਲੇ ‘ਚ ਨਾਮਜ਼ਦ ਕਰਦੇ ਹੋਏ 30 ਨਵੰਬਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 31 ਜਨਵਰੀ ਨੂੰ ਨਿਰਧਾਰਿਤ ਕੀਤੀ ਗਈ ਹੈ, ਜਿਸ ਦੌਰਾਨ ਬਿਕਰਮ ਸਿੰਘ ਮਜੀਠੀਆ ਅਤੇ ਹਰਪ੍ਰੀਤ ਸਿੰਘ ਗੁਲਾਟੀ ਦੀ ਅਦਾਲਤ ‘ਚ ਪੇਸ਼ੀ ਹੋਵੇਗੀ।