#PUNJAB

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਪੰਜਾਬ ਸਰਕਾਰ ਵੱਲੋਂ ਰੱਦ

-ਬਜਟ ਸੈਸ਼ਨ ‘ਚ ਨਹੀਂ ਹੋਣਗੇ ਸ਼ਾਮਲ
ਚੰਡੀਗੜ੍ਹ, 4 ਫਰਵਰੀ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੀ ਸੰਸਦ ਦੇ ਬਜਟ ਸੈਸ਼ਨ ਵਿਚ ਸ਼ਾਮਲ ਹੋਣ ਦੀ ਦਿੱਤੀ ਅਸਥਾਈ ਪੈਰੋਲ ਦੀ ਅਰਜ਼ੀ ਨੂੰ ਸਪੱਸ਼ਟ ਤੌਰ ‘ਤੇ ਖਾਰਜ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਸਰਕਾਰ ਦਾ ਮੰਨਣਾ ਹੈ ਕਿ ਜੇਕਰ ਅੰਮ੍ਰਿਤਪਾਲ ਨੂੰ ਅਸਥਾਈ ਤੌਰ ‘ਤੇ ਜੇਲ੍ਹ ਤੋਂ ਰਿਹਾਅ ਕੀਤਾ ਜਾਂਦਾ ਹੈ, ਤਾਂ ਰਾਜ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਸਕਦੀ ਹੈ। ਇਸ ਡਰ ਕਾਰਨ ਉਸਦੀ ਪੈਰੋਲ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਿਛਲੇ ਮਹੀਨੇ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਅਸਥਾਈ ਰਿਹਾਈ ਦੀ ਪਟੀਸ਼ਨ ‘ਤੇ ੭ ਕੰਮਕਾਜੀ ਦਿਨਾਂ ਦੇ ਅੰਦਰ ਫੈਸਲਾ ਲੈਣ ਦਾ ਨਿਰਦੇਸ਼ ਦਿੱਤਾ ਸੀ। ਅੰਮ੍ਰਿਤਪਾਲ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਕਿਹਾ ਕਿ ਉਨ੍ਹਾਂ ਨੂੰ ਸੋਮਵਾਰ ਨੂੰ ਪੰਜਾਬ ਸਰਕਾਰ ਤੋਂ ਸੰਸਦ ਮੈਂਬਰ ਦੀ ਰਿਹਾਈ ਦੀ ਅਰਜ਼ੀ ਦੇ ਸਬੰਧ ਵਿਚ ਜਵਾਬ ਮਿਲਿਆ ਹੈ। ਬਜਟ ਸੈਸ਼ਨ 28 ਜਨਵਰੀ ਨੂੰ ਸ਼ੁਰੂ ਹੋਇਆ ਸੀ ਅਤੇ ਪਹਿਲੇ ਪੜਾਅ ਵਿਚ 13 ਫਰਵਰੀ ਤੱਕ ਜਾਰੀ ਰਹੇਗਾ। ਦੂਜਾ ਪੜਾਅ 9 ਮਾਰਚ ਤੋਂ 2 ਅਪ੍ਰੈਲ ਤੱਕ ਹੋਵੇਗਾ।
ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਸੰਸਦ ਮੈਂਬਰ ਹਨ। ਇਸ ਵੇਲੇ ਉਹ ਕੌਮੀ ਸੁਰੱਖਿਆ ਐਕਟ (ਐੱਨ.ਐੱਸ.ਏ.) ਅਧੀਨ ਰੋਕ-ਟੋਕ ਹੇਠ 23 ਮਾਰਚ 2023 ਤੋਂ ਹਿਰਾਸਤ ਵਿਚ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਐੱਨ.ਐੱਸ.ਏ. ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਅੰਮ੍ਰਿਤਪਾਲ ਦਾ ਜਨਮ 1993 ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੱਲੂਪੁਰ ਖੇੜਾ ਵਿਚ ਹੋਇਆ ਸੀ। ਉਨ੍ਹਾਂ ਨੂੰ ਮਰਹੂਮ ਅਦਾਕਾਰ ਦੀਪ ਸਿੱਧੂ ਦੁਆਰਾ ਬਣਾਈ ਗਈ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦਾ ਮੁਖੀ ਬਣਾਇਆ ਗਿਆ ਸੀ। ਉਨ੍ਹਾਂ ਨੇ ‘ਅੰਮ੍ਰਿਤ ਸੰਚਾਰ’ ਅਤੇ ਨਸ਼ਾ ਛੁਡਾਊ ਮੁਹਿੰਮ ਰਾਹੀਂ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਦਾ ਕੰਮ ਸ਼ੁਰੂ ਕੀਤਾ। ਉਨ੍ਹਾਂ ਦੇ ਪਹਿਰਾਵੇ ਅਤੇ ਸ਼ੈਲੀ ਦੀ ਤੁਲਨਾ ਅਕਸਰ ਜਰਨੈਲ ਸਿੰਘ ਭਿੰਡਰਾਂਵਾਲਿਆਂ ਨਾਲ ਕੀਤੀ ਜਾਣ ਲੱਗੀ, ਜਿਸ ਕਾਰਨ ਉਹ ਜਲਦੀ ਸੁਰਖੀਆਂ ਵਿਚ ਆ ਗਏ। ਫਰਵਰੀ 2023 ਵਿਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਇੱਕ ਸਾਥੀ ਨੂੰ ਰਿਹਾਅ ਕਰਵਾਉਣ ਲਈ ਅਜਨਾਲਾ ਥਾਣੇ ਦਾ ਘੇਰਾਓ ਕੀਤਾ ਸੀ। ਇਸ ਘਟਨਾ ਦੌਰਾਨ ਹੋਈ ਹਿੰਸਾ ਕਾਰਨ ਉਹ ਪੁਲਿਸ ਅਤੇ ਸਰਕਾਰ ਦੇ ਨਿਸ਼ਾਨੇ ‘ਤੇ ਆ ਗਏ। ਮਾਰਚ 2023 ਵਿਚ ਪੰਜਾਬ ਪੁਲਿਸ ਨੇ ਉਨ੍ਹਾਂ ਖਿਲਾਫ ਇੱਕ ਵੱਡੀ ਮੁਹਿੰਮ ਚਲਾਈ। ਕਈ ਦਿਨ ਫਰਾਰ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਅਪ੍ਰੈਲ 2023 ਵਿਚ ਮੋਗਾ ਦੇ ਪਿੰਡ ਰੋਡਾ ਤੋਂ ਗ੍ਰਿਫਤਾਰ ਕੀਤਾ ਗਿਆ। ਜੇਲ੍ਹ ਵਿਚ ਹੁੰਦਿਆਂ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ 2024 ਵਿਚ ਇਕ ਆਜ਼ਾਦ ਉਮੀਦਵਾਰ ਵਜੋਂ ਖਡੂਰ ਸਾਹਿਬ ਹਲਕੇ ਤੋਂ ਚੋਣ ਲੜੀ। ਉਹ ਪੰਜਾਬ ਵਿਚ ਸਭ ਤੋਂ ਵੱਡੀ ਲੀਡ ਨਾਲ ਜੇਤੂ ਰਹੇ। ਅੰਮ੍ਰਿਤਪਾਲ ਨੂੰ ਕੁੱਲ 4,04,430 ਵੋਟਾਂ ਮਿਲੀਆਂ, ਜਦਕਿ ਉਨ੍ਹਾਂ ਦੇ ਵਿਰੋਧੀ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਦੇ ਵੱਡੇ ਫ਼ਰਕ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।