ਮੁਹਾਲੀ, 15 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਨ ਕਾਰਨ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਪਹੁੰਚੇ ਹਨ। ਲਗਭਗ ਪਿਛਲੇ ਦੋ ਢਾਈ ਘੰਟਿਆਂ ਤੋਂ ਮੁੱਖ ਮੰਤਰੀ ਦੀ ਸਿਹਤ ਦੀ ਡਾਕਟਰਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਮੁਹਾਲੀ ਪੁਲੀਸ ਵੱਲੋਂ ਹਸਪਤਾਲ ਦੇ ਬਾਹਰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੂੰ ਬਲੱਡ ਪ੍ਰੈਸ਼ਰ ਦੀ ਮਾਮੂਲੀ ਸ਼ਿਕਾਇਤ ਹੋਈ ਹੈ, ਜਿਸ ਸਬੰਧੀ ਡਾਕਟਰਾਂ ਵੱਲੋਂ ਉਹਨਾਂ ਦੇ ਲੋੜੀਂਦੇ ਟੈਸਟ ਕੀਤੇ ਜਾ ਰਹੇ ਹਨ।
ਇਨ੍ਹਾਂ ਟੈਸਟਾਂ ਦੀ ਰਿਪੋਰਟ ਅਨੁਸਾਰ ਹੀ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਨ ਜਾਂ ਘਰ ਭੇਜਣ ਬਾਰੇ ਫੈਸਲਾ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਵਿੱਚ ਮਹਾਸ਼ਿਵਰਾਤਰੀ ਦੇ ਸਮਾਗਮਾਂ ਤੋਂ ਬਾਅਦ ਚੰਡੀਗੜ੍ਹ ਲਈ ਰਵਾਨਾ ਹੋਏ ਸਨ ਜਿੱਥੇ ਉਨ੍ਹਾਂ ਨੇ ਸਿਹਤ ਵਿੱਚ ਖਰਾਬੀ ਮਹਿਸੂਸ ਕੀਤੀ। ਇਸ ਮਗਰੋਂ ਉਨ੍ਹਾਂ ਨੂੰ ਤੁਰੰਤ ਹੈਲੀਕਾਪਟਰ ਰਾਹੀਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਿਆਂਦਾ ਗਿਆ।
ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ, ਡੀ ਜੀ ਪੀ ਗੌਰਵ ਯਾਦਵ ਅਤੇ ਮੁੱਖ ਮੰਤਰੀ ਦੀ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਤੇ ਮੁਹਾਲੀ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਫੋਰਟਿਸ ਹਸਪਤਾਲ ਵਿੱਚ ਮੌਜੂਦ ਹਨ।

