#PUNJAB

ਔਰਤਾਂ ‘ਤੇ ਵਿਵਾਦਤ ਟਿੱਪਣੀ ਦਾ ਮਾਮਲਾ: ਮਹਿਲਾ ਕਮਿਸ਼ਨ ਵੱਲੋਂ ਸੁਖਪਾਲ ਖਹਿਰਾ ਤਲਬ

-12 ਮਾਰਚ ਨੂੰ ਕਮਿਸ਼ਨ ਦੇ ਦਫਤਰ ‘ਚ ਪੇਸ਼ ਹੋਣ ਦੇ ਹੁਕਮ
ਮੁਹਾਲੀ, 11 ਮਾਰਚ (ਪੰਜਾਬ ਮੇਲ)- ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਇੱਕ ਵੀਡੀਓ ਖਿਲਾਫ ਨੋਟਿਸ ਲਿਆ ਹੈ, ਜਿਸ ਵਿਚ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਮਹਿਲਾਵਾਂ ਲਈ 1,000 ਰੁਪਏ ਮਹੀਨਾਵਾਰ ਵਿੱਤੀ ਸਹਾਇਤਾ ਸਕੀਮ ਨੂੰ ਨਿਸ਼ਾਨਾ ਬਣਾਇਆ ਹੈ। ਆਮ ਆਦਮੀ ਪਾਰਟੀ ਵੱਲੋਂ ਇਸ ਸਹਾਇਤਾ ਦੇ ਐਲਾਨ ਤੋਂ ਬਾਅਦ ਕੁਝ ਔਰਤਾਂ ਦੇ ਜਸ਼ਨ ਮਨਾਉਣ ਦੀ ਵੀਡੀਓ ਸਾਹਮਣੇ ਆਈ ਸੀ, ਜਿਸ ‘ਤੇ ਪ੍ਰਤੀਕਿਰਿਆ ਦਿੰਦਿਆਂ ਖਹਿਰਾ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਸੀ, ”ਸਿਰਫ 1,000 ਰੁਪਏ ਲਈ ਗਿੱਧਾ ਪਾਉਣ ਵਾਲੀਆਂ ਬੀਬੀਆਂ ਤੋਂ ‘ਸੂਰਮੇ’ ਪੈਦਾ ਹੋਣ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ?”
ਇਸ ਮਾਮਲੇ ਵਿਚ ਭੁਲੱਥ ਦੇ ਵਿਧਾਇਕ ਖਹਿਰਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 12 ਮਾਰਚ ਨੂੰ ਸਵੇਰੇ 11:30 ਵਜੇ ਕਮਿਸ਼ਨ ਦੇ ਦਫ਼ਤਰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਨੋਟਿਸ ਵਿਚ ਕਿਹਾ ਗਿਆ ਹੈ ਕਿ ਖਹਿਰਾ ਨੇ ਇਹ ਟਿੱਪਣੀ ਪੰਜਾਬ ਕਾਂਗਰਸ ਪ੍ਰਧਾਨ ਦੀ ਸ਼ਹਿ ‘ਤੇ ਕੀਤੀ ਹੈ।
ਕਮਿਸ਼ਨ ਨੇ ਕਪੂਰਥਲਾ ਦੇ ਐੱਸ.ਐੱਸ.ਪੀ. ਨੂੰ ਐੱਸ.ਪੀ. ਰੈਂਕ ਦੇ ਅਧਿਕਾਰੀ ਤੋਂ ਜਾਂਚ ਕਰਵਾ ਕੇ ਰਿਪੋਰਟ ਸੌਂਪਣ ਲਈ ਵੀ ਕਿਹਾ ਹੈ। ਵਿਧਾਨ ਸਭਾ ਸੈਸ਼ਨ ਦੌਰਾਨ ਵੀ ‘ਆਪ’ ਦੀਆਂ ਮਹਿਲਾ ਵਿਧਾਇਕਾਂ ਨੇ ਖਹਿਰਾ ਦੀ ਸਖ਼ਤ ਆਲੋਚਨਾ ਕੀਤੀ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਾਂਗਰਸ ਨੂੰ ਦਲਿਤ ਅਤੇ ਮਹਿਲਾ ਵਿਰੋਧੀ ਦੱਸਦਿਆਂ ਕਿਹਾ ਕਿ ਕਾਂਗਰਸੀ ਆਗੂ ਅਕਸਰ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦੇ ਹਨ।