#INDIA

ਦਿੱਲੀ ਆਬਕਾਰੀ ਨੀਤੀ: ਹਾਈ ਕੋਰਟ ਵੱਲੋਂ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ

ਨਵੀਂ ਦਿੱਲੀ, 30 ਮਈ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਅਜਿਹੇ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਦੀ ਸੀ.ਬੀ.ਆਈ. ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਹਾਈ ਕੋਰਟ ਨੇ ਕਿਹਾ ਕਿ ਸਿਸੋਦੀਆ ‘ਤੇ ਲੱਗੇ ਦੋਸ਼ ਬਹੁਤ ਗੰਭੀਰ ਹਨ ਅਤੇ ਜ਼ਮਾਨਤ ਦੇਣ ‘ਤੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਵੀ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਉਸ ਤੋਂ ਬਾਅਦ ਸਿਸੋਦੀਆ ਨੇ ਇਸ ਫ਼ੈਸਲੇ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ।
ਦੱਸ ਦੇਈਏ ਕਿ ਦਿੱਲੀ ਦੇ ਸ਼ਰਾਬ ਘਪਲੇ ਮਾਮਲੇ ‘ਚ ਮਨੀਸ਼ ਸਿਸੋਦੀਆ ਦੋਸ਼ੀ ਹਨ ਅਤੇ ਕਈ ਮਹੀਨਿਆਂ ਤੋਂ ਜੇਲ੍ਹ ‘ਚ ਬੰਦ ਹਨ। ਸੀ.ਬੀ.ਆਈ. ਨੇ ਪਿਛਲੀ ਸੁਣਵਾਈ ਵਿਚ ਸਿਸੋਦੀਆ ਨੂੰ ਜ਼ਮਾਨਤ ਦੇਣ ਦੀ ਪਟੀਸ਼ਨ ਦਾ ਵਿਰੋਧ ਕੀਤਾ ਸੀ। ਸੀ.ਬੀ.ਆਈ. ਨੇ ਦਿੱਲੀ ਸ਼ਰਾਬ ਘਪਲੇ ਵਿਚ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ‘ਤੇ ਦਿੱਲੀ ਸ਼ਰਾਬ ਘਪਲੇ ਵਿਚ ਸ਼ਾਮਲ ਹੋਣ ਨਾਲ ਹੀ ਮਨੀ ਲਾਂਡਰਿੰਗ ਦਾ ਮਾਮਲਾ ਵੀ ਚੱਲ ਰਿਹਾ ਹੈ।
ਉਧਰ ਆਮ ਆਦਮੀ ਪਾਰਟੀ ਨੇ ਸੁਣਵਾਈ ਤੋਂ ਪਹਿਲਾਂ ਪੁਲਿਸ ‘ਤੇ ਮਨੀਸ਼ ਸਿਸੋਦੀਆ ਨਾਲ ਬਦਸਲੂਕੀ ਦਾ ਦੋਸ਼ ਲਾਇਆ ਸੀ ਅਤੇ ਇਸ ਦਾ ਵੀਡੀਓ ਵੀ ਜਾਰੀ ਕੀਤਾ ਸੀ। ਇਨ੍ਹਾਂ ਦੋਸ਼ਾਂ ਦੇ ਜਵਾਬ ਵਿਚ ਦਿੱਲੀ ਪੁਲਿਸ ਨੇ ਕਿਹਾ ਸੀ ਕਿ ਇਹ ਉਨ੍ਹਾਂ ਖਿਲਾਫ਼ ਮਾੜਾ ਪ੍ਰਚਾਰ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਨਿਆਇਕ ਹਿਰਾਸਤ ‘ਚ ਬੰਦ ਕਿਸੇ ਦੋਸ਼ੀ ਦਾ ਮੀਡੀਆ ਨੂੰ ਬਿਆਨ ਦੇਣਾ ਕਾਨੂੰਨ ਦੇ ਖ਼ਿਲਾਫ਼ ਹੈ।

Leave a comment