ਕਾਠਮੰਡੂ, 30 ਮਾਰਚ (ਪੰਜਾਬ ਮੇਲ)- ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੂੰ ਐਤਵਾਰ ਨੂੰ ਕਾਠਮੰਡੂ ਜ਼ਿਲਾ ਅਦਾਲਤ ਨੇ 5 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿਚ ਦੇਸ਼ ਭਰ ਵਿਚ ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ ਜਾਰੀ ਹਨ। ਜ਼ਿਲਾ ਅਦਾਲਤ ਅਨੁਸਾਰ, ਓਲੀ ਨੂੰ ਖ਼ਰਾਬ ਸਿਹਤ ਕਾਰਨ ਆਨਲਾਈਨ ਮਾਧਿਅਮ ਰਾਹੀਂ ਅਦਾਲਤ ‘ਚ ਪੇਸ਼ ਕੀਤਾ ਗਿਆ। ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਸਿਹਤ ਜਾਂਚ ਲਈ ਹਸਪਤਾਲ ਲਿਜਾਇਆ ਗਿਆ।
ਨੇਪਾਲ ਕਮਿਊਨਿਸਟ ਪਾਰਟੀ (ਏਕੀਕ੍ਰਿਤ ਮਾਰਕਸਵਾਦੀ-ਲੈਨਿਨਵਾਦੀ) ਦੇ ਵਰਕਰਾਂ ਨੇ ਮੈਤੀਘਰ ਵਿਚ ਓਲੀ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਪ੍ਰਦਰਸ਼ਨ ਕੀਤਾ। ਪਾਰਟੀ ਨੇ ਦੇਸ਼ ਭਰ ਦੇ ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰਾਂ ਵਿਚ ਵਿਰੋਧ ਪੱਤਰ ਸੌਂਪਦਿਆਂ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।
ਜ਼ਿਕਰਯੋਗ ਹੈ ਕਿ ਨੇਪਾਲ ‘ਚ ਪਿਛਲੇ ਸਾਲ ਸਤੰਬਰ ‘ਚ ਹੋਏ ਨੌਜਵਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਖ਼ਿਲਾਫ਼ ਕਾਰਵਾਈ ਕਰਨ ਦੇ ਮਾਮਲੇ ‘ਚ ਸਾਬਕਾ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਅਤੇ ਸਾਬਕਾ ਗ੍ਰਹਿ ਮੰਤਰੀ ਤੇ ਨੇਪਾਲੀ ਕਾਂਗਰਸ ਆਗੂ ਰਮੇਸ਼ ਲੇਖਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਦੀ ਅਗਵਾਈ ਹੇਠ ਬਣੀ ਨਵੀਂ ਸਰਕਾਰ ਨੇ ਜਾਂਚ ਕਮਿਸ਼ਨ ਦੀ ਰਿਪੋਰਟ ਲਾਗੂ ਕਰਦਿਆਂ ਇਹ ਕਾਰਵਾਈ ਕੀਤੀ ਹੈ। ਜਾਂਚ ਕਮਿਸ਼ਨ ਨੇ ਓਲੀ ਅਤੇ ਲੇਖਕ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਸਿਫ਼ਾਰਸ਼ ਕੀਤੀ ਸੀ। ਇਸੇ ਦੌਰਾਨ ਓਲੀ ਅਤੇ ਲੇਖਕ ਦੀ ਗ੍ਰਿਫ਼ਤਾਰੀ ਵਿਰੁੱਧ ਸੀ.ਪੀ.ਐੱਨ. (ਯੂ.ਐੱਮ.ਐੱਲ.) ਨੇ ਬਾਲੇਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਜਾਂਚ ਰਿਪੋਰਟ ਦੀਆਂ ਕਾਪੀਆਂ ਸਾੜੀਆਂ।
ਇਹ ਵੀ ਜ਼ਿਕਰਯੋਗ ਹੈ ਕਿ ਪਿਛਲੇ ਸਾਲ 8 ਅਤੇ 9 ਸਤੰਬਰ ਨੂੰ ‘ਜੈੱਨ ਜ਼ੀ’ ਅੰਦੋਲਨ ਨੂੰ ਦਬਾਉਣ ਲਈ ਓਲੀ ਦੀ ਅਗਵਾਈ ਹੇਠਲੀ ਸਰਕਾਰ ਨੇ ਕਾਰਵਾਈ ਕੀਤੀ ਸੀ, ਜਿਸ ‘ਚ ਕਰੀਬ ਦੋ ਦਰਜਨ ਨੌਜਵਾਨਾਂ ਸਮੇਤ 76 ਵਿਅਕਤੀ ਮਾਰੇ ਗਏ ਸਨ।
ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਓਲੀ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

