#PUNJAB

ਭਾਜਪਾ ਵੱਲੋਂ 2027 ਦੀਆਂ ਚੋਣਾਂ ‘ਚ ਹਰਵਿੰਦਰ ਸਿੰਘ ਫੂਲਕਾ ਹੋ ਸਕਦੇ ਹਨ ਮੁੱਖ ਮੰਤਰੀ ਦੇ ਦਾਅਵੇਦਾਰ!

ਚੰਡੀਗੜ੍ਹ, 1 ਅਪ੍ਰੈਲ (ਪੰਜਾਬ ਮੇਲ)- 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਲੰਮੀ ਕਾਨੂੰਨੀ ਲੜਾਈ ਲੜਨ ਵਾਲੇ ਸੀਨੀਅਰ ਵਕੀਲ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਹਰਵਿੰਦਰ ਸਿੰਘ ਫੂਲਕਾ ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਲ ਹੋ ਗਏ ਹਨ।
ਉਨ੍ਹਾਂ ਨੂੰ ਦਿੱਲੀ ਵਿਖੇ ਬੀ.ਜੇ.ਪੀ. ਦੇ ਮੁੱਖ ਦਫਤਰ ਵਿਚ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਤੋਂ ਇਲਾਵਾ ਭਾਜਪਾ ਦੀ ਹਾਈਕਮਾਂਡ ਵੀ ਹਾਜ਼ਰ ਸੀ।
ਇਹ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਉਨ੍ਹਾਂ ਨੂੰ ਪੰਜਾਬ ਦੇ ਅਗਲੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕੀਤਾ ਜਾਵੇਗਾ, ਜਿਸ ਦੇ ਲਈ ਪਾਰਟੀ ਹਾਈਕਮਾਂਡ ਵੱਲੋਂ ਉੱਚ ਪੱਧਰੀ ਸਹਿਮਤੀ ਪ੍ਰਗਟਾਈ ਗਈ ਹੈ। ਭਾਜਪਾ ਚਾਹੁੰਦੀ ਸੀ ਕਿ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕੋਈ ਅਜਿਹਾ ਸਿੱਖ ਆਗੂ ਚੁਣਿਆ ਜਾਵੇ, ਜੋ ਕਿ ਪੰਜਾਬ ਵਿਚ ਬੇਦਾਗ ਹੋਵੇ ਅਤੇ ਉਸ ਨੇ ਸਿੱਖਾਂ ਲਈ ਹੀ ਕੰਮ ਕੀਤਾ ਹੋਵੇ। ਭਾਵੇਂ ਕਿ ਹਰਵਿੰਦਰ ਸਿੰਘ ਫੂਲਕਾ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਲੰਮੀ ਕਾਨੂੰਨੀ ਲੜਾਈ ਲੜਦੇ ਰਹੇ ਹਨ, ਉਹ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਹੇ। ਪਰ ਬਾਅਦ ਵਿਚ ਉਨ੍ਹਾਂ ਨੇ ਦੰਗਿਆਂ ਨਾਲ ਸੰਬੰਧਤ ਕੇਸਾਂ ‘ਤੇ ਧਿਆਨ ਕੇਂਦਰਿਤ ਕਰਨ ਲਈ 2019 ‘ਚ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।
ਇਸ ਤੋਂ ਪਹਿਲਾਂ ਸ. ਫੂਲਕਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦੇ ਇੱਛੁਕ ਸਨ ਪਰ ਉਨ੍ਹਾਂ ਦਾ ਇਹ ਕਦਮ ਸਿਰੇ ਨਹੀਂ ਚੜ੍ਹ ਸਕਿਆ।  ਪਰ ਹੁਣ ਉਨ੍ਹਾਂ ਨੇ ਭਾਜਪਾ ਨਾਲ ਜੁੜਨ ਦਾ ਫੈਸਲਾ ਕੀਤਾ ਹੈ। ਇਥੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਸ. ਫੂਲਕਾ ਦੇ ਬੀ.ਜੇ.ਪੀ. ਵਿਚ ਆਉਣ ਨਾਲ ਪਾਰਟੀ ਵਿਚ ਨਵੀਂ ਰੂਹ ਫੂਕੀ ਜਾਵੇਗੀ ਅਤੇ ਹੋਰ ਵੀ ਬਹੁਤ ਸਾਰੇ ਸਿੱਖ ਆਗੂ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ।