ਕੈਨੇਡਾ, 4 ਅਪ੍ਰੈਲ (ਪੰਜਾਬ ਮੇਲ)- ਕੈਨੇਡਾ ‘ਚ ਵਾਪਰੇ ਇਕ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਹਰਸਿਮਰਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਦੀ ਮੌਤ ਹੋਣ ਦਾ ਅਤਿ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਖੋਖਰ ਨਾਲ ਸੰਬੰਧਿਤ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਹਰਸਿਮਰਤ ਸਿੰਘ ਕਰੀਬ ਦੋ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਅਤੇ ਆਪਣੇ ਪਰਿਵਾਰ ਦੇ ਸੁਪਨੇ ਸਾਕਾਰ ਕਰਨ ਲਈ ਕੈਨੇਡਾ ਗਿਆ ਸੀ। ਉਹ ਉੱਥੇ ਮਿਹਨਤ-ਮਜ਼ਦੂਰੀ ਕਰਕੇ ਆਪਣੇ ਘਰ ਦੀ ਆਰਥਿਕ ਹਾਲਤ ਸੁਧਾਰਨ ਵਿੱਚ ਜਟਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਜਿਵੇਂ ਹੀ ਇਹ ਦੁਖਦਾਈ ਖ਼ਬਰ ਪੰਜਾਬ ਪਹੁੰਚੀ, ਤਾਂ ਆਸ-ਪਾਸ ਦੇ ਇਲਾਕਿਆਂ ਵਿਚ ਸੋਗ ਦੀ ਲਹਿਰ ਦੌੜ ਗਈ। ਨੌਜਵਾਨ ਹਰਸਿਮਰਤ ਸਿੰਘ ਇੱਕ ਮਿਹਨਤੀ ਅਤੇ ਨਿੱਘੇ ਸੁਭਾਅ ਦਾ ਮਾਲਕ ਸੀ, ਜਿਸ ਨੇ ਆਪਣੇ ਪਰਿਵਾਰ ਲਈ ਵੱਡੇ ਸੁਪਨੇ ਦੇਖੇ ਸਨ। ਉਸ ਦੀ ਅਚਾਨਕ ਮੌਤ ਨਾਲ ਪੂਰੇ ਪਿੰਡ ਵਿਚ ਗ਼ਮ ਦਾ ਮਾਹੌਲ ਹੈ ਅਤੇ ਪਿੰਡ ਵਾਸੀਆਂ ਵੱਲੋਂ ਪੀੜਤ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਜਾ ਰਹੀ ਹੈ।
ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ

