#PUNJAB

ਸ਼੍ਰੋਮਣੀ ਕਮੇਟੀ ਵੱਲੋਂ 10 ਅਪ੍ਰੈਲ ਨੂੰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਦੀ ਤਿਆਰੀ!

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਮੇਲ)- ਖ਼ਾਲਸਾ ਸਾਜਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਵਾਸਤੇ ਸਿੱਖ ਸ਼ਰਧਾਲੂਆਂ ਦਾ ਜਥਾ 10 ਅਪ੍ਰੈਲ ਨੂੰ ਪਾਕਿਸਤਾਨ ਭੇਜਣ ਦੀ ਤਿਆਰੀ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ ਮਨਾਉਣ ਉਪਰੰਤ ਇਹ ਸ਼ਰਧਾਲੂ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰ ਕੇ 19 ਅਪ੍ਰੈਲ ਨੂੰ ਵਾਪਸ ਆਉਣਗੇ। ਹੁਣ ਤੱਕ ਭਾਵੇਂ ਪਾਕਿਸਤਾਨੀ ਸਫ਼ਾਰਤਖਾਨੇ ਵੱਲੋਂ ਵੀਜ਼ੇ ਜਾਰੀ ਨਹੀਂ ਕੀਤੇ ਗਏ ਹਨ ਪਰ ਇਸ ਸਬੰਧ ਵਿਚ ਪਾਕਿਸਤਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਦੀ ਆਮਦ ਸਬੰਧੀ ਇੱਕ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਤਹਿਤ ਸਿੱਖ ਸ਼ਰਧਾਲੂਆਂ ਦਾ ਜਥਾ 10 ਅਪ੍ਰੈਲ ਨੂੰ ਅੰਮ੍ਰਿਤਸਰ ਤੋਂ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਵਾਸਤੇ ਰਵਾਨਾ ਹੋਵੇਗਾ। ਖ਼ਾਲਸਾ ਸਾਜਨਾ ਦਿਵਸ ਮੌਕੇ ਲਗਪਗ 3000 ਸਿੱਖ ਸ਼ਰਧਾਲੂਆਂ ਦਾ ਜਥਾ ਹਰ ਸਾਲ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਜਾਂਦਾ ਹੈ।
ਦੱਸਣਯੋਗ ਹੈ ਕਿ ਕਸ਼ਮੀਰ ਵਿਚ ਭਾਰਤੀ ਯਾਤਰੀਆਂ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ ਸੀ ਅਤੇ ਪਾਕਿਸਤਾਨ ਨਾਲ ਸਾਰੇ ਸਬੰਧ ਤੋੜ ਲਏ ਗਏ ਸਨ। ਇਸ ਤਹਿਤ ਆਵਾਜਾਈ ਅਤੇ ਦੁਵੱਲਾ ਵਪਾਰ ਵੀ ਬੰਦ ਹੋ ਗਏ ਸਨ। ਇਸ ਦੌਰਾਨ ਪਿਛਲੇ ਵਰ੍ਹੇ 2025 ਵਿਚ ਸਿੱਖ ਸ਼ਰਧਾਲੂਆਂ ਦੀ ਮੰਗ ‘ਤੇ ਭਾਰਤ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਦੀ ਆਗਿਆ ਦਿੱਤੀ ਸੀ। ਹੁਣ ਖ਼ਾਲਸਾ ਸਾਜਨਾ ਦਿਵਸ ਮੌਕੇ 13 ਅਪ੍ਰੈਲ ਨੂੰ ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨਿਰਧਾਰਤ ਨਿਯਮਾਂ ਮੁਤਾਬਕ ਹੀ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜ ਰਹੀ ਹੈ।