#PUNJAB

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਤੁਰੰਤ ਖੋਲ੍ਹਣ ਸਰਕਾਰਾਂ : ਐਡਵੋਕੇਟ ਧਾਮੀ

ਖ਼ਾਲਸਾ ਸਾਜਣਾ ਦਿਵਸ ਦੇ ਸਮਾਗਮਾਂ ‘ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ
ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਮੇਲ)- ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੀਜ਼ਾ ਲੱਗੇ ਪਾਸਪੋਰਟ ਸੌਂਪੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੌਜੂਦ ਸਨ। ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਇਤਿਹਾਸਕ ਦਿਹਾੜਿਆਂ ‘ਤੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 1795 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 1763 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਅਤੇ ਭਾਰਤ ਸਰਕਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਵੀ ਮੁੜ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਪ੍ਰਤੀ ਵੱਡੀ ਸ਼ਰਧਾ ਹੈ ਅਤੇ ਸਰਕਾਰਾਂ ਨੂੰ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ। ਐਡਵੋਕੇਟ ਧਾਮੀ ਨੇ ਇਹ ਵੀ ਮੰਗ ਕੀਤੀ ਕਿ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ ਅਤੇ ਪਾਕਿਸਤਾਨ ਸਰਕਾਰ ਵੱਲੋਂ 20 ਡਾਲਰ ਫੀਸ ਵੀ ਸਮਾਪਤ ਕੀਤੀ ਜਾਵੇ।