ਸਰੀ, 9 ਮਈ (ਪੰਜਾਬ ਮੇਲ)- ਕੈਨੇਡਾ ਦੀ ਸਰੀ ਪੁਲਿਸ ਸਰਵਿਸ ਨੇ ਕੁਝ ਦਿਨ ਪਹਿਲਾਂ ਹੀ ਜਬਰੀ ਵਸੂਲੀ ਅਤੇ ਹਥਿਆਰਾਂ ਨਾਲ ਸਬੰਧਤ ਹਿੰਸਾ ਦੇ ਮਾਮਲਿਆਂ ‘ਚ ਸ਼ਾਮਲ ਭਾਰਤੀ ਮੂਲ ਦੇ 7 ਪੰਜਾਬੀ ਨੌਜਵਾਨਾਂ ਦੀ ਲਿਸਟ ਜਾਰੀ ਕੀਤੀ ਸੀ। ਹੁਣ ਜਾਣਕਾਰੀ ਮਿਲੀ ਹੈ ਕਿ ਇਨ੍ਹਾਂ 7 ਨੌਜਵਾਨਾਂ ਨੂੰ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ (ਸੀ.ਬੀ.ਐੱਸ.ਏ.) ਨੇ ਡਿਪੋਰਟ ਕਰ ਦਿੱਤਾ ਹੈ। ਪੁਲਿਸ ਵੱਲੋਂ ਜਾਰੀ ਕੀਤੀ ਗਈ ਲਿਸਟ ‘ਚ ਹੰਸਪ੍ਰੀਤ ਸਿੰਘ, ਹਰਸ਼ਦੀਪ ਸਿੰਘ, ਹਰਜੋਤ ਸਿੰਘ, ਤਰਨਵੀਰ ਸਿੰਘ, ਲਵਬੀਰ ਸਿੰਘ, ਦਯਾਜੀਤ ਬਿਲਿੰਗ ਅਤੇ ਪ੍ਰਭਜੋਤ ਸਿੰਘ ਦੇ ਨਾਂ ਸ਼ਾਮਲ ਹਨ। ਰਿਪੋਰਟਾਂ ਮੁਤਾਬਕ ਇਨ੍ਹਾਂ ਵਿਚੋਂ 22 ਸਾਲਾ ਲਵਬੀਰ ਸਿੰਘ ਅਤੇ 20 ਸਾਲਾ ਪ੍ਰਭਜੋਤ ਸਿੰਘ ਨੂੰ ਪਹਿਲਾਂ ਹੀ ਕੈਨੇਡਾ ਤੋਂ ਡਿਪੋਰਟ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀਆਂ ਨੂੰ ਜਾਂਚ ਤੋਂ ਬਾਅਦ ਡਿਪੋਰਟ ਕੀਤਾ ਗਿਆ ਹੈ।

ਸਰੀ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਵਿਅਕਤੀਆਂ ਦੀਆਂ ਤਸਵੀਰਾਂ ਅਤੇ ਜਾਣਕਾਰੀ ਜਨਤਕ ਕਰਨਾ ਚੱਲ ਰਹੀ ਜਾਂਚ ਵਿਚ ਗਵਾਹਾਂ, ਪੀੜਤਾਂ ਜਾਂ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਲਈ ਜ਼ਰੂਰੀ ਸੀ। ਇਸੇ ਮਾਮਲੇ ਦੇ ਸਬੰਧ ਵਿਚ ਪੁਲਿਸ ਨੇ 27 ਸਾਲਾ ਜਸਕਰਨ ਸਰੋਏ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਰਿਹਾਇਸ਼ੀ ਇਲਾਕੇ ‘ਚ ਗੋਲੀਬਾਰੀ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ ਅਤੇ ਉਹ ਇਸ ਵੇਲੇ ਕੈਨੇਡਾ ਪੁਲਿਸ ਦੀ ਹਿਰਾਸਤ ਵਿਚ ਹੈ। ਸਰੀ ਪੁਲਿਸ ਦੇ ਚੀਫ ਕਾਂਸਟੇਬਲ ਨੌਰਮ ਲਿਪਿੰਸਕੀ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਗੰਨ ਵਾਇਲੈਂਸ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਉਣ ਲਈ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
