-ਅੱਠ ਨਗਰ ਨਿਗਮ, 75 ਨਗਰ ਕੌਂਸਲ ਅਤੇ 21 ਨਗਰ ਪ੍ਰੀਸ਼ਦ ਲਈ 26 ਮਈ ਨੂੰ ਹੋਵੇਗੀ ਵੋਟਿੰਗ ਅਤੇ 29 ਨੂੰ ਆਉਣਗੇ ਨਤੀਜੇ
ਚੰਡੀਗੜ੍ਹ, 20 ਮਈ (ਪੰਜਾਬ ਮੇਲ)- ਪੰਜਾਬ ਵਿਚ 26 ਮਈ ਨੂੰ ਹੋਣ ਵਾਲੀਆਂ ਅੱਠ ਨਗਰ ਨਿਗਮ, 75 ਨਗਰ ਕੌਂਸਲ ਅਤੇ 21 ਨਗਰ ਪ੍ਰੀਸ਼ਦ ਦੀਆਂ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ। ਇਨ੍ਹਾਂ ਚੋਣਾਂ ਲਈ ਕੁੱਲ 7623 ਉਮੀਦਵਾਰ ਚੋਣ ਮੈਦਾਨ ਵਿਚ ਨਿੱਤਰ ਗਏ ਹਨ। ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਦੇ ਵੋਟਰਾਂ ਵੱਲੋਂ 26 ਮਈ ਨੂੰ ਕੀਤਾ ਜਾਵੇਗਾ। ਇਸ ਸਬੰਧੀ ਨਤੀਜੇ 29 ਮਈ ਨੂੰ ਆਉਣਗੇ।
ਪੰਜਾਬ ਰਾਜ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚ 8 ਨਗਰ ਨਿਗਮ ਦੀਆਂ ਚੋਣਾਂ ਲਈ 1613 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ, ਜਦੋਂ ਕਿ ਬੀਤੇ ਦਿਨੀਂ 386 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਸਨ। ਨਗਰ ਨਿਗਮ ਦੀ ਚੋਣ ਦੌਰਾਨ ਹੁਣ ਤੱਕ ਚਾਰ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਨਗਰ ਕੌਂਸਲ ਦੀ ਚੋਣ ਦੌਰਾਨ ਕੁੱਲ 5144 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਬੀਤੇ ਦਿਨੀਂ 1695 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਸਨ।
ਨਗਰ ਕੌਂਸਲ ਦੀ ਚੋਣ ਦੌਰਾਨ 41 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਇਸੇ ਤਰ੍ਹਾਂ ਨਗਰ ਪ੍ਰੀਸ਼ਦ ਦੀ ਚੋਣ ਵਿਚ 866 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਬੀਤੇ ਦਿਨੀਂ 312 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਸਨ ਅਤੇ 28 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ।
ਪੰਜਾਬ ਰਾਜ ਚੋਣ ਕਮਿਸ਼ਨ ਅਨੁਸਾਰ ਪੰਜਾਬ ਵਿਚ ਮਿਉਂਸੀਪਲ ਚੋਣਾਂ ਲਈ 10800 ਦੇ ਕਰੀਬ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਦੋਂਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 10096 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ। ਇਸ ਤੋਂ ਬਾਅਦ ਸੂਬੇ ਭਰ ਵਿਚ 2393 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ, ਹੁਣ ਅਖੀਰ ਵਿਚ 7623 ਉਮੀਦਵਾਰ ਚੋਣ ਮੈਦਾਨ ਵਿਚ ਨਿਤਰੇ ਹੋਏ ਹਨ।
ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚੋਂ 79 ਉਮੀਦਵਾਰ ਬਿਨਾਂ ਕਿਸੇ ਮੁਕਾਬਲੇ ਦੇ ਨਿਰਵਿਰੋਧ (ਬਿਨਾਂ ਮੁਕਾਬਲਾ) ਚੁਣੇ ਗਏ ਹਨ। ਬਿਨਾਂ ਮੁਕਾਬਲਾ ਜਿੱਤ ਹਾਸਲ ਕਰਨ ਵਾਲੇ ਇਨ੍ਹਾਂ ਉਮੀਦਵਾਰਾਂ ਵਿਚੋਂ ਵੱਡੀ ਗਿਣਤੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨਾਲ ਸਬੰਧਤ ਦੱਸੀ ਜਾ ਰਹੀ ਹੈ।
ਸਟੇਟ ਇਲੈਕਸ਼ਨ ਕਮਿਸ਼ਨ ਤੋਂ ਮਿਲੀ ਅਧਿਕਾਰਤ ਜਾਣਕਾਰੀ ਅਨੁਸਾਰ, ਨਾਮਜ਼ਦਗੀਆਂ ਵਾਪਸ ਲੈਣ ਦੇ ਤੈਅ ਸਮੇਂ ਦੌਰਾਨ ਕੁੱਲ 2,393 ਉਮੀਦਵਾਰਾਂ ਨੇ ਚੋਣ ਮੈਦਾਨ ਵਿਚੋਂ ਆਪਣੇ ਪੈਰ ਪਿੱਛੇ ਖਿੱਚ ਲਏ ਹਨ। ਅਗਲੀਆਂ ਵਿਧਾਨ ਸਭਾ ਚੋਣਾਂ ਦੇ ਬਹੁਤ ਨਜ਼ਦੀਕ ਹੋਣ ਕਾਰਨ ਇਨ੍ਹਾਂ ਨਿਗਮ ਤੇ ਕੌਂਸਲ ਚੋਣਾਂ ਨੂੰ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਕਾਰ ਦਾ ਸਵਾਲ ਬਣਾ ਕੇ ਪੂਰੀ ਤਾਕਤ ਨਾਲ ਲੜਿਆ ਜਾ ਰਿਹਾ ਹੈ।
ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ, ਸਭ ਤੋਂ ਵੱਧ ਨਿਰਵਿਰੋਧ ਜੇਤੂ ਉਮੀਦਵਾਰ 75 ਮਿਊਂਸੀਪਲ ਕੌਂਸਲਾਂ ਵਿਚੋਂ ਸਾਹਮਣੇ ਆਏ ਹਨ, ਜਿੱਥੇ 47 ਉਮੀਦਵਾਰਾਂ ਦੇ ਸਾਹਮਣੇ ਕੋਈ ਵਿਰੋਧੀ ਖੜ੍ਹਾ ਨਹੀਂ ਹੋਇਆ। ਇਸੇ ਤਰ੍ਹਾਂ 21 ਨਗਰ ਪੰਚਾਇਤਾਂ ਵਿਚ 28 ਉਮੀਦਵਾਰ ਬਿਨਾਂ ਮੁਕਾਬਲਾ ਜਿੱਤੇ ਹਨ, ਜਦੋਂ ਕਿ 8 ਨਗਰ ਨਿਗਮਾਂ (ਮਿਊਂਸੀਪਲ ਕਾਰਪੋਰੇਸ਼ਨਾਂ) ਵਿਚ ਸਿਰਫ਼ 4 ਉਮੀਦਵਾਰ ਹੀ ਨਿਰਵਿਰੋਧ ਚੁਣੇ ਜਾ ਸਕੇ ਹਨ।
ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਮਿਊਂਸੀਪਲ ਚੋਣਾਂ ਨੂੰ ਭਾਰਤ ਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਇਨ੍ਹਾਂ ਚੋਣਾਂ ਦੌਰਾਨ ਕਿਸੇ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪੰਜਾਬ ਮਿਊਂਸਪਲ ਚੋਣਾਂ: ਹਜ਼ਾਰਾਂ ਉਮੀਦਵਾਰ ਚੋਣ ਮੈਦਾਨ ਵਿਚ ਨਿੱਤਰੇ

