#INDIA

ਵਿਦੇਸ਼ ਮੰਤਰਾਲੇ ਵੱਲੋਂ ਦਿੱਲੀ ਅੱਗ ਹਾਦਸੇ ‘ਚ 13 ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋਣ ਦੀ ਪੁਸ਼ਟੀ

ਨਵੀਂ ਦਿੱਲੀ, 5 ਜੂਨ (ਪੰਜਾਬ ਮੇਲ)- ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਪੁਸ਼ਟੀ ਕੀਤੀ ਹੈ ਕਿ ਇਸ ਹਫ਼ਤੇ ਦੇ ਸ਼ੁਰੂ ਵਿਚ ਦਿੱਲੀ ਦੇ ਮਾਲਵੀਆ ਨਗਰ ਇਲਾਕੇ ਦੇ ਇੱਕ ਹੋਟਲ ਦੀ ਇਮਾਰਤ ਵਿਚ ਲੱਗੀ ਭਿਆਨਕ ਅੱਗ ਦੌਰਾਨ ਮਾਰੇ ਗਏ ਲੋਕਾਂ ਵਿਚ 13 ਵਿਦੇਸ਼ੀ ਨਾਗਰਿਕ ਸ਼ਾਮਲ ਸਨ। ਮੰਤਰਾਲੇ ਨੇ ਕਿਹਾ ਕਿ ਉਹ ਦੂਤਾਵਾਸਾਂ ਅਤੇ ਪੀੜਤਾਂ ਦੇ ਪਰਿਵਾਰਾਂ ਦੇ ਸੰਪਰਕ ਵਿਚ ਹੈ।
ਹਫ਼ਤਾਵਾਰੀ ਮੀਡੀਆ ਬ੍ਰੀਫਿੰਗ (ਪੱਤਰਕਾਰ ਸੰਮੇਲਨ) ਨੂੰ ਸੰਬੋਧਨ ਕਰਦਿਆਂ, ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਸਰਕਾਰ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ।
ਜੈਸਵਾਲ ਨੇ ਕਿਹਾ, ”ਇਸ ਘਟਨਾ ਵਿਚ 13 ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋਈ ਹੈ। ਅਸੀਂ ਇਸ ਘਟਨਾ ਉੱਤੇ ਆਪਣੀ ਹਮਦਰਦੀ ਪ੍ਰਗਟ ਕਰਦੇ ਹਾਂ। ਅਸੀਂ ਇਨ੍ਹਾਂ ਸਾਰੇ ਦੇਸ਼ਾਂ ਦੇ ਦੂਤਾਵਾਸਾਂ ਦੇ ਸੰਪਰਕ ਵਿਚ ਹਾਂ ਅਤੇ ਉਨ੍ਹਾਂ ਦੀ ਉਸੇ ਤਰੀਕੇ ਨਾਲ ਮਦਦ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ, ਜਿਸ ਤਰ੍ਹਾਂ ਉਹ ਚਾਹੁੰਦੇ ਹਨ।”
ਵਿਦੇਸ਼ ਮੰਤਰਾਲੇ ਦੇ ਅਨੁਸਾਰ, ਮਾਰੇ ਗਏ ਵਿਦੇਸ਼ੀ ਨਾਗਰਿਕਾਂ ਵਿੱਚ ਮੋਜ਼ੰਬੀਕ, ਲਾਇਬੇਰੀਆ, ਉਜ਼ਬੇਕਿਸਤਾਨ, ਡੈਮੋਕ੍ਰੇਟਿਕ ਰਿਪਬਲਿਕ ਆਫ਼ ਕਾਂਗੋ, ਬੰਗਲਾਦੇਸ਼ ਅਤੇ ਇਰਾਕ ਤੋਂ ਇੱਕ-ਇੱਕ, ਨਾਈਜੀਰੀਆ ਤੋਂ ਚਾਰ ਅਤੇ ਕਿਰਗਿਜ਼ਸਤਾਨ ਤੋਂ ਤਿੰਨ ਨਾਗਰਿਕ ਸ਼ਾਮਲ ਸਨ।
ਜੈਸਵਾਲ ਨੇ ਦੱਸਿਆ ਕਿ ਇਸ ਅੱਗ ਹਾਦਸੇ ਵਿਚ ਕਰੀਬ 22 ਵਿਦੇਸ਼ੀ ਨਾਗਰਿਕ ਜ਼ਖ਼ਮੀ ਵੀ ਹੋਏ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।