#INDIA

ਜੀ-7 ਸਿਖਰ ਸੰਮੇਲਨ: 16 ਮਹੀਨਿਆਂ ਬਾਅਦ ਪ੍ਰਧਾਨ ਮੰਤਰੀ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਹੋਈ ਮੁਲਾਕਾਤ

ਨਵੀਂ ਦਿੱਲੀ/ਏਵੀਅਨ, 17 ਜੂਨ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਮੰਗਲਵਾਰ ਨੂੰ ਫਰਾਂਸ ਦੇ ਏਵੀਅਨ ਪਹੁੰਚੇ। ਇਸ ਦੌਰਾਨ ਗਰੁੱਪ ਆਫ ਸੈਵਨ (ਜੀ-7) ਦੇ ਮੈਂਬਰ ਦੇਸ਼ਾਂ ਦੇ ਮੁਖੀਆਂ ਅਤੇ ਮਹਿਮਾਨ ਦੇਸ਼ਾਂ ਦੇ ਰਾਸ਼ਟਰ ਮੁਖੀਆਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਪ੍ਰਧਾਨ ਮੰਤਰੀ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੀ ਮੁਲਾਕਾਤ ਵੀ ਹੋਈ।
ਮੋਦੀ ਅਤੇ ਟਰੰਪ ਨੇ ਕਰੀਬ 5 ਮਿੰਟ ਤੱਕ ਆਪਸ ਵਿਚ ਗੱਲਬਾਤ ਕੀਤੀ। ਇਸ ਦੌਰਾਨ ਦੋਵੇਂ ਆਗੂ ਇਕੱਠੇ ਬੈਠੇ ਨਜ਼ਰ ਆਏ। ਇਹ 16 ਮਹੀਨਿਆਂ ਬਾਅਦ ਦੋਵਾਂ ਆਗੂਆਂ ਦੀ ਪਹਿਲੀ ਮੁਲਾਕਾਤ ਸੀ। ਇਸ ਤੋਂ ਪਹਿਲਾਂ ਦੋਵਾਂ ਦੀ ਆਖਰੀ ਮੁਲਾਕਾਤ ਫਰਵਰੀ 2025 ਵਿਚ ਵ੍ਹਾਈਟ ਹਾਊਸ ਵਿਚ ਹੋਈ ਸੀ।
ਜਾਣਕਾਰੀ ਅਨੁਸਾਰ ਮੋਦੀ ਅਤੇ ਟਰੰਪ ਟਰੇਡ ਡੀਲ ਸਬੰਧੀ ਵੀ ਗੱਲਬਾਤ ਕਰ ਸਕਦੇ ਹਨ। ਇਸ ਦੌਰਾਨ ਭਾਰਤ-ਅਮਰੀਕਾ ਵਪਾਰ ਸਮਝੌਤੇ, ਟੈਰਿਫ, ਨਿਵੇਸ਼ ਅਤੇ ਦੋਵੇਂ ਦੇਸ਼ਾਂ ਵਿਚਾਲੇ ਰਣਨੀਤਕ ਭਾਈਵਾਲੀ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।
ਦੋਵੇਂ ਦੇਸ਼ਾਂ ਵਿਚਕਾਰ ਲੰਬੇ ਸਮੇਂ ਤੋਂ ਪ੍ਰਸਤਾਵਿਤ ਵਪਾਰ ਸਮਝੌਤੇ ਨੂੰ ਲੈ ਕੇ ਵੀ ਗੱਲਬਾਤ ਹੋ ਸਕਦੀ ਹੈ। ਇਸ ਮੀਟਿੰਗ ਨੂੰ ਭਾਰਤ-ਅਮਰੀਕਾ ਸਬੰਧਾਂ ਲਈ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਨਾਲ ਵਪਾਰ ਅਤੇ ਨਿਵੇਸ਼ ਦੇ ਖੇਤਰ ਵਿਚ ਨਵੇਂ ਮੌਕੇ ਖੁੱਲ੍ਹਣ ਦੀ ਉਮੀਦ ਹੈ।
ਇਸ ਤੋਂ ਪਹਿਲਾਂ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ 52ਵੇਂ ਜੀ-7 ਸਿਖਰ ਸੰਮੇਲਨ ਦਾ ਰਸਮੀ ਉਦਘਾਟਨ ਕੀਤਾ ਸੀ। ਇਸ ਸੰਮੇਲਨ ਵਿਚ ਦੁਨੀਆਂ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਦੇ ਨੇਤਾ ਵਿਸ਼ਵ ਪੱਧਰ ਦੇ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰ ਰਹੇ ਹਨ।