ਅੰਮ੍ਰਿਤਸਰ, 17 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਘਟਨਾਕ੍ਰਮ ਤੋਂ ਤੁਰੰਤ ਬਾਅਦ ਅੰਤ੍ਰਿੰਗ ਕਮੇਟੀ ਦੀ ਉਚੇਚੀ ਮੀਟਿੰਗ 20 ਜੂਨ ਨੂੰ ਸੱਦ ਲਈ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਵੇਲੇ ਅਮਰੀਕਾ ਦੌਰੇ ‘ਤੇ ਹਨ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਚ 20 ਜੂਨ ਨੂੰ ਦੁਪਹਿਰ 12 ਵਜੇ ਬੁਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਕੱਤਰਤਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰ ਸਾਹਿਬਾਨ ਨੂੰ ਪੱਤਰ ਭੇਜ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ ਸੀ, ਜਿਸ ਵਿਚ ਬੇਅਦਬੀ ਐਕਟ ਮਾਮਲੇ ਵਿਚ ਪੰਜਾਬ ਸਰਕਾਰ ਦੀ ਕੈਬਨਿਟ ਦੇ ਸਿੱਖ ਮੰਤਰੀ ਅਤੇ ਵਿਧਾਨ ਸਭਾ ਦੇ ਸਿੱਖ ਵਿਧਾਇਕਾਂ ਨੂੰ 29 ਜੂਨ ਨੂੰ ਸ੍ਰੀ ਅਕਾਲ ਤਖਤ ਵਿਖੇ ਤਲਬ ਕੀਤਾ ਗਿਆ ਹੈ। ਇੱਕ ਇਤਰਾਜ਼ਯੋਗ ਵੀਡੀਓ ਦੇ ਮਾਮਲੇ ‘ਚ ਭਗਵੰਤ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਵਿਰੋਧੀ ਕਰਾਰ ਦਿੱਤਾ ਗਿਆ। ਸਿੱਖ ਸੰਗਤ ਨੂੰ ਉਸ ਨਾਲ ਸਹਿਯੋਗ ਨਾ ਕਰਨ ਦੇ ਵੀ ਆਦੇਸ਼ ਦਿੱਤੇ ਗਏ ਹਨ।
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 20 ਜੂਨ ਨੂੰ

