-19 ਜੁਲਾਈ ਤੋਂ ‘ਧਰਮ ਯੁੱਧ ਮੋਰਚਾ’ ਸ਼ੁਰੂ ਕਰਨ ਦਾ ਐਲਾਨ
ਚੰਡੀਗੜ੍ਹ, 18 ਜੂਨ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਸੰਘਰਸ਼ ਦਾ ਰਾਹ ਅਖਤਿਆਰ ਕਰ ਲਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਗਵੰਤ ਮਾਨ ਨੂੰ ਗੁਰੂ ਦੋਖੀ ਤੇ ਪੰਥ ਦੋਖੀ ਕਰਾਰਿਆ ਹੈ, ਜਿਸ ਲਈ ਉਸ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ‘ਆਪ’ ਨੂੰ ਚਿਤਾਵਨੀ ਦਿੱਤੀ ਕਿ ਜੇਕਰ ‘ਆਪ’ ਨੇ ਇਕ ਮਹੀਨੇ ਵਿਚ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਨਾ ਹਟਾਇਆ, ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ 19 ਜੁਲਾਈ ਤੋਂ ‘ਧਰਮ ਯੁੱਧ ਮੋਰਚਾ’ ਸ਼ੁਰੂ ਕੀਤਾ ਜਾਵੇਗਾ।
ਇਹ ਐਲਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਲਈ ਸਾਰੀਆਂ ਸਿੱਖ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਸਾਰੀਆਂ ਸਿੱਖ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਭਗਵੰਤ ਮਾਨ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ।
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇੱਕ ਸਾਲ ਤੋਂ ਜਨਤਕ ਖੇਤਰ ਵਿਚ ਮੌਜੂਦ ਵੀਡੀਓ ਬਿਲਕੁਲ ਸੱਚੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਮੁੱਖ ਮੰਤਰੀ ਨੇ ਇਸ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨਾਲ ਤਿਆਰ ਕੀਤੀ ਫਰਜ਼ੀ ਵੀਡੀਓ ਦੱਸਿਆ ਸੀ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੇਸ਼ ਦੀਆਂ ਦੋ ਪ੍ਰਮੁੱਖ ਫੋਰੈਂਸਿਕ ਲੈਬਾਰਟਰੀਆਂ ਤੋਂ ਕਰਵਾਈ ਗਈ ਜਾਂਚ ਵਿਚ ਇਸ ਵੀਡੀਓ ਦੇ ਅਸਲੀ ਹੋਣ ਦੀ ਪੁਸ਼ਟੀ ਹੋਈ ਹੈ। ਪਰ ਮੁੱਖ ਮੰਤਰੀ ਦੋ ਲੈਬਾਰਟਰੀਆਂ ਦੀਆਂ ਰਿਪੋਰਟਾਂ ਦੇ ਆਧਾਰ ‘ਤੇ ਦਾਅਵਾ ਕਰ ਰਹੇ ਹਨ, ਕਿ ਵੀਡੀਓ ਵਿਚ ਉਹ ਨਹੀਂ ਹਨ। ਉਨ੍ਹਾਂ ਸਵਾਲ ਚੁੱਕਿਆ ਕਿ ਜੇਕਰ ਮੁੱਖ ਮੰਤਰੀ ਬੇਕਸੂਰ ਸਨ, ਤਾਂ ਉਨ੍ਹਾਂ ਨੇ ਚੰਡੀਗੜ੍ਹ ਸਥਿਤ ਕੇਂਦਰੀ ਫੋਰੈਂਸਿਕ ਲੈਬਾਰਟਰੀ ਤੋਂ ਇਸ ਦੀ ਜਾਂਚ ਕਿਉਂ ਨਹੀਂ ਕਰਵਾਈ? ਉਨ੍ਹਾਂ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੀ ਬੇਗੁਨਾਹੀ ਸਾਬਤ ਕਰਨ ਲਈ ‘ਲਾਈ ਡਿਟੈਕਟਰ ਟੈਸਟ’ ਕਰਾਉਣ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕ ਮਹੀਨੇ ‘ਚ ਮੁੱਖ ਮੰਤਰੀ ਮਾਨ ਨੂੰ ਹਟਾਉਣ ਦੀ ਮੰਗ

