ਅੰਮ੍ਰਿਤਸਰ, 5 ਜੁਲਾਈ (ਪੰਜਾਬ ਮੇਲ)- ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੰਥਕ ਇਕੱਠ ਨੇ ਇੱਕ ਮਤਾ ਪਾਸ ਕਰਕੇ ਸ੍ਰੀ ਅਕਾਲ ਤਖਤ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਦੋਖੀ ਕਰਾਰ ਦੇਣ ਦੇ ਗੁਰਮਤੇ ਨੂੰ ਗੁਰੂ ਪੰਥ ਦੀ ਸਾਂਝੀ ਆਵਾਜ਼ ਕਰਾਰ ਦਿੱਤਾ ਹੈ। ਮਤੇ ਵਿੱਚ ਆਖਿਆ ਗਿਆ ਹੈ ਕਿ ਭਗਵੰਤ ਮਾਨ ਵੱਲੋਂ ਸਿੱਖ ਸਿਧਾਂਤਾਂ ਅਤੇ ਮਰਿਆਦਾ ਦਾ ਨਿਰਾਦਰ ਕੀਤਾ ਜਾ ਰਿਹਾ ਹੈ, ਜੋ ਕਿ ਨਿੰਦਨਯੋਗ ਹੈ। ਉਹਨਾਂ ਆਖਿਆ ਕਿ ਹੋਰ ਵੀ ਚਿੰਤਾ ਦਾ ਵਿਸ਼ਾ ਹੈ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਆਪਣੀ ਗਲਤੀ ਸਵੀਕਾਰ ਕਰਨ ਦੀ ਥਾਂ ਸ੍ਰੀ ਅਕਾਲ ਤਖਤ ਦੀ ਸਰਵਉਚਤਾ ਨੂੰ ਚੁਣੌਤੀ ਦੇ ਰਹੇ ਹਨ। ਮਤੇ ਵਿੱਚ ਆਖਿਆ ਗਿਆ ਹੈ ਕਿ ਸ੍ਰੀ ਅਕਾਲ ਤਖਤ ਦੇ ਆਦੇਸ਼ ਨੂੰ ਮੰਨਣਾ ਹਰ ਸਿੱਖ ਦਾ ਧਾਰਮਿਕ ਤੇ ਕੌਮੀ ਫਰਜ਼ ਹੈ। ਸ੍ਰੀ ਅਕਾਲ ਤਖਤ ਦੇ ਸਰਵਉੱਚਤਾ ਨੂੰ ਕਿਸੇ ਵੀ ਰਾਜਸੀ ਤਾਕਤ, ਸਰਕਾਰ ਜਾਂ ਵਿਅਕਤੀ ਵੱਲੋਂ ਚੁਣੌਤੀ ਦੇਣਾ ਖਾਲਸਾ ਪੰਥ ਦੀਆਂ ਪਰੰਪਰਾਵਾਂ ਅਤੇ ਗੁਰੂ ਸਾਹਿਬ ਵੱਲੋਂ ਬਖਸ਼ੀ ਮਰਿਆਦਾ ਦੇ ਉਲਟ ਹੈ, ਜਿਸ ਨੂੰ ਸਿੱਖ ਕੌਮ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕਰੇਗੀ।
ਦੱਸ ਦਈਏ ਕਿ ਵਾਇਰਲ ਵਿਵਾਦਤ ਵੀਡੀਓ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਇੱਥੇ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੱਦਿਆ ਗਿਆ ਪੰਥਕ ਇਕੱਠ ਅੱਜ ਸਵੇਰੇ ਲਗਭਗ 11 ਵਜੇ ਸ਼ੁਰੂ ਹੋ ਗਿਆ ਸੀ। ਇਸ ਅਹਿਮ ਇਕੱਠ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਇਸ ਪੰਥਕ ਇਕੱਠ ਦੌਰਾਨ, ਵਾਇਰਲ ਵਿਵਾਦਤ ਵੀਡੀਓ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਸੁਣਾਏ ਗਏ ਫ਼ੈਸਲੇ ਦੀ ਰੋਸ਼ਨੀ ਵਿੱਚ ਹੀ ਪੰਥਕ ਜਥੇਬੰਦੀਆਂ ਵੱਲੋਂ ਮੁੜ ਪਹਿਲੇ ਮਤੇ ਉੱਤੇ ਹੀ ਮੋਹਰ ਲਗਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਏ ਇਸ ਪੰਥਕ ਇਕੱਠ ਵਿੱਚ, ਜਥੇਬੰਦੀਆਂ ਵੱਲੋਂ ਦਿੱਤੇ ਗਏ ਵਿਚਾਰਾਂ ਦੇ ਆਧਾਰ ’ਤੇ ਵਾਇਰਲ ਵਿਵਾਦਤ ਵੀਡੀਓ ਮਾਮਲੇ ਵਿੱਚ ਕੋਈ ਸਾਂਝੀ ਰਾਏ ਕਾਇਮ ਕੀਤੀ ਗਈ।
ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਪੰਥ ਵਿਰੋਧੀ’ ਕਰਾਰ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਨੇ ਸਿੱਖ ਸੰਗਤ ਨੂੰ ਭਗਵੰਤ ਸਿੰਘ ਮਾਨ ਦਾ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਨਾ ਕਰਨ ਦਾ ਆਦੇਸ਼ (ਹੁਕਮਨਾਮਾ) ਵੀ ਜਾਰੀ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਨ੍ਹਾਂ ਆਦੇਸ਼ਾਂ ਨੂੰ ਦਰਸਾਉਂਦੇ ਹੋਏ ਵੱਖ-ਵੱਖ ਗੁਰਦੁਆਰਿਆਂ ਵਿੱਚ ਫਲੈਕਸ ਬੋਰਡ ਵੀ ਲਾਏ ਗਏ ਹਨ।
ਇਸੇ ਦੌਰਾਨ ਬੀਤੇ ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੁਝ ਸਿੱਖ ਨੌਜਵਾਨਾਂ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਮੱਥਾ ਟੇਕਣ ਪੁੱਜੇ ਸ਼ਰਧਾਲੂਆਂ ਨੂੰ ਰੋਕਿਆ ਗਿਆ ਸੀ। ਉਨ੍ਹਾਂ ਦੇ ਗਲਾਂ ਵਿੱਚ ਲਟਕ ਰਹੇ ਮੁੱਖ ਮੰਤਰੀ ਦੀ ਤਸਵੀਰ ਵਾਲੇ ਸ਼ਨਾਖਤੀ ਕਾਰਡਾਂ (ID Cards) ’ਤੇ ਇਤਰਾਜ਼ ਜਤਾਉਂਦਿਆਂ ਨੌਜਵਾਨਾਂ ਨੇ ਉਹ ਕਾਰਡ ਤੁਰੰਤ ਉਤਾਰਨ ਵਾਸਤੇ ਆਖਿਆ ਸੀ।
ਜ਼ਿਕਰਯੋਗ ਹੈ ਕਿ ਇਸ ਵਿਵਾਦਤ ਵੀਡੀਓ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੇਸ਼ ਦੀਆਂ ਦੋ ਨਾਮਵਰ ਫੋਰੈਂਸਿਕ ਲੈਬਾਰਟਰੀਆਂ ਤੋਂ ਬਾਰੀਕੀ ਨਾਲ ਜਾਂਚ ਕਰਵਾਈ ਗਈ ਸੀ। ਲੈਬ ਦੀ ਫੋਰੈਂਸਿਕ ਰਿਪੋਰਟ ਮੁਤਾਬਕ ਇਨ੍ਹਾਂ ਵੀਡੀਓਜ਼ ਨਾਲ ਕੋਈ ਛੇੜਛਾੜ (ਟੈਂਪਰਿੰਗ) ਨਹੀਂ ਕੀਤੀ ਹੋਈ ਸੀ ਅਤੇ ਨਾ ਹੀ ਇਹ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨਾਲ ਤਿਆਰ ਕੀਤੀਆਂ ਡੀਪਫੇਕ ਵੀਡੀਓ ਸਨ। ਇਹ ਲੈਬ ਰਿਪੋਰਟ ਆਉਣ ਤੋਂ ਬਾਅਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ਇਸ ਸਬੰਧੀ ਸਖ਼ਤ ਧਾਰਮਿਕ ਕਾਰਵਾਈ ਕੀਤੀ ਗਈ ਸੀ।
ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਨ੍ਹਾਂ ਵਿਵਾਦਤ ਵੀਡੀਓਜ਼ ਨੂੰ ਪੂਰੀ ਤਰ੍ਹਾਂ ਝੂਠੀਆਂ, ਮਨਘੜਤ ਅਤੇ ਗਲਤ ਦੱਸ ਰਹੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਇਸ ਵੀਡੀਓ ਵਿੱਚ ਨਜ਼ਰ ਆ ਰਿਹਾ ਵਿਅਕਤੀ ਉਹ ਖ਼ੁਦ ਨਹੀਂ ਹਨ, ਸਗੋਂ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਫਿਲਹਾਲ, ਇਹ ਵਾਇਰਲ ਵੀਡੀਓ ਦਾ ਮਾਮਲਾ ਇਸ ਵੇਲੇ ਪੰਜਾਬ ਦੀ ਸਿਆਸਤ ਅਤੇ ਪੰਥਕ ਹਲਕਿਆਂ ਵਿੱਚ ਇੱਕ ਵੱਡਾ ਭਖਦਾ ਮਸਲਾ ਬਣਿਆ ਹੋਇਆ ਹੈ।

