#PUNJAB

ਖਨੌਰੀ ਸਰਹੱਦ ਵਾਲਾ ਕਿਸਾਨ ਧਰਨਾ ਮੁਲਤਵੀ, 4 ਸਤੰਬਰ ਨੂੰ ਕੇਂਦਰੀ ਮੰਤਰੀ ਨਾਲ ਮੀਟਿੰਗ

ਚੰਡੀਗੜ੍ਹ, 20 ਅਗਸਤ (ਪੰਜਾਬ ਮੇਲ)- ਖਨੌਰੀ–ਦਾਤਾ ਸਿੰਘਵਾਲਾ ਸਰਹੱਦ ਉੱਤੇ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਦੀ ਅਗਵਾਈ ਹੇਠ ਚੱਲ ਰਿਹਾ ਕਿਸਾਨ ਧਰਨਾ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਹਰਿਆਣਾ ਸਰਕਾਰ ਦੇ ਅਧਿਕਾਰੀਆਂ ਵੱਲੋਂ ਕਿਸਾਨ ਆਗੂਆਂ ਦੀਆਂ ਮੰਗਾਂ ਬਾਰੇ ਕੇਂਦਰੀ ਬਿਜਲੀ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨਾਲ 4 ਸਤੰਬਰ ਨੂੰ ਦਿੱਲੀ ਵਿੱਚ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ।

ਕਿਸਾਨਾਂ ਨੇ 16 ਅਗਸਤ ਨੂੰ ਖਨੌਰੀ ਸਰਹੱਦ ਤੋਂ ਦਿੱਲੀ ਤੱਕ 228 ਕਿਲੋਮੀਟਰ ਲੰਬੀ ‘ਕਿਸਾਨ ਬਚਾਓ ਪਦਯਾਤਰਾ’ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਇਸ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ 51 ਕਿਸਾਨਾਂ ਨੇ ਸ਼ਾਮਲ ਹੋਣਾ ਸੀ, ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਸਰਹੱਦ ਉੱਤੇ ਰੋਕ ਦਿੱਤਾ। ਇਸ ਮਗਰੋਂ ਕਿਸਾਨਾਂ ਨੇ ਉੱਥੇ ਹੀ ਪੱਕਾ ਧਰਨਾ ਲਾ ਦਿੱਤਾ ਸੀ।

ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਮਨੋਹਰ ਲਾਲ ਨਾਲ ਹੋਣ ਵਾਲੀ ਮੀਟਿੰਗ ਵਿੱਚ ਕਿਸਾਨਾਂ ਦੇ ਸਾਰੇ ਮੁੱਦੇ ਉਠਾਏ ਜਾਣਗੇ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਵੀ ਮੀਟਿੰਗ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸਰਕਾਰੀ ਭਰੋਸੇ ਤੋਂ ਬਾਅਦ ਧਰਨਾ ਮੁਲਤਵੀ ਕਰਨ ਦਾ ਐਲਾਨ ਕੀਤਾ।

ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤੇ ਤੋਂ ਖੇਤੀਬਾੜੀ, ਡੇਅਰੀ, ਪੋਲਟਰੀ ਅਤੇ ਮੱਛੀ ਪਾਲਣ ਖੇਤਰਾਂ ਨੂੰ ਬਾਹਰ ਰੱਖਣਾ ਅਤੇ ਸਵਾਮੀਨਾਥਨ ਕਮਿਸ਼ਨ ਦੇ ਸੀ-2 ਪਲੱਸ 50 ਫ਼ੀਸਦੀ ਫਾਰਮੂਲੇ ਅਨੁਸਾਰ ਸਾਰੀਆਂ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ਉੱਤੇ ਸਰਕਾਰੀ ਖ਼ਰੀਦ ਦੀ ਕਾਨੂੰਨੀ ਗਾਰੰਟੀ ਦੇਣਾ ਸ਼ਾਮਲ ਹੈ। ਧਰਨਾ ਮੁਲਤਵੀ ਹੋਣ ਮਗਰੋਂ ਹਰਿਆਣਾ ਪੁਲਿਸ ਨੇ ਸਰਹੱਦ ਉੱਤੇ ਲਾਈਆਂ ਕਈ ਪਰਤਾਂ ਵਾਲੀਆਂ ਰੋਕਾਂ ਹਟਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ।